ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਦੇ ਵਫ਼ਦ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ (ਸਮਾਜ ਵੀਕਲੀ) : ਕਾਂਗਰਸ ਦੇ ਕੌਮੀ ਪ੍ਰਧਾਨ ਦੀ ਚੋਣ ਲਈ ਉਮੀਦਵਾਰ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਕਾਂਗਰਸ ਦੇ ਵਿਧਾਇਕਾਂ ਨੂੰ ਡਰਾ ਧਮਕਾ ਕੇ ਆਪਣੇ ਨਾਲ ਰਲਣ ਲਈ ਮਜਬੂਰ ਕਰ ਰਹੀ ਹੈ ਅਤੇ ਅਜਿਹਾ ਵਰਤਾਰਾ ਰੋਕਣ ਲਈ ਕਾਂਗਰਸ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੇ ਹੋਰਨਾਂ ਸੂਬਿਆਂ ’ਤੇ ਕਾਬਜ਼ ਹੋਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਹ ਅੱਜ ਇੱਥੇ ਸੈਕਟਰ-35 ਕਾਂਗਰਸ ਭਵਨ ’ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਤੇ ਪ੍ਰਧਾਨਗੀ ਦੀ ਚੋਣ ਵਿੱਚ ਸਹਿਯੋਗ ਦੀ ਮੰਗ ਕੀਤੀ।
ਸ੍ਰੀ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪਹਿਲਾਂ ਦੇ ਮੁਕਾਬਲੇ ਵੱਧ ਸੀਟਾਂ ਹਾਸਲ ਕੀਤੀਆਂ ਅਤੇ ਕੁਝ ਸੂਬਿਆਂ ਵਿੱਚ ਬਹੁਮਤ ਹਾਸਲ ਕੀਤਾ ਹੈ। ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਲਿਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ ਨੂੰ ਖਤਮ ਕਰਨ ’ਚ ਲੱਗੀ ਹੋਈ ਹੈ। ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਡਰਾ-ਧਮਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਹੈ, ਜਿਸ ਨੂੰ ਮੁੜ ਕੇਂਦਰ ਵਿੱਚ ਸੱਤਾ ’ਤੇ ਲਿਆਉਣ ਲਈ ਸਾਰਿਆਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ।
ਸ੍ਰੀ ਖੜਗੇ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਕਈ ਥਾਵਾਂ ’ਤੇ ਕਾਰਜਕਾਰਨੀਆਂ ਅਧੂਰੀਆਂ ਹਨ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ 50 ਫ਼ੀਸਦ ਸੀਟਾਂ ’ਤੇ 50 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਦਰਸ਼ ਮਹਾਤਮਾ ਗਾਂਧੀ, ਜਵਾਹਰ ਲਾਲ ਨਹਿਰੂ, ਡਾ. ਭੀਮ ਰਾਓ ਅੰਬੇਡਕਰ ਵਰਗੇ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਭਾਜਪਾ ਜਾਂ ਆਰਐੱਸਐੱਸ ਦੇ ਕਿਸੇ ਆਗੂ ਨੇ ਦੇਸ਼ ਦੀ ਆਜ਼ਾਦੀ ਲਈ ਕੋਈ ਲੜਾਈ ਨਹੀਂ ਲੜੀ ਅਤੇ ਨਾ ਹੀ ਜਾਨਾਂ ਵਾਰੀਆਂ ਹਨ। ਇਸ ਮੌਕੇ ਦੀਪੇਂਦਰ ਹੁੱਡਾ ਨੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਸ੍ਰੀ ਖੜਗੇ ਦੇ ਹੱਕ ਵਿੱਚ ਵੋਟ ਦੇਣ ਦੀ ਅਪੀਲ ਕੀਤੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly