ਚੰਡੀਗੜ੍ਹ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਉਸ ਬਿਆਨ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਰੰਧਾਵਾ ਨੇ ਕਬੂਲ ਕੀਤਾ ਕਿ ਪੰਜਾਬ ’ਚ ਸਿਆਸਤਦਾਨਾਂ ਅਤੇ ਨਸ਼ਾ ਤਸਕਰਾਂ ਦਾ ਗੱਠਜੋੜ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਲੰਬੇ ਸਮੇਂ ਤੋਂ ਦੋਸ਼ ਲਗਾਉਂਦੀ ਰਹੀ ਹੈ ਕਿ ਪੰਜਾਬ ’ਤੇ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂਆਂ ਦਾ ਨਸ਼ਾ ਤਸਕਰਾਂ ਨਾਲ ਆਪਸੀ ਗੱਠਜੋੜ ਹੈ ਅਤੇ ਸਰਕਾਰ ’ਚ ਬੈਠੇ ਮੰਤਰੀ, ਵਿਧਾਇਕ ਨਸ਼ਾ ਤਸਕਰਾਂ ਨੂੰ ਸੁਰੱਖਿਆ ਅਤੇ ਹੱਲਾਸ਼ੇਰੀ ਦੇ ਰਹੇ ਹਨ। ਇਸ ਕਰਕੇ ਪੰਜਾਬ ਵਿੱਚ ਨਸ਼ਿਆਂ ਦਾ ਜਾਲ ਫੈਲਦਾ ਜਾ ਰਿਹਾ ਹੈ, ਹਰ ਦਿਨ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ।
ਇਸ ਮੌਕੇ ਸ੍ਰੀ ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਸਿਆਸਤਦਾਨਾਂ ਤੇ ਨਸ਼ਾ ਤਸਕਰਾਂ ਦੇ ਗੱਠਜੋੜ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀਆਂ ਸਰਕਾਰਾਂ ਜ਼ਿੰਮੇਵਾਰ ਹਨ। ਇਨ੍ਹਾਂ ਸਿਆਸੀ ਪਾਰਟੀਆਂ ਅਤੇ ਆਗੂਆਂ ਨੇ ਸੂਬੇ ’ਚ ਰਾਜ ਕੀਤਾ ਹੈ ਅਤੇ ਹਰ ਤਰ੍ਹਾਂ ਦੇ ਮਾਫ਼ੀਆ ਦੀ ਸਰਪ੍ਰਸਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਪੰਜਾਬ ਵਿੱਚ ਨਸ਼ਾ ਤਸਕਰਾਂ ਨੇ ਪੈਰ ਪਸਾਰੇ ਹੋਏ ਹਨ, ਪਰ ਨਾ ਅਕਾਲੀ ਦਲ ਬਾਦਲ ਅਤੇ ਨਾ ਹੀ ਕਾਂਗਰਸ ਦੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕੋਈ ਕਾਰਵਾਈ ਕੀਤੀ ਹੈ। ਵਿਰੋਧੀ ਧਿਰ ਦੇ ਨੇਤਾ ਨੇ ਸੱਤਾਧਾਰੀ ਆਗੂ ਸੁਖਜਿੰਦਰ ਸਿੰਘ ਰੰਧਾਵਾ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਾਇਆ ਕਿ ਇਨ੍ਹਾਂ ਕਾਂਗਰਸੀਆਂ ਨੇ ਨਾ ਤਾਂ ਨਸ਼ਾ ਤਸਕਰਾਂ ਦਾ ਲੱਕ ਤੋੜਿਆ ਅਤੇ ਨਾ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਤੇ ਸਾਜ਼ਿਸ਼ਕਾਰਾਂ ਨੂੰ ਕੋਈ ਸਜ਼ਾ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨੂੰ ਚੰਗੀ ਤਰ੍ਹਾਂ ਜਾਣ ਚੁੱਕੇ ਹਨ ਅਤੇ ਲੋਕਾਂ ਨੇ ਸਿਆਸਤਦਾਨਾਂ ਤੇ ਨਸ਼ਾ ਤਸਕਰਾਂ ਦੇ ਗੱਠਜੋੜ ਨੂੰ ਤੋੜਨ ਲਈ ‘ਆਪ’ ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ‘ਆਪ’ ਦੀ ਸਰਕਾਰ ਬਣਨ ’ਤੇ ਨਸ਼ਾ, ਰੇਤਾ, ਸ਼ਰਾਬ, ਟਰਾਂਸਪੋਰਟ, ਕੇਬਲ ਅਤੇ ਭੂ-ਮਾਫ਼ੀਆ ਨੂੰ ਖ਼ਤਮ ਕਰੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly