ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਨੇ ਰਾਫ਼ਾਲ ਜੈੱਟਾਂ ਦੀ ਖ਼ਰੀਦ ’ਚ ਹੋਏ ‘ਭ੍ਰਿਸ਼ਟਾਚਾਰ’ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਬਣਾਉਣ ਦੀ ਮੰਗ ਕੀਤੀ ਹੈ। ਪਾਰਟੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਚ ਦਾ ਪਤਾ ਲਾਉਣ ਲਈ ਜਾਂਚ ਦੇ ਹੁਕਮ ਦੇਣ। ਕਾਂਗਰਸ ਨੇ ਫਰਾਂਸੀਸੀ ਖੋਜੀ ਵੈੱਬਸਾਈਟ ਮੀਡੀਆਪਾਰਟ ਵੱਲੋਂ ਰਾਫ਼ਾਲ ਸੌਦੇ ’ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਲਈ ਫਰਾਂਸੀਸੀ ਜੱਜ ਨਿਯੁਕਤ ਕੀਤੇ ਜਾਣ ਦੀ ਖ਼ਬਰ ਨਸ਼ਰ ਕੀਤੇ ਜਾਣ ਮਗਰੋਂ ਇਹ ਮੰਗ ਉਠਾਈ ਹੈ।
ਕਾਂਗਰਸ ਦੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ,‘‘ਰਾਫ਼ਾਲ ਸੌਦੇ ’ਚ ਭ੍ਰਿਸ਼ਟਾਚਾਰ ਹੁਣ ਸਪੱਸ਼ਟ ਤੌਰ ’ਤੇ ਸਾਹਮਣੇ ਆ ਗਿਆ ਹੈ। ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਵੱਲੋਂ ਲਏ ਗਏ ਸਟੈਂਡ ਦੀ ਅੱਜ ਫਰਾਂਸ ਸਰਕਾਰ ਵੱਲੋਂ ਜਾਂਚ ਦੇ ਦਿੱਤੇ ਗਏ ਹੁਕਮਾਂ ਨਾਲ ਪੁਸ਼ਟੀ ਹੋ ਗਈ ਹੈ।’’ ਸ੍ਰੀ ਸੁਰਜੇਵਾਲਾ ਨੇ ਕਿਹਾ ਕਿ ਇਹ ਕੌਮੀ ਸੁਰੱਖਿਆ ਅਤੇ ਪਛਾਣ ਦਾ ਮਾਮਲਾ ਹੈ। ਇਸ ਦੀ ਨਿਰਪੱਖ ਤੇ ਆਜ਼ਾਦ ਜੇਪੀਸੀ ਤੋਂ ਜਾਂਚ ਕਰਾਉਣਾ ਹੀ ਇਕੋ ਇਕ ਰਾਹ ਹੈ ਅਤੇ ਸੁਪਰੀਮ ਕੋਰਟ ਰਾਹੀਂ ਇਸ ਦਾ ਹੱਲ ਨਹੀਂ ਨਿਕਲ ਸਕਦਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਫਰਾਂਸ ਸਰਕਾਰ ਨੇ ਮੰਨ ਲਿਆ ਹੈ ਕਿ ਸੌਦੇ ’ਚ ਭ੍ਰਿਸ਼ਟਾਚਾਰ ਹੋਇਆ ਹੈ ਤਾਂ ਕੀ ਇਸ ਦੀ ਮੁਲਕ ’ਚ ਜੇਪੀਸੀ ਤੋਂ ਜਾਂਚ ਨਹੀਂ ਕਰਵਾਈ ਜਾਣੀ ਚਾਹੀਦੀ ਹੈ ਜਿਥੇ ਭ੍ਰਿਸ਼ਟਾਚਾਰ ਹੋਇਆ ਹੈ। ‘ਇਹ ਮੁੱਦਾ ਕਾਂਗਰਸ ਬਨਾਮ ਭਾਜਪਾ ਨਹੀਂ ਹੈ ਸਗੋਂ ਦੇਸ਼ ਦੀ ਸੁਰੱਖਿਆ ਅਤੇ ਸਭ ਤੋਂ ਵੱਡੇ ਰੱਖਿਆ ਸੌਦੇ ’ਚ ਭ੍ਰਿਸ਼ਟਾਚਾਰ ਨਾਲ ਜੁੜਿਆ ਮੁੱਦਾ ਹੈ।’ ਕਾਂਗਰਸ ਵੱਲੋਂ ਸੰਸਦ ’ਚ ਇਹ ਮੁੱਦਾ ਉਠਾਉਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਹ ਸੰਸਦ ਦੇ ਅੰਦਰ ਅਤੇ ਬਾਹਰ ਭਾਰਤ ਦੀ ਸੁਰੱਖਿਆ ਅਤੇ ਪਛਾਣ ਨਾਲ ਜੁੜਿਆ ਮੁੱਦਾ ਹੈ ਅਤੇ ਪ੍ਰਧਾਨ ਮੰਤਰੀ ਨੂੰ ਜੇਪੀਸੀ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly