ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਕੇਰਨ ਸੈਕਟਰ ਦੇ ਜੰਗਲ ‘ਚ ਸੁਰੱਖਿਆ ਬਲਾਂ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਭੰਡਾਰ ਬਰਾਮਦ ਕੀਤਾ ਹੈ। ਅੱਤਵਾਦੀਆਂ ਨੇ ਅੰਦਰ ਤੱਕ ਹਥਿਆਰ ਅਤੇ ਗੋਲਾ-ਬਾਰੂਦ ਲੁਕਾ ਕੇ ਰੱਖਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਵਿਸ਼ੇਸ਼ ਚੋਣ ਅਬਜ਼ਰਵਰ ਅਤੇ ਖੁਫੀਆ ਏਜੰਸੀ ਵੱਲੋਂ ਸੂਚਿਤ ਕੀਤੇ ਜਾਣ ਤੋਂ ਬਾਅਦ ਭਾਰਤੀ ਫੌਜ ਨੇ ਇਹ ਕਾਰਵਾਈ ਕੀਤੀ। ਮੰਨਿਆ ਜਾ ਰਿਹਾ ਹੈ ਕਿ ਇਹ ਹਥਿਆਰ ਅੱਤਵਾਦੀਆਂ ਦੇ ਆਕਾਵਾਂ ਨੇ ਇਸ ਲਈ ਛੁਪਾਏ ਸਨ ਤਾਂ ਜੋ ਪਾਕਿਸਤਾਨ ਦੇ ਇਸ਼ਾਰੇ ‘ਤੇ ਜੰਮੂ-ਕਸ਼ਮੀਰ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਵਿਘਨ ਪਾਇਆ ਜਾ ਸਕੇ।ਭਾਰਤੀ ਫੌਜ ਦੀ ਚਿਨਾਰ ਕੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਜਾਰੀ ਕੀਤੀ ਇਕ ਪੋਸਟ ‘ਚ ਕਿਹਾ ਕਿ ਖਾਸ ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਕੁਪਵਾੜਾ ਦੇ ਕੇਰਨ ਸੈਕਟਰ ‘ਚ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਨੇ ਸੰਯੁਕਤ ਆਪ੍ਰੇਸ਼ਨ ਚਲਾਇਆ। ਇਸ ਵਿਚ ਕਿਹਾ ਗਿਆ ਹੈ ਕਿ ਇਲਾਕੇ ਦੀ ਤਲਾਸ਼ੀ ਦੌਰਾਨ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਸਮੱਗਰੀ ਦਾ ਵੱਡਾ ਭੰਡਾਰ ਬਰਾਮਦ ਕੀਤਾ ਗਿਆ, ਜਿਸ ਵਿਚ ਏ.ਕੇ. 47 ਕਾਰਤੂਸ, ਹੈਂਡ ਗ੍ਰਨੇਡ, ਆਈਈਡੀ ਬਣਾਉਣ ਵਿਚ ਵਰਤੀ ਜਾਂਦੀ ਸਮੱਗਰੀ ਅਤੇ ਹੋਰ ਚੀਜ਼ਾਂ ਸ਼ਾਮਲ ਹਨ। ਫੌਜ ਨੇ ਕਿਹਾ ਕਿ ਮੌਜੂਦਾ ਸੁਰੱਖਿਆ ਸਥਿਤੀ ਅਤੇ ਆਉਣ ਵਾਲੀਆਂ ਘਟਨਾਵਾਂ ਦੇ ਮੱਦੇਨਜ਼ਰ ਇਹ ਬਰਾਮਦਗੀ ਮਹੱਤਵਪੂਰਨ ਹੈ।ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲੇ ਦੇ ਬਸੰਤਗੜ੍ਹ ਦੇ ਉਪਰਲੇ ਇਲਾਕਿਆਂ ‘ਚ ਹੋਏ ਮੁਕਾਬਲੇ ‘ਚ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਰੇ ਗਏ ਸਨ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਘਟਨਾ ਵਾਲੀ ਥਾਂ ਤੋਂ ਦੋ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜੋ ਪਾਕਿਸਤਾਨ ਦੇ ਮੰਨੇ ਜਾਂਦੇ ਹਨ। ਇਸ ਤੋਂ ਇਲਾਵਾ ਮੌਕੇ ਤੋਂ ਇੱਕ ਐਮ-4 ਕਾਰਬਾਈਨ, ਇੱਕ ਏਕੇ ਰਾਈਫ਼ਲ, ਇੱਕ ਪਿਸਤੌਲ ਅਤੇ ਭਾਰੀ ਮਾਤਰਾ ਵਿੱਚ ਗੋਲਾ ਬਾਰੂਦ ਅਤੇ ਖਾਣ-ਪੀਣ ਦੀਆਂ ਵਸਤੂਆਂ ਬਰਾਮਦ ਕੀਤੀਆਂ ਗਈਆਂ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly