ਵਿਵਾਦਤ ਕਿਤਾਬ: ਸਿੱਖਿਆ ਬੋਰਡ ਅੱਗੇ ਸੂਬਾਈ ਮਹਾ ਰੈਲੀ ਅੱਜ

ਐੱਸ.ਏ.ਐੱਸ. ਨਗਰ (ਮੁਹਾਲੀ) (ਸਮਾਜ ਵੀਕਲੀ):   ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਵਾਦਤ ਇਤਿਹਾਸ ਵਿਸ਼ੇ ਦੀ ਕਿਤਾਬ ਪੜ੍ਹਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਚੱਲ ਰਿਹਾ ਲੜੀਵਾਰ ਧਰਨਾ ਐਤਵਾਰ ਨੂੰ 22ਵੇਂ ਦਿਨ ਵੀ ਜਾਰੀ ਰਿਹਾ। ਇਸੇ ਤਹਿਤ ਭਲਕੇ ਸੋਮਵਾਰ ਨੂੰ ਸੂਬਾ ਪੱਧਰੀ ਮਹਾ ਰੈਲੀ ਕੀਤੀ ਜਾ ਰਹੀ ਹੈ।

ਜਥੇਦਾਰ ਸਿਰਸਾ ਨੇ ਅੱਜ ਧਰਨਾ ਕੈਂਪਸ ਵਿੱਚ ਸਿੱਖਿਆ ਬੋਰਡ ਦੇ ਸਾਬਕਾ ਸਕੱਤਰ ਪ੍ਰੋ. ਹਰਲਾਲ ਸਿੰਘ, ਜਥੇਦਾਰ ਸੰਤੋਖ ਸਿੰਘ, ਗੁਰਨਾਮ ਸਿੰਘ ਸਿੱਧੂ ਸਣੇ ਵੱਖ-ਵੱਖ ਨਿਹੰਗ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ 28 ਫਰਵਰੀ ਨੂੰ ਕੀਤੀ ਜਾ ਰਹੀ ਮਹਾ ਰੈਲੀ ਨੂੰ ਸਫ਼ਲ ਬਣਾਉਣ ਲਈ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਨੂੰ ਇੱਕਜੁਟ ਹੋਣ ਦੀ ਅਪੀਲ ਕੀਤੀ।

ਉਧਰ, ਇਸ ਵਿਵਾਦਤ ਕਿਤਾਬ ਸਬੰਧੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਂਚ ਕਰਵਾਈ ਜਾ ਰਹੀ ਹੈ, ਜਿਸ ਦੀ ਰਿਪੋਰਟ 5 ਮਾਰਚ ਤੱਕ ਆ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਡਾ. ਪਿਆਰਾ ਲਾਲ ਗਰਗ, ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਅਤੇ ਲੱਖਾ ਸਿਧਾਣਾ ਵੱਲੋਂ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਜਾ ਚੁੱਕਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਦੇਸ਼ ਮੰਤਰਾਲੇ ਤੋਂ ਢੁਕਵਾਂ ਜਵਾਬ ਨਹੀਂ ਮਿਲ ਰਿਹੈ: ਔਜਲਾ
Next articleਪ੍ਰਮੁੱਖ ਸਿਆਸੀ ਆਗੂਆਂ ’ਤੇ ਦਰਜ ਹੋਏ ਜ਼ਾਬਤੇ ਦੀ ਉਲੰਘਣਾ ਦੇ ਪਰਚੇ