ਅੰਮ੍ਰਿਤਸਰ (ਸਮਾਜ ਵੀਕਲੀ): ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹਰ ਵਰ੍ਹੇ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਉਣ ਦੇ ਕੀਤੇ ਐਲਾਨ ਬਾਰੇ ਫਿਲਹਾਲ ਸਮੁੱਚੀ ਸਿੱਖ ਕੌਮ ਇਕਮਤ ਨਹੀਂ ਹੋ ਰਹੀ। ਇਸ ਦੌਰਾਨ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ ਪਰ ਇਸ ਦੇ ਨਾਂ ਵੀਰ ਬਾਲ ਦਿਵਸ ਬਾਰੇ ਅਸਹਿਮਤੀ ਦਿੱਤੀ ਹੈ।
ਤਖਤ ਸ੍ਰੀ ਪਟਨਾ ਸਾਹਿਬ ਵਿਖੇ ਮਨਾਏ ਗਏ ਗੁਰਪੁਰਬ ਸਮਾਗਮ ਸਮੇਂ ਬੀਤੀ ਰਾਤ ਮੰਚ ਤੋਂ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਕੇਂਦਰ ਸਰਕਾਰ ਨੇ ਚਾਰ ਸਾਹਿਬਜ਼ਾਦਿਆਂ ਦਾ ਇਤਿਹਾਸ ਦੇਸ਼ ਦੇ ਬੱਚਿਆਂ ਨੂੰ ਹਰ ਵਰ੍ਹੇ 26 ਦਸੰਬਰ ਨੂੰ ਪੜ੍ਹਾਉਣ ਦਾ ਐਲਾਨ ਕੀਤਾ ਹੈ। ਉਹ ਇਸ ਫੈਸਲੇ ਦਾ ਸਵਾਗਤ ਕਰਦੇ ਹਨ। ਉਨ੍ਹਾਂ ਨੂੰ ਇਸ ਨੂੰ ਸਮਰਪਿਤ ਮਨਾਏ ਜਾਣ ਵਾਲੇ ਦਿਵਸ ਦਾ ਨਾਂ ‘ਵੀਰ ਬਾਲ ਦਿਵਸ’ ਰੱਖਣ ’ਤੇ ਇਤਰਾਜ਼ ਕਰਦਿਆਂ ਕਿਹਾ ਕਿ ਇਹ ਨਾਂ ਸਿੱਖ ਭਾਵਨਾਵਾਂ ਦੀ ਤਰਜਮਾਨੀ ਨਹੀਂ ਕਰਦਾ। ਉਨ੍ਹਾਂ ਭਾਰਤ ਸਰਕਾਰ ਨੂੰ ਕਿਹਾ ਕਿ ਜਦੋਂ ਵੀ ਸਿੱਖ ਕੌਮ ਜਾਂ ਧਰਮ ਸਬੰਧੀ ਕੋਈ ਫ਼ੈਸਲਾ ਲੈਣਾ ਹੋਵੇ ਤਾਂ ਇਸ ਸਬੰਧੀ ਪਹਿਲਾਂ ਸਿੱਖ ਸੰਸਥਾਵਾਂ ਨਾਲ ਸਲਾਹ ਮਸ਼ਵਰਾ ਜ਼ਰੂਰ ਕੀਤਾ ਜਾਵੇ। ਅਜਿਹੇ ਮਾਮਲਿਆਂ ਵਿਚ ਸਿੱਖ ਸੰਸਥਾਵਾਂ ਭਾਰਤ ਸਰਕਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੀਆਂ।
ਪਰ ਕਦੇ ਵੀ ਗਲਤ ਸਿੱਖ ਇਤਿਹਾਸ ਨਾ ਪੜ੍ਹਾਇਆ ਜਾਵੇ ਅਤੇ ਨਾ ਹੀ ਪ੍ਰਚਾਰਿਆ ਜਾਵੇੇ। ਉਨ੍ਹਾਂ ਇਸ ਦਾ ਹਵਾਲਾ ਬਨਾਰਸ ਵਿਚ ਪ੍ਰਧਾਨ ਮੰਤਰੀ ਦੇ ਸਮਾਗਮ ਸਮੇਂ ਵੰਡੇ ਪੈਂਫਲਟ ਬਾਰੇ ਦਿੱਤਾ ਹੈ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਗੁਰੂ ਗੋਬਿੰਦ ਸਿੰਘ ਨੇ ਪੰਜ ਪਿਆਰਿਆਂ ਨੂੰ ਕਾਸ਼ੀ ਵਿਖੇ ਵਿਦਿਆ ਗ੍ਰਹਿਣ ਕਰਨ ਲਈ ਭੇਜਿਆ ਸੀ ਜਦਕਿ ਇਹ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਪੰਜ ਪਿਆਰੇ ਨਹੀਂ ਸਗੋਂ ਪੰਜ ਸਿੱਖਾਂ ਨੂੰ ਕਾਸ਼ੀ ਨਗਰੀ ਵਿਚ ਪੁਰਾਤਨ ਵੇਦ-ਸ਼ਾਸਤਰ ਆਦਿ ਦੀ ਵਿਦਿਆ ਲੈਣ ਲਈ ਭੇਜਿਆ ਸੀ, ਜਿਨ੍ਹਾਂ ਭਗਵੇ ਕੱਪੜਿਆਂ ਵਿਚ ਇਹ ਵਿਦਿਆ ਪ੍ਰਾਪਤ ਕੀਤੀ।
ਬਾਅਦ ਵਿਚ ਉਨ੍ਹਾਂ ਨੂੰ ਗੁਰੂ ਸਾਹਿਬ ਵਲੋਂ ਭਗਵੇ ਭੇਖ ਵਿਚ ਹੀ ਸਿੱਖੀ ਦਾ ਪ੍ਰਚਾਰ ਕਰਨ ਦਾ ਆਦੇਸ਼ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਵੀ ਇਸ ਐਲਾਨ ਬਾਰੇ ਪੂਰੀ ਤਰ੍ਹਾਂ ਸਹਿਮਤੀ ਨਹੀਂ ਪ੍ਰਗਟਾਈ ਅਤੇ ਇਸ ਮਾਮਲੇ ਵਿਚ ਸ੍ਰੀ ਅਕਾਲ ਤਖਤ ਤੋਂ ਅਗਵਾਈ ਮੰਗੀ ਹੈ। ਦਮਦਮੀ ਟਕਸਾਲ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਨੇ ਭਾਰਤ ਸਰਕਾਰ ਦੇ ਇਸ ਐਲਾਨ ਬਾਰੇ ਆਖਿਆ ਕਿ ਚੰਗਾ ਹੁੰਦਾ ਕਿ ਜੇਕਰ ਕੇਂਦਰ ਸਰਕਾਰ ਇਸ ਐਲਾਨ ਤੋਂ ਪਹਿਲਾਂ ਸਿੱਖ ਸੰਸਥਾਵਾਂ ਨਾਲ ਇਸ ਬਾਰੇ ਵਿਚਾਰ ਚਰਚਾ ਕਰ ਲੈਂਦੀ। ਵੀਰ ਬਾਲ ਦਿਵਸ ਨਾਂ ਬਾਰੇ ਉਨ੍ਹਾਂ ਵੀ ਸਹਿਮਤੀ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕੇਂਦਰ ਸਰਕਾਰ ਨੇ ਇਹ ਐਲਾਨ ਕਰ ਦਿੱਤਾ ਹੈ ਤਾਂ ਸ਼੍ਰੋਮਣੀ ਕਮੇਟੀ ਨੂੰ ਚਾਹੀਦਾ ਹੈ ਕਿ ਸ੍ਰੀ ਅਕਾਲ ਤਖਤ ਦੀ ਅਗਵਾਈ ਹੇਠ ਸਿੱਖ ਵਿਦਵਾਨਾਂ ਨਾਲ ਵਿਚਾਰ ਚਰਚਾ ਕਰਕੇ ਇਸ ਦੀ ਇਕ ਰੂਪ ਰੇਖਾ ਅਤੇ ਮਸੌਦਾ ਤਿਆਰ ਕਰੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly