ਬਠਿੰਡਾ (ਸਮਾਜ ਵੀਕਲੀ): ‘ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਦੇ ਬੇਅਦਬੀ ਮਾਮਲਿਆਂ ਦੀ ਜਾਂਚ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਸਖ਼ਤ ਸਜ਼ਾਵਾਂ ਦਿਵਾਈਆਂ ਜਾਣਗੀਆਂ। ਇਸ ਮਾਮਲੇ ’ਚ ਕਿਸੇ ਵੀ ਬੇਦੋਸ਼ੇ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।’ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਗੱਲ ਅੱਜ ਇਥੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕਹੀ। ਸ੍ਰੀ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹਦਿਆਂ ਕਿਹਾ ਕਿ ਚਾਰ ਹਫ਼ਤਿਆਂ ’ਚ ਨਸ਼ਾ ਖਤਮ ਕਰਨ ਦੇ ਦਾਅਵੇ ਕਰਨ ਵਾਲਿਆਂ ਨੇ ਗ੍ਰਹਿ ਮੰਤਰੀ ਹੁੰਦਿਆਂ ਕੁੱਝ ਵੀ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਨਸ਼ੇ ਮਾਮਲਿਆਂ ਦੀ ਪੜਤਾਲ ਵਾਲੀ ਜਾਂਚ ਰਿਪੋਰਟ ਚਾਰ ਸਾਲ ਈਡੀ ਦੇ ਦਫ਼ਤਰ ’ਚ ਹੀ ਘੁੰਮਦੀ ਰਹੀ ਅਤੇ ਹੁਣ ਉਨ੍ਹਾਂ ਵੱਲੋਂ ਗ੍ਰਹਿ ਮੰਤਰਾਲਾ ਸਾਂਭਣ ’ਤੇ ਮਾਮਲੇ ਨੂੰ ਜਲਦੀ ਨਿਪਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਹਾਈਕੋਰਟ ’ਚ ਰਿਪੋਰਟ ਖੁੱਲ੍ਹਣ ਦੀ ਉਮੀਦ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਸੂਬੇ ਅੰਦਰ ਸਰਹੱਦੀ ਖੇਤਰ ਦਾ ਦਾਇਰਾ ਵਧਾ ਕੇ ਪੰਜਾਬ ਸਰਕਾਰ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਸੂਬੇ ਅੰਦਰ ਅਪਰਾਧ, ਨਸ਼ਿਆਂ ਦੀ ਰੋਕਥਾਮ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਬਿਹਤਰ ਕਾਰਗੁਜ਼ਾਰੀ ਵਿਖਾਈ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸੂਬੇ ਅੰਦਰ ਇਸ ਪਾਰਟੀ ਦਾ ਕੋਈ ਵੀ ਆਧਾਰ ਨਹੀਂ ਬਚਿਆ ਕਿਉਂਕਿ ਬਠਿੰਡਾ ਸੰਸਦੀ ਹਲਕੇ ਨਾਲ ਸਬੰਧਤ ਤਿੰਨ ਵਿਧਾਇਕ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਚੁੱਕੇ ਹਨ ਅਤੇ ਭਵਿੱਖ ਵਿਚ ਹੋਰ ਵੀ ਨੁਮਾਇੰਦੇ ਸ਼ਾਮਲ ਹੋ ਸਕਦੇ ਹਨ।
ਉਨ੍ਹਾਂ ਅਕਾਲੀ ਦਲ ਨੂੰ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਵਾਲੀ ਪਾਰਟੀ ਗਰਦਾਨਿਆ। ਇਸ ਤੋਂ ਪਹਿਲਾਂ ਸ੍ਰੀ ਰੰਧਾਵਾ ਨੇ ਅੱਜ ਇੱਥੇ ਲੇਕ ਵਿਊ ਵਿੱਚ ਪੁਲੀਸ ਅਧਿਕਾਰੀਆਂ ਨਾਲ ਅਪਰਾਧਾਂ ਦੀ ਰੋਕਥਾਮ ਬਾਰੇ ਮੀਟਿੰਗ ਕੀਤੀ, ਜਿਸ ਵਿੱਚ ਪ੍ਰਮੁੱਖ ਸਕੱਤਰ ਉਪ ਮੁੱਖ ਮੰਤਰੀ-ਕਮ-ਮੈਨੇਜਿੰਗ ਡਾਇਰੈਕਟਰ ਮਾਰਕਫ਼ੈੱਡ ਵਰੁਣ ਰੂਜ਼ਮ, ਡਾਇਰੈਕਟਰ ਜਨਰਲ ਆਫ਼ ਪੁਲੀਸ ਇਕਬਾਲਪ੍ਰੀਤ ਸਿੰਘ ਸਹੋਤਾ ਵੀ ਹਾਜ਼ਰ ਸਨ। ਮੀਟਿੰਗ ਵਿੱਚ ਬਠਿੰਡਾ, ਫ਼ਿਰੋਜ਼ਪੁਰ ਤੇ ਫ਼ਰੀਦਕੋਟ ਪੁਲੀਸ ਰੇਂਜ ਦੇ ਆਈਜੀ, ਡੀਆਈਜੀ ਅਤੇ ਜ਼ਿਲ੍ਹਾ ਪੁਲੀਸ ਮੁਖੀ ਵੀ ਮੌਜੂਦ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly