ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਔੜ ਵਿਖੇ ਕਰਵਾਇਆ ਸਮਾਗਮ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਵਰਿੰਦਰ ਕੁਮਾਰ ਅਤੇ ਐਸ.ਐਸ.ਪੀ ਵਿਜੀਲੈਂਸ ਰੇਂਜ ਜਲੰਧਰ ਰਾਜੇਸ਼ਵਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਔੜ ਵਿਖੇ ਭ੍ਰਿਸ਼ਟਾਚਾਰ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਔੜ ਦੇ ਬਾਬਾ ਧਰਮਗਿਰ ਮੰਦਿਰ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਜਾਗਰੂਕਤਾ ਪ੍ਰੋਗਰਾਮ ਵਿਚ ਡੀ.ਐਸ.ਪੀ ਵਿਜੀਲੈਂਸ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਅਸ਼ਵਨੀ ਕੁਮਾਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਭ ਤੋਂ ਵੱਡੀ ਲਾਹਨਤ ਹੈ, ਜਿਸ ਨੂੰ ਖ਼ਤਮ ਕਰਨਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜਾਂ ਗੈਰ ਸਰਕਾਰੀ ਦਫ਼ਤਰਾਂ ਅਤੇ ਹੋਰ ਕਿਸੇ ਵੀ ਖੇਤਰ ਵਿਚ ਕਿਸੇ ਵੀ ਕੰਮ ਲਈ ਰਿਸ਼ਵਤ ਦੇਣਾ ਜਾਂ ਲੈਣਾ ਕਾਨੂੰਨੀ ਤੌਰ ‘ਤੇ ਅਪਰਾਧ ਹੈ, ਜਿਸ ਨੂੰ ਰੋਕਣ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਸਾਡੇ ਦੇਸ਼ ਅਤੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟ ਕਾਰਵਾਈ ਦਾ ਹਿੱਸਾ ਨਹੀਂ ਬਣਾਂਗੇ ਅਤੇ ਜੇਕਰ ਅਜਿਹੀ ਕੋਈ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਸੂਚਨਾ ਸਮਰੱਥ ਅਧਿਕਾਰੀ ਨੂੰ ਦੇਵਾਂਗੇ। ਉਨ੍ਹਾਂ ਸਥਾਨਕ ਵਸਨੀਕਾਂ ਨੂੰ ਭ੍ਰਿਸਟਾਚਾਰ ਨੂੰ ਰੋਕਣ ਵਿਚ ਮਦਦ ਕਰਨ ਲਈ ਟੋਲ ਫਰੀ ਨੰਬਰ 180018001000 ਅਤੇ ਐਂਟੀ ਕੁਰੱਪਸਨ ਐਕਸ਼ਨ ਲਾਈਨ ਨੰਬਰ 9501200200 ‘ਤੇ ਸੰਪਰਕ ਕਰੰਡੀ ਕਿਹਾ।
ਇਸ ਮੌਕੇ ਇੰਸਪੈਕਟਰ ਵਿਜੀਲੈਂਸ ਚਮਕੌਰ ਸਿੰਘ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ 3 ਨਵੰਬਰ ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹੇ ਦੇ ਸਕੂਲਾਂ-ਕਾਲਜਾਂ, ਪਿੰਡਾਂ ਤੇ ਸ਼ਹਿਰਾਂ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਸੈਮੀਨਾਰ ਕਰਵਾ ਕੇ ਸਭਨਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਕੀਤਾ ਜਾ ਰਿਹਾ ਹੈ।
ਐਸ. ਐਚ. ਓ ਔੜ ਨਰੇਸ਼ ਕੁਮਾਰੀ ਨੇ ਇਸ ਮੌਕੇ ਭ੍ਰਿਸਟਾਚਾਰ ਰਾਹੀਂ ਦੇਸ਼ ਅਤੇ ਸਮਾਜ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਕੋਹੜ ਨੂੰ ਦੂਰ ਕਰਨ ਦੀ ਸ਼ੁਰੂਆਤ ਸਾਨੂੰ ਆਪਣੇ ਆਪ ਤੋਂ ਕਰਨੀ ਪਵੇਗੀ। ਇਸ ਮੌਕੇ ਸਮੂਹ ਨਾਗਰਿਕਾਂ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਦਾ ਸੰਕਲਪ ਵੀ ਲਿਆ ਗਿਆ।
ਇਸ ਮੌਕੇ ਔੜ ਅਤੇ ਆਸਪਾਸ ਦੇ ਇਲਾਕਿਆਂ ਦੇ ਪਤਵੰਤੇ ਅਤੇ ਵਿਜੀਲੈਸ ਬਿਊਰੋ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly