ਇਕ ਹਫ਼ਤੇ ਦੇ ਅੰਦਰ ਅੰਦਰ ਹੋਵੇਗਾ ਨੋਟੀਫਿਕੇਸ਼ਨ -ਹਰਜੋਤ ਬੈਂਸ
ਨੋਟੀਫਿਕੇਸ਼ਨ ਵਿੱਚ ਊਣਤਾਈਆਂ ਪਾਉਣ ਤੇ ਗੁਜਰਾਤ ਦੀਆਂ ਚੋਣਾਂ ਵਿੱਚ ਕੀਤੀ ਜਾਵੇਗੀ ਪੋਲ ਖੋਲ ਰੈਲੀ – ਸੁਖਜੀਤ , ਰਛਪਾਲ
ਕਪੂਰਥਲਾ (ਸਮਾਜ ਵੀਕਲੀ) (ਕੌੜਾ )– ਸੀ ਪੀ ਐਫ਼ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ ਤੇ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਰਸ਼ਪਾਲ ਸਿੰਘ ਵੜੈਚ ਦੀ ਅਗਵਾਈ ਹੇਠ ਯੂਨੀਅਨ ਦੇ ਅਹੁਦੇਦਾਰਾਂ ਦੀ ਇਕ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਭਵਨ ਵਿਖੇ ਅਹਿਮ ਮੀਟਿੰਗ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੀ ਪੀ ਐੱਫ ਕਰਮਚਾਰੀ ਯੂਨੀਅਨ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਸੋਸ਼ਲ ਮੀਡੀਆ ਦੇ ਕੁਝ ਅਖੌਤੀ ਮੁਲਾਜ਼ਮਾਂ ਆਗੂਆਂ ਵੱਲੋਂ ਪਾਏ ਜਾ ਰਹੇ ਸ਼ੰਕਿਆਂ ਨੂੰ ਲੈ ਕੇ ਜਿਸ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲੱਗੇ ਸਰਕਾਰ ਵੱਲੋਂ ਡੀ ਏ ਦੀ ਗਰੈਚੁਟੀ ਦੀ ਕਟੌਤੀ ਕਰ ਦਿੱਤੀ ਜਾਵੇਗੀ।
ਇਸ ਗੱਲ ਨੂੰ ਸਿਰੇ ਤੋਂ ਨਕਾਰਿਆ ਤੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ1 ਜਨਵਰੀ 2004 ਤੋਂ ਪਹਿਲਾਂ ਵਾਲੀ ਹੀ ਲਾਗੂ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਜਿਹੀਆਂ ਅਫ਼ਵਾਹਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ । ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਨੋਟੀਫਿਕੇਸ਼ਨ ਇੱਕ ਹਫਤੇ ਵਿੱਚ ਹੀ ਜਾਰੀ ਕਰ ਦਿੱਤਾ ਜਾਵੇਗਾ । ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਮੀਟਿੰਗ ਦੌਰਾਨ ਆਖਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਸ਼ਵਾਸ ਦਿਵਾਉਣ ਦੇ ਚਲਦੇ 29 ਅਕਤੂਬਰ ਲਈ ਸ਼ਿਮਲਾ ਪੋਲ ਖੋਲ੍ਹ ਰੈਲੀ ਨੂੰ ਹਾਲ ਦੀ ਘੜੀ ਮੁਲਤਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੂੰ ਇਹ ਵੀ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜੇਕਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਨੋਟੀਫਿਕੇਸ਼ਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਉਣਤਾਈ ਪਾਈ ਗਈ ਤਾਂ ਸੀਂ ਪੀ ਐੱਫ ਤੇ ਈ ਯੂ ਪੰਜਾਬ ਵੱਲੋਂ ਗੁਜਰਾਤ ਵਿਖੇ ਆਮ ਆਦਮੀ ਪਾਰਟੀ ਦੇ ਖਿਲਾਫ਼ ਪੋਲ ਖੋਲ ਰੈਲੀ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly