ਨੂਰਪੁਰ ਬੇਦੀ (ਸਮਾਜ ਵੀਕਲੀ): ਜੰਮੂ ਕਸ਼ਮੀਰ ਦੇ ਪੁਣਛ ਸੈਕਟਰ ’ਚ ਅਤਿਵਾਦੀਆਂ ਨਾਲ ਮੁਕਾਬਲਾ ਕਰਦਿਆਂ ਸ਼ਹੀਦ ਹੋਏ ਬਲਾਕ ਨੂਰਪੁਰ ਬੇਦੀ ਦੇ ਪਿੰਡ ਪਚਰੰਡਾ ਦੇ ਜਵਾਨ ਗੱਜਣ ਸਿੰਘ ਦਾ ਅੱਜ ਪਿੰਡ ’ਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਸਰਧਾਂਜ਼ਲੀ ਦੇਣ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਸ਼ਹੀਦ ਦੀ ਦੇਹ ਨੂੰ ਮੋਢਾ ਲਾ ਕੇ ਸ਼ਮਸ਼ਾਨਘਾਟ ਤੱਕ ਗਏ। ਇੱਥੇ ਸੈਨਾ ਦੀ ਟੁਕੜੀ ਨੇ ਹਵਾਈ ਫਾਇਰ ਕਰ ਕੇ ਸ਼ਹੀਦ ਨੂੰ ਸਲਾਮੀ ਦਿੱਤੀ ਤੇ ਮਗਰੋਂ ਚੰਨੀ ਤੇ ਰਾਣਾ ਕੇਪੀ ਸਮੇਤ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।
ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਸ਼ਹੀਦ ਦੀ ਦੇਹ ’ਤੇ ਫੁੱਲ ਮਾਲਾਵਾਂ ਚੜ੍ਹਾਈਆਂ ਅਤੇ ਸ਼ਹੀਦ ਦੀ ਵਿਧਵਾ ਹਰਪ੍ਰੀਤ ਕੌਰ ਨੂੰ ਸ਼ੋਕ ਪੱਤਰ ਸੌਂਪਿਆ। ਮਗਰੋਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੇ ਚਿਖਾ ਨੂੰ ਅਗਨੀ ਦਿਖਾਈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ, ਵਿਧਾਇਕ ਅਮਰਜੀਤ ਸਿੰਘ ਸੰਦੋਆ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਹੋਰ ਸਿਆਸੀ ਅਤੇ ਧਾਰਮਿਕ ਆਗੂ ਮੌਜੂਦ ਸਨ।
ਸ਼ਹੀਦ ਦੇ ਪਿਤਾ ਚਰਨ ਸਿੰਘ ਨੇ ਕਿਹਾ ਕਿ ਗੱਜਣ ਸਿੰਘ ਨੇ ਦੇਸ਼ ਲਈ ਸ਼ਹੀਦੀ ਪ੍ਰਾਪਤ ਕੀਤੀ ਹੈ, ਜਿਸ ’ਤੇ ਉਨ੍ਹਾਂ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਅਜਾਈਂ ਨਹੀਂ ਜਾਣੀ ਚਾਹੀਦੀ ਤੇ ਸਰਕਾਰ ਨੂੰ ਅਤਿਵਾਦੀਆਂ ਖ਼ਿਲਾਫ਼ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਸ਼ਹੀਦ ਦੀ ਪਤਨੀ ਹਰਪ੍ਰੀਤ ਕੌਰ ਨੇ ਕਿਹਾ ਕਿ ਉਸ ਦੇ ਪਤੀ ਨੇ ਅਤਿਵਾਦੀਆਂ ਦੀ ਕਾਇਰਾਨਾ ਕਾਰਵਾਈ ਦਾ ਜਵਾਬ ਆਪਣੀ ਸ਼ਹਾਦਤ ਦੇ ਕੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕਰੀਬ ਅੱਠ ਕੁ ਮਹੀਨੇ ਪਹਿਲਾਂ ਫਰਵਰੀ 2021 ’ਚ ਸ਼ਹੀਦ ਗੱਜਣ ਸਿੰਘ ਦਾ ਵਿਆਹ ਹੋਇਆ ਸੀ।