ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਦਾ ਲਿਆ ਜਾਵੇ ਭਰਪੂਰ ਲਾਭ
ਪਿੰਡ ਬੀਰੋਵਾਲ, ਜਾਡਲਾ, ਉਟਾਲ ਅਤੇ ਦੌਲਤਪੁਰ ਵਿਖੇ ਕਰਾਇਆ ਜਾਗਰੂਕਤਾ ਪ੍ਰੋਗਰਾਮ
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ-ਕਮ-ਕਲਸਟਰ ਅਫਸਰ ਜਗਰੂਪ ਸਿੰਘ ਨੇ ਆਪਣੀ ਟੀਮ ਸਮੇਤ ਪਿੰਡ ਬੀਰੋਵਾਲ, ਜਾਡਲਾ, ਉਟਾਲ ਅਤੇ ਦੌਲਤਪੁਰ ਵਿਖੇ ਪਰਾਲੀ ਦੀ ਸਾਂਭ-ਸੰਭਾਲ ਕਰਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨਾਲ ਝੋਨੇ ਦੀ ਪਰਾਲੀ ਅਤੇ ਨਾੜ ਨੂੰ ਨਾ ਸਾੜਨ ਬਾਰੇ ਚਰਚਾ ਕਰਦਿਆਂ ਜਗਰੂਪ ਸਿੰਘ ਨੇ ਦੱਸਿਆ ਕਿ ਵਾਤਾਵਰਣ ਨੂੰ ਸਾਫ-ਸੂਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮਸ਼ੀਨਾਂ ਨਾਲ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਕੇ ਪੌਣ-ਪਾਣੀ ਨੂੰ ਦੂਸ਼ਿਤ ਹੋਣੋਂ ਬਚਾਉਣ ਦੇ ਨਾਲ-ਨਾਲ ਮਨੁੱਖੀ ਸਿਹਤ, ਮਿੱਤਰ ਕੀੜਿਆਂ ਨੂੰ ਬਚਾਉਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਮਜ਼ਬੂਤ ਰੱਖਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਵਿੱਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਪ੍ਰਦੂਸ਼ਨ ਦੇ ਫੈਲ਼ਾਅ ਨੂੰ ਰੋਕਿਆ ਜਾ ਸਕੇ। ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਫਸਲਾਂ ਨੂੰ ਵੱਢਣ ਤੋਂ ਬਾਅਦ ਰਹਿੰਦ-ਖੂਹੰਦ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਰਾਹੀਂ ਲੋੜੀਂਦੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਕਿਸਾਨਾਂ ਨੂੰ ਭਰਪੂਰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਾਗਰੂਕਤਾ ਨਾਲ ਇਸ ਨੁਕਸਾਨਦੇਹ ਪ੍ਰਕਿਰਿਆ ਨੂੰ ਖ਼ਤਮ ਕਰਕੇ ਵਾਤਾਵਰਣ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦਾ ਟੀਚਾ ਸਿਫਰ ਮਿਥਿਆ ਗਿਆ ਹੈ ਜੋ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਸਰ ਕੀਤਾ ਜਾ ਸਕਦਾ ਹੈ ਜਿਸ ਲਈ ਜ਼ਮੀਨੀ ਪੱਧਰ ਤੱਕ ਜਾਗਰੂਕਤਾ ਬੇਹੱਦ ਲਾਜ਼ਮੀ ਹੈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਸੁਰਜੀਤ ਸਿੰਘ, ਮਨਪ੍ਰੀਤ ਸਿੰਘ ਦੇ ਨਾਲ-ਨਾਲ ਸੰਬੰਧਿਤ ਪਿੰਡਾਂ ਦੇ ਸਰਪੰਚ ਅਤੇ ਵਸਨੀਕ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



