ਪੁਣੇ (ਸਮਾਜ ਵੀਕਲੀ): ਮਹਾਰਾਸ਼ਟਰ ਦੇ ਸ਼ੋਲਾਪੁਰ ਸ਼ਹਿਰ ਵਿਚ ਅੱਜ ਮਰਾਠਾ ਰਾਖਵਾਂਕਰਨ ਕਾਰਕੁਨਾਂ ਵੱਲੋਂ ਪੁਲੀਸ ਦੀ ਇਜਾਜ਼ਤ ਨਾ ਮਿਲਣ ਦੇ ਬਾਵਜੂਦ ਪ੍ਰਦਰਸ਼ਨ ਕੀਤਾ ਗਿਆ। ਉਹ ਸਰਕਾਰੀ ਨੌਕਰੀਆਂ ਤੇ ਸਿੱਖਿਆ ਵਿਚ ਮਰਾਠਿਆਂ ਲਈ ਰਾਖਵਾਂਕਰਨ ਬਹਾਲ ਕਰਨ ਦੀ ਮੰਗ ਕਰ ਰਹੇ ਸਨ। ਸੁਪਰੀਮ ਕੋਰਟ ਨੇ ਇਸ ਰਾਖਵੇਂਕਰਨ ਸਬੰਧੀ ਮਹਾਰਾਸ਼ਟਰ ਦੇ ਕਾਨੂੰਨ ਨੂੰ ਲੰਘੇ ਮਈ ਮਹੀਨੇ ਵਿਚ ਰੱਦ ਕਰ ਦਿੱਤਾ ਸੀ।
ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਪ੍ਰੀਸ਼ਦ ਦੇ ਸਾਬਕਾ ਮੈਂਬਰ ਨਰੇਂਦਰ ਪਾਟਿਲ ਦੀ ਅਗਵਾਈ ਹੇਠ ਕੱਢੇ ਗਏ ‘ਮਰਾਠਾ ਆਕਰੋਸ਼ ਮੋਰਚਾ’ ਵਿਚ ਘੱਟੋ-ਘੱਟ 3,000 ਲੋਕ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਕੋਵਿਡ ਨੇਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣਗੇ।
ਸ਼ਹਿਰ ਵਿਚ ਛਤਰਪਤੀ ਸੰਭਾਜੀ ਮਹਾਰਾਜ ਦੇ ਬੁੱਤ ਨੇੜੇ ਪ੍ਰਦਰਸ਼ਨ ਵਾਲੀ ਥਾਂ ਤੱਕ ਮਰਾਠਾ ਪੱਖੀ ਜਥੇਬੰਦੀਆਂ ਦੇ ਕਾਰਕੁਨਾਂ ਨੂੰ ਪਹੁੰਚਣ ਤੋਂ ਰੋਕਣ ਲਈ ਪੁਲੀਸ ਨੇ ਸ਼ੋਲਾਪੁਰ ਤੱਕ ਆਉਣ ਵਾਲੀਆਂ ਵੱਖ-ਵੱਖ ਸੜਕਾਂ ’ਤੇ ਬੈਰੀਕੇਡ ਤੇ ਭਾਰੀ ਸੁਰੱਖਿਆ ਲਗਾਈ ਹੋਈ ਸੀ। ਹਾਲਾਂਕਿ, ਇਨ੍ਹਾਂ ਸਾਰੇ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਪ੍ਰਦਰਸ਼ਨ ਵਾਲੀ ਥਾਂ ਤੱਕ ਪਹੁੰਚਣ ਵਿਚ ਸਫ਼ਲ ਰਹੇ।
ਇਹ ਰੋਸ ਮਾਰਚ ਛਤਰਪਤੀ ਸੰਭਾਜੀ ਮਹਾਰਾਜ ਦੇ ਬੁੱਤ ਤੋਂ ਸ਼ੁਰੂ ਹੋ ਕੇ ਕਰੀਬ ਇਕ ਕਿਲੋਮੀਟਰ ਦੂਰ ਲੱਗੇ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਬੁੱਤ ਕੋਲ ਪਹੁੰਚ ਕੇ ਸਮਾਪਤ ਹੋਇਆ। ਇਸ ਦੌਰਾਨ ਆਗੂਆਂ ਵੱਲੋਂ ਭਾਸ਼ਣ ਵੀ ਦਿੱਤੇ ਗਏ। ਉਪਰੰਤ ਵੱਖ-ਵੱਖ ਮਰਾਠਾ ਜਥੇਬੰਦੀਆਂ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਜ਼ਿਲ੍ਹਾ ਕੁਲੈਕਟਰ ਨੂੰ ਸੌਂਪਿਆ। ਉਨ੍ਹਾਂ ਕਿਹਾ, ‘‘ਕੋਵਿਡ-19 ਸਬੰਧੀ ਨੇਮਾਂ ਦੀ ਉਲੰਘਣਾ ਦੇ ਦੋਸ਼ ਹੇਠ ਅਸੀਂ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਾਂਗੇ।’’ ਪਾਟਿਲ ਨੇ ਪ੍ਰਦਰਸ਼ਨ ਵਾਲੀ ਜਗ੍ਹਾ ’ਤੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਨੂੰ ਮਰਾਠਿਆਂ ਦੀ ਤਾਕਤ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly