ਕੇਂਦਰ ਅਤੇ ਸੂਬਾ ਸਰਕਾਰ ਨੂੰ ਹੜ ਪੀੜਤ ਲੋਕਾਂ ਦੀ ਬਾਂਹ ਫੜਨ ਦੀ ਅਪੀਲ, ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਹੜ ਪੀੜਤਾਂ ਦੀ ਮਦਦ ਲਈ ਯਤਨਸ਼ੀਲ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਪੰਜਾਬ ਵਿੱਚ ਹੜ੍ਹਾਂ ਕਾਰਨ ਹੋ ਰਹੇ ਵਿਆਪਕ ਨੁਕਸਾਨ ਨੂੰ ਵੇਖਦੇ ਹੋਏ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੰਬੰਧੀ ਡੀ.ਐਮ.ਐਫ. ਕਪੂਰਥਲਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸੁਪਰਡੈਂਟ ਅਨਿਲ ਕਾਲਾ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਆਗੂਆਂ ਨੇ ਆਖਿਆ ਕਿ ਜਿੱਥੇ ਪੰਜਾਬ ਸਰਕਾਰ ਹੜਾਂ ਕਾਰਨ ਹੋਈ ਤਬਾਹੀ ਨੂੰ ਰੋਕਣ ਅਤੇ ਪੀੜਤ ਲੋਕਾਂ ਨੂੰ ਰਾਹਤ ਦੇਣ ਵਿੱਚ ਅਸਫ਼ਲ ਰਹੀ ਹੈ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਵੀ ਇਸ ਸਥਿਤੀ ਨਾਲ ਨਿਪਟਣ ਲਈ ਪੰਜਾਬ ਨੂੰ ਕਿਸੇ ਪ੍ਰਕਾਰ ਦਾ ਵਿੱਤੀ ਪੈਕੇਜ ਨਹੀਂ ਦਿੱਤਾ ਗਿਆ। ਉਹਨਾਂ ਆਖਿਆ ਕਿ ਹੜ੍ਹਾਂ ਕਾਰਨ ਵਾਪਰੀ ਤਬਾਹੀ ਨੂੰ ਸਿਰਫ਼ ਕੁਦਰਤੀ ਆਫ਼ਤ ਨਹੀਂ ਕਿਹਾ ਜਾ ਸਕਦਾ। ਕਿਉਂਕਿ ਇੱਕ ਪਾਸੇ ਪੰਜਾਬ ਧਰਤੀ ਹੇਠਲੇ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਉੱਥੇ ਬਾਰਿਸ਼ਾਂ ਦੇ ਦਿਨਾਂ ਵਿੱਚ ਵਾਧੂ ਪਾਣੀ ਦੀ ਸੰਭਾਲ ਲਈ ਸਰਕਾਰਾਂ ਲੋੜੀਂਦਾ ਢਾਂਚਾ ਨਹੀਂ ਉਸਾਰ ਸਕੀਆਂ ਅਤੇ ਅਣਕਿਆਸੇ ਹੜ੍ਹਾਂ ਨੂੰ ਰੋਕਣ ਲਈ ਲੋੜੀਂਦੇ ਪ੍ਰਬੰਧ ਕਰਨ ਵੱਲ ਵੀ ਦੋਵਾਂ ਸਰਕਾਰਾਂ ਦਾ ਕੋਈ ਧਿਆਨ ਨਹੀਂ ਹੈ। ਆਗੂਆਂ ਨੇ ਕਿਹਾ ਕਿ ਸੂਬਾ ਕਮੇਟੀ ਦੇ ਫੈਸਲੇ ਤਹਿਤ ਹੜ ਪ੍ਰਭਾਵਿਤ ਲੋਕਾਂ ਤੱਕ ਮੱਦਦ ਲਈ ਕਪੂਰਥਲਾ ਦੇ ਅਧਿਆਪਕਾਂ/ਮੁਲਾਜ਼ਮਾਂ ਵੱਲੋਂ ਲਗਾਤਾਰ ਸਹਾਇਤਾ ਇਕੱਤਰ ਕੀਤੀ ਜਾ ਰਹੀ ਹੈ ਤਾਂ ਕਿ ਸੂਬਾ ਕਮੇਟੀ ਰਾਹੀਂ ਪ੍ਰਭਾਵਿਤ ਇਲਾਕਿਆਂ ਵਿੱਚ ਭੇਜੀ ਜਾ ਸਕੇ। ਇਸ ਮੌਕੇ ਡੀ.ਐਮ.ਐੱਫ. ਆਗੂ ਤਜਿੰਦਰ ਸਿੰਘ, ਡੀ.ਟੀ.ਐੱਫ. ਆਗੂ ਜੈਮਲ ਸਿੰਘ, ਸੁਖਪਾਲ ਸਿੰਘ, ਪਵਨ ਕੁਮਾਰ, ਅਵਤਾਰ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



