ਪ੍ਰਦਰਸ਼ਨਾਂ ਸਬੰਧੀ ਅਪੀਲ ਨੂੰ ਗ਼ਲਤ ਰੰਗਤ ਦਿੱਤੀ: ਕੈਪਟਨ

ਚੰਡੀਗੜ੍ਹ, (ਸਮਾਜ ਵੀਕਲੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪੰਜਾਬ ਵਿੱਚ ਕਿਸਾਨਾਂ ਨੂੰ ਰੋਸ ਪ੍ਰਦਰਸ਼ਨ ਖ਼ਤਮ ਕਰਨ ਬਾਰੇ ਅਪੀਲ ਨੂੰ ਗ਼ਲਤ ਸਿਆਸੀ ਰੰਗਤ ਦਿੱਤੀ ਗਈ ਹੈ ਜਦੋਂ ਕਿ ਪੰਜਾਬ ਸਰਕਾਰ ਤਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਪਹਿਲਾਂ ਹੀ ਕਿਸਾਨਾਂ ਦੇ ਸਮਰਥਨ ਵਿੱਚ ਹੈ ਤਾਂ ਸੂਬੇ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਬੇਲੋੜੇ ਹਨ। ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਲੋਚਨਾ ਕੀਤੇ ਜਾਣ ਉੱਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਮਾਮਲੇ ਉੱਤੇ ਉਨ੍ਹਾਂ ਦੀ ਅਪੀਲ ਦੇ ਕਿਸਾਨਾਂ ਨੇ ਗ਼ਲਤ ਅਰਥ ਕੱਢੇ ਹਨ ਅਤੇ ਇਸ ਨੂੰ ਪੰਜਾਬ ਵਿੱਚ ਆਗਾਮੀ ਵਿਧਾਨ ਚੋਣਾਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਕਿਸਾਨਾਂ ਨਾਲ ਡਟ ਕੇ ਖੜ੍ਹਨ ਵਾਲੇ ਲੋਕਾਂ ਨੂੰ ਹੁਣ ਪ੍ਰਦਰਸ਼ਨਾਂ ਕਰਕੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਿੱਚ ਪਾੜਾ ਪਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਜਦੋਂ ਕਿ ਸਾਰੇ ਕਿਸਾਨ ਕੇਂਦਰ ਤੇ ਗੁਆਂਢੀ ਸੂਬੇ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰ ਦੇ ਮਾੜੇ ਵਤੀਰੇ ਤੋਂ ਬਰਾਬਰ ਪੀੜਤ ਹਨ। ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਹਾਲਾਤ ਵਿੱਚ ਪੰਜਾਬ ਦੇ ਲੋਕਾਂ ਲਈ ਔਕੜਾਂ ਪੈਦਾ ਕਰਨਾ ਜਾਇਜ਼ ਨਹੀਂ ਹੈੈ। ਸੰਯੁਕਤ ਕਿਸਾਨ ਮੋਰਚੇ ਦੇ ਦਾਅਵਿਆਂ ਕਿ ਕਿਸਾਨਾਂ ਦੇ ਸੰਘਰਸ਼ ਨਾਲ ਪੰਜਾਬ ਵਿੱਚ ਸਰਕਾਰ ਉੱਤੇ ਕੋਈ ਅਸਰ ਨਹੀਂ ਪੈਂਦਾ, ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਸੰਘਰਸ਼ ਨਾਲ ਸੂਬੇ ਦੇ ਆਮ ਲੋਕਾਂ ਅਤੇ ਇੱਥੋਂ ਦੀ ਆਰਥਿਕਤਾ ਉੱਤੇ ਅਸਰ ਪੈ ਰਿਹਾ ਹੈ ਅਤੇ ਅੰਬਾਨੀ-ਅਡਾਨੀ ਦੀ ਪੰਜਾਬ ਵਿੱਚ ਮੌਜੂਦਗੀ ਨਾਮਾਤਰ ਹੈ | ਮੁੱਖ ਮੰਤਰੀ ਨੇ ਡਰ ਜ਼ਾਹਿਰ ਕੀਤਾ ਕਿ ਪੰਜਾਬ ਵਿੱਚ ਨਿਰੰਤਰ ਰੋਸ ਪ੍ਰਦਰਸ਼ਨ ਨਾਲ ਉਦਯੋਗ ਸੂਬੇ ਵਿੱਚੋਂ ਬਾਹਰ ਚਲੇ ਜਾਣਗੇ ਜਿਨ੍ਹਾਂ ਦਾ ਅਰਥ ਵਿਵਸਥਾ ਉੱਤੇ ਡੂੰਘਾ ਅਸਰ ਪਵੇਗਾ।

ਉਨ੍ਹਾਂ ਕਿਹਾ ਕਿ ਪ੍ਰਦਰਸ਼ਨਾਂ ਕਾਰਨ ਐੱਫ.ਸੀ.ਆਈ. ਅਤੇ ਸੂਬੇ ਦੀਆਂ ਏਜੰਸੀਆਂ ਵੱਲੋਂ ਸਟਾਕ ਚੁੱਕਣ ਵਿੱਚ ਆ ਰਹੀ ਰੁਕਾਵਟ ਕਾਰਨ ਅਨਾਜ ਭੰਡਾਰਨ ਅਤੇ ਖ਼ਰੀਦ ਦੀ ਸਥਿਤੀ ਪਹਿਲਾਂ ਹੀ ਗੰਭੀਰ ਬਣੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਣਕ ਦਾ ਸਟਾਕ ਪਹਿਲਾਂ ਹੀ ਭੰਡਾਰਨ ਦੇ ਚਾਰ ਸਾਲ ਪੂਰੇ ਕਰ ਚੁੱਕਿਆ ਹੈ ਜਿਸ ਨਾਲ ਅਣਵਰਤੀ ਭੰਡਾਰ ਸਮਰੱਥਾ ਅਜਾਈਂ ਜਾ ਰਹੀ ਹੈ। ਸਾਈਲੋਜ਼ ਨੂੰ ਲੈਣ ਵਾਸਤੇ ਹੋਏ ਸਮਝੌਤੇ ਮੁਤਾਬਿਕ ਇਨ੍ਹਾਂ ਦੇ ਮਾਲਕਾਂ ਨੂੰ ਤੈਅਸ਼ੁਦਾ ਦਰਾਂ ਦੀ ਅਦਾਇਗੀ ਕਰਨ ਕਾਰਨ ਸਰਕਾਰੀ ਖ਼ਜ਼ਾਨੇ ਉੱਤੇ ਵੀ ਵਿੱਤੀ ਬੋਝ ਪੈ ਰਿਹਾ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਇਕੱਲੇ ਮੋਗਾ ਵਿੱਚ ਐੱਫ.ਸੀ.ਆਈ. ਦੇ ਅਡਾਨੀ ਸਾਇਲੋ ਵਿੱਚ 480 ਕਰੋੜ ਰੁਪਏ ਦਾ ਭੰਡਾਰ ਪਿਆ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਐੱਫਸੀਆਈ ਵੱਲੋਂ ਦਿੱਤੇ ਗਏ ਸਾਈਲੋਜ ਦੇ ਨਿਰਮਾਣ ਵਿੱਚ ਦੇਰੀ ਹੋ ਰਹੀ ਸੀ ਕਿਉਂਕਿ ਕਿਸਾਨ ਯੂਨੀਅਨਾਂ ਜੇ.ਸੀ.ਬੀ. ਅਤੇ ਟਰੱਕਾਂ ਨੂੰ ਉਸਾਰੀ ਵਾਲੀ ਜਗ੍ਹਾ ’ਤੇ ਜਾਣ ਨਹੀਂ ਦੇ ਰਹੀਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਸਾਈਲੋਜ਼ ’ਤੇ ਰਿਆਇਤ ਦੇਣ ਵਾਲੀਆਂ ਪਾਰਟੀਆਂ ਵੱਲੋਂ ਪੰਜਾਬ ਵਿੱਚ ਸਥਾਪਤ ਕੀਤੇ ਜਾ ਰਹੇ ਪ੍ਰਾਜੈਕਟਾਂ ਨੂੰ ਬੰਦ ਕਰਨ ਬਾਰੇ ਵਿਚਾਰ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਇਸੇ ਤਰ੍ਹਾਂ ਹਾਲਾਤ ਬਣੇ ਰਹੇ ਤਾਂ ਪੰਜਾਬ ਨਿਵੇਸ਼, ਮਾਲੀਏ ਅਤੇ ਰੁਜ਼ਗਾਰ ਦੇ ਮੌਕਿਆਂ ਤੋਂ ਹੱਥ ਧੋ ਬੈਠੇਗਾ। ਮੁੱਖ ਮੰਤਰੀ ਨੇ ਫਿਰ ਤੋਂ ਕਿਸਾਨਾਂ ਨੂੰ ਪੰਜਾਬ ਵਿੱਚ ਕੀਤੇ ਜਾ ਰਹੇ ਆਪਣੇ ਪ੍ਰਦਰਸ਼ਨਾਂ ਨੂੰ ਬੰਦ ਕਰਨ ਦੀ ਅਪੀਲ ਕੀਤੀ ਜਿਸ ਦਾ ਉਨ੍ਹਾਂ ਦੀ ਇਸ ਦੁਰਦਸ਼ਾ ਨਾਲ ਦੂਰ-ਦੂਰ ਤੱਕ ਕੋਈ ਵਾਸਤਾ ਨਹੀਂ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨ ਅੰਦੋਲਨ ਦਾ ਜਨਜੀਵਨ ’ਤੇ ਅਸਰ: ਮਨੁੱਖੀ ਅਧਿਕਾਰ ਕਮਿਸ਼ਨ ਨੇ ਚਾਰ ਸੂਬਿਆਂ ਦੀਆਂ ਸਰਕਾਰਾਂ ਤੋਂ ਜਵਾਬ ਮੰਗਿਆ
Next articlePakistan to tour Bangladesh in November for Tests, T20Is