ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਵਿਖੇ “ਹਰ ਸ਼ੁੱਕਰਵਾਰ-ਡੇੰਗੂ ’ਤੇ ਵਾਰ” ਮੁਹਿੰਮ ਤਹਿਤ ਸਕੂਲੀ ਬੱਚਿਆਂ ਨੂੰ ਡੇੰਗੂ ਤੋਂ ਬਚਾਅ ਲਈ ਕੀਤਾ ਜਾਗਰੂਕ
ਨਵਾਂਸ਼ਹਿਰ (ਸਮਾਜ ਵੀਕਲੀ) (ਮਨੋਰੰਜਨ ਕਾਲੀਆ ) :- ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਵਿਖੇ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ-ਡੇੰਗੂ ’ਤੇ ਵਾਰ” ਮੁਹਿੰਮ ਤਹਿਤ ਸਕੂਲੀ ਬੱਚਿਆਂ ਨੂੰ ਡੇੰਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।ਇਸ ਸਬੰਧੀ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਡੇੰਗੂ ਇੱਕ ਗੰਭੀਰ ਅਤੇ ਜਾਨਲੇਵਾ ਬਿਮਾਰੀ ਹੈ, ਜੋ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਡੇੰਗੂ ਤੋਂ ਬਚਾਅ ਹੀ ਸਭ ਤੋਂ ਵੱਡਾ ਇਲਾਜ ਹੈ। ਉਨ੍ਹਾਂ ਨਵਾਂਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਕੂਲਰਾਂ, ਗਮਲਿਆਂ, ਟਾਇਰਾਂ, ਫ੍ਰਿਜ ਦੀਆਂ ਟ੍ਰੇਆਂ, ਪਾਣੀ ਵਾਲੇ ਭਾਂਡਿਆਂ ਅਤੇ ਛੱਤਾਂ ’ਤੇ ਪਏ ਕਬਾੜ ਦੀ ਹਰ ਹਫ਼ਤੇ ਜਾਂਚ ਅਤੇ ਸਫਾਈ ਯਕੀਨੀ ਬਣਾਉਣ। ਇਸ ਮੌਕੇ ਹੈਲਥ ਇੰਸਪੈਕਟਰ ਜੋਗਿੰਦਰਪਾਲ ਸਿੰਘ ਸਮੇਤ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੀ ਡੇੰਗੂ ਵਿਰੋਧੀ ਟੀਮ ਨੇ ਸਕੂਲ ਵਿੱਚ ਡੇੰਗੂ ਦੇ ਮੱਛਰ ਦਾ ਲਾਰਵਾ ਖਾਤਮਾ ਕਰਨ ਲਈ ਵੱਖ-ਵੱਖ ਸੰਭਾਵਿਤ ਥਾਵਾਂ ਚੈੱਕ ਕੀਤੀਆਂ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਸਵੇਰ ਤੇ ਸ਼ਾਮ ਦੇ ਸਮੇਂ ਕੱਟਦਾ ਹੈ, ਇਸ ਲਈ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਸਿਹਤ ਟੀਮ ਵੱਲੋਂ ਬੱਚਿਆਂ ਨੂੰ ਡੇੰਗੂ ਦੇ ਲੱਛਣਾਂ ਜਿਵੇਂ ਤੇਜ਼ ਬੁਖਾਰ, ਸਰੀਰ ਦਰਦ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਉਲਟੀਆਂ ਅਤੇ ਪਲੇਟਲੈਟਸ ਘਟਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਬੱਚਿਆਂ ਨੂੰ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕ੍ਰੀਮਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਸਿਹਤ ਵਿਭਾਗ ਦੀ ਟੀਮ ਨੇ ਕਿਹਾ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜਲੀ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਈ ਜਾਵੇ ਅਤੇ ਬਿਨਾਂ ਡਾਕਟਰੀ ਸਲਾਹ ਤੋਂ ਦਵਾਈ ਨਾ ਲਈ ਜਾਵੇ। ਉਨ੍ਹਾਂ ਕਿਹਾ ਕਿ “ਹਰ ਸ਼ੁੱਕਰਵਾਰ-ਡੇੰਗੂ ’ਤੇ ਵਾਰ” ਮੁਹਿੰਮ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਕੇ ਡੇੰਗੂ ਦੀ ਰੋਕਥਾਮ ਨੂੰ ਲੋਕ ਅੰਦੋਲਨ ਬਣਾਉਣਾ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਸਿਹਤ ਵਿਭਾਗ ਦੀ ਟੀਮ ਨੂੰ ਪੂਰਾ ਸਹਿਯੋਗ ਦੇਣ ਅਤੇ ਡੇੰਗੂ ਰੋਕਥਾਮ ਸੰਬੰਧੀ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਹੋਰਨਾਂ ਪ੍ਰਿੰਸੀਪਲ ਪਰਵਿੰਦਰ ਸਿੰਘ, ਮਹਿੰਦਰਪਾਲ ਸਿੰਘ, ਸਤਿੰਦਰ ਕੌਰ, ਕਮਲਜੀਤ ਕੌਰ, ਭੂਮਿਕਾ, ਪੂਜਾ, ਹੈਲਥ ਇੰਸਪੈਕਟਰ ਜੋਗਿੰਦਰ ਪਾਲ ਸਿੰਘ, ਏ.ਐੱਨ.ਐੱਮ. ਬਲਜੀਤ ਕੌਰ, ਸੁਰੇਖਾ ਰਾਣੀ, ਆਸ਼ਾ ਵਰਕਰ ਕੁਲਵਿੰਦਰ ਕੌਰ, ਚਰਨਜੀਤ ਕੌਰ, ਜਸਪ੍ਰੀਤ ਕੌਰ ਤੇ ਬ੍ਰੀਡਿੰਗ ਚੈਕਰ ਸਮੇਤ ਨਰਸਿੰਗ ਵਿਦਿਆਰਥਣਾਂ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



