HOME ਡੇਂਗੂ ਨੂੰ ਸ਼ੁਰੂਆਤੀ ਪੜਾਅ ‘ਚ ਹੀ ਰੋਕਣ ਦੀ ਲੋੜ ‘ਤੇ ਜ਼ੋਰ ਦਿੱਤਾ...

ਡੇਂਗੂ ਨੂੰ ਸ਼ੁਰੂਆਤੀ ਪੜਾਅ ‘ਚ ਹੀ ਰੋਕਣ ਦੀ ਲੋੜ ‘ਤੇ ਜ਼ੋਰ ਦਿੱਤਾ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ

1
• ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦੀ ਰੋਕਥਾਮ ਲਈ ਇੰਟਰ-ਸੈਕਟੋਰਲ ਮੀਟਿੰਗ, ਸਾਰੇ ਵਿਭਾਗਾਂ ਨੂੰ ਸਾਂਝੀ ਕਾਰਵਾਈ ਦੇ ਨਿਰਦੇਸ਼
• ‘ਹਰ ਸ਼ੁੱਕਰਵਾਰ–ਡੇਂਗੂ ‘ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ‘ਤੇ ਜ਼ੋਰ
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰੀ ਵੈਕਟਰ ਬੌਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਡੇਂਗੂ, ਚਿਕਨਗੁਨੀਆ, ਮਲੇਰੀਆ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਇੰਟਰ-ਸੈਕਟੋਰਲ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸਿਹਤ ਵਿਭਾਗ, ਸਿੱਖਿਆ ਵਿਭਾਗ, ਸਥਾਨਕ ਸਰਕਾਰ ਵਿਭਾਗ, ਪੰਚਾਇਤ ਰਾਜ, ਖੇਤੀਬਾੜੀ ਵਿਭਾਗ, ਇੰਡੀਅਨ ਮੈਡੀਕਲ ਐਸੋਸੀਏਸ਼ਨ, ਟਰਾਂਸਪੋਰਟ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਡੇਂਗੂ ਨੂੰ ਫੈਲਣ ਤੋਂ ਪਹਿਲਾਂ ਹੀ ਕਾਬੂ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਹਾਈ ਰਿਸਕ ਏਰੀਆ ਦੀ ਵਿਸ਼ੇਸ਼ ਨਿਗਰਾਨੀ ਕਰਨ ਦੀ ਹਦਾਇਤ ਕਰਦੇ ਹੋਏ ਕਿਹਾ ਕਿ ਘਰ-ਘਰ ਲਾਰਵਾ ਸਰਵੇ ਅਤੇ ਤੁਰੰਤ ਸਰੋਤ ਨਸ਼ਟ ਕਰਨ ਦੀ ਕਾਰਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਇਆ ਜਾਏ।  ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲਾਰਵਾ ਸਰਵੇ, ਸਫ਼ਾਈ ਮੁਹਿੰਮਾਂ ਅਤੇ ਜਨ-ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ।
ਉਨ੍ਹਾਂ ਹਦਾਇਤ ਕੀਤੀ ਕਿ ‘ਹਰ ਸ਼ੁੱਕਰਵਾਰ–ਡੇਂਗੂ ‘ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਲੋਕਾਂ ਨੂੰ ਹਰ ਹਫ਼ਤੇ ਕੂਲਰਾਂ, ਫਰਿੱਜ ਦੀਆਂ ਟਰੇਆਂ, ਗਮਲਿਆਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਦੀ ਸਫ਼ਾਈ ਲਈ ਪ੍ਰੇਰਿਤ ਕੀਤਾ ਜਾਵੇ। ਇਸ ਦੇ ਨਾਲ ਹੀ ਘਰਾਂ ਦੀਆਂ ਛੱਤਾਂ, ਪੁਰਾਣੇ ਟਾਇਰਾਂ, ਕਬਾੜ ਅਤੇ ਹੋਰ ਥਾਵਾਂ ‘ਤੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਵਿਸ਼ੇਸ਼ ਜਾਗਰੂਕਤਾ ਫੈਲਾਈ ਜਾਵੇ, ਕਿਉਂਕਿ ਡੇਂਗੂ ਦਾ ਮੱਛਰ ਸਾਫ਼ ਅਤੇ ਥੋੜ੍ਹੇ ਜਿਹੇ ਪਾਣੀ ਵਿੱਚ ਵੀ ਪੈਦਾ ਹੋ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨੇ ਡੇਂਗੂ ਰੋਕਥਾਮ ਦੇ ਲਿਹਾਜ਼ ਨਾਲ ਬਹੁਤ ਮਹੱਤਵਪੂਰਨ ਹਨ। ਇਸ ਲਈ ਘਰ-ਘਰ ਲਾਰਵਾ ਸਰਵੇ ਨੂੰ ਹੋਰ ਤੇਜ਼ ਕੀਤਾ ਜਾਵੇ, ਛੱਪੜਾਂ ਵਿੱਚ ਗੰਬੂਜ਼ੀਆ ਮੱਛੀਆਂ ਛੱਡੀਆਂ ਜਾਣ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਜਨਤਕ ਅਨਾਊਂਸਮੈਂਟਾਂ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੀਆਂ ਸਵੇਰ ਦੀਆਂ ਅਸੈਂਬਲੀਆਂ ਦੌਰਾਨ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਪਰਿਵਾਰਾਂ ਨੂੰ ਵੀ ਜਾਗਰੂਕ ਕਰ ਸਕਣ। ਉਨ੍ਹਾਂ ਸ਼ਹਿਰਾਂ ਵਿਚ ਸਥਾਨਕ ਸਰਕਾਰ ਵਿਭਾਗ ਤੇ ਪੇਂਡੂ ਖੇਤਰਾਂ ਵਿੱਚ ਪੰਚਾਇਤੀ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਜਿਨ੍ਹਾਂ ਘਰਾਂ ਜਾਂ ਅਦਾਰਿਆਂ ਵਿੱਚ ਵਾਰ-ਵਾਰ ਡੇਂਗੂ ਦਾ ਲਾਰਵਾ ਮਿਲੇ, ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਚੇਤਾਵਨੀ ਜਾਰੀ ਕਰਨ ਉਪਰੰਤ ਜੁਰਮਾਨੇ ਦੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਅਤੇ ਘਰ-ਘਰ ਲਾਰਵਾ ਸਰਵੇ, ਜਾਗਰੂਕਤਾ ਮੁਹਿੰਮਾਂ, ਐਂਟੀ-ਲਾਰਵਾ ਗਤੀਵਿਧੀਆਂ ਅਤੇ ਬਿਮਾਰੀ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਹਰੇਕ ਸ਼ੁੱਕਰਵਾਰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਸਫ਼ਾਈ ਜ਼ਰੂਰ ਕਰਨ, ਬੁਖ਼ਾਰ ਦੀ ਸੂਰਤ ਵਿੱਚ ਸਵੈ-ਦਵਾਈ ਤੋਂ ਬਚਣ ਅਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ। ਉਨ੍ਹਾਂ ਲੋਕਾਂ ਨੂੰ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਾਂ ਤੋਂ ਬਚਾਅ ਦੇ ਉਪਾਅ ਅਪਣਾਉਣ ਅਤੇ ਬੁਖ਼ਾਰ ਹੋਣ ‘ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਡੇਂਗੂ ਦੇ ਲੱਛਣਾਂ, ਬਚਾਅ, ਰੋਕਥਾਮ ਗਤੀਵਿਧੀਆਂ ਅਤੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮ ਵਿੱਚ ਤਬਦੀਲੀ ਦੌਰਾਨ ਡੇਂਗੂ ਦਾ ਖ਼ਤਰਾ ਵੱਧ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਡੇਂਗੂ ਕਾਰਨ ਹੋਣ ਵਾਲੀਆਂ ਗੰਭੀਰ ਪੇਚੀਦਗੀਆਂ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਬਚਿਆ ਜਾ ਸਕਦਾ ਹੈ।
ਇਸ ਮੌਕੇ ਡਿਪਟੀ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ, ਡਾ. ਸਤਿੰਦਰਜੀਤ ਕੌਰ, ਡਾ ਨੀਨਾ ਸ਼ਾਂਤ, ਡਾ ਜਸਵਿੰਦਰ ਸਿੰਘ, ਡਾ ਚਰਨਜੀਤ ਕੁਮਾਰ, ਡਾ ਸੋਨੀਆ ਤੇ ਵੱਖ-ਵੱਖ ਸਿਹਤ ਸੰਸਥਾਵਾਂ ਦੇ ਮੁਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਦੀਆਂ ਨੁੱਕੜ ਮੀਟਿੰਗਾਂ ਨੇ ਧਾਰਿਆ ਰੈਲੀ ਦਾ ਰੂਪ; ਪਿੰਡ ਬਾਗੋਵਾਲ ਵਿਖੇ ਹੋਇਆ ਭਰਵਾਂ ਇਕੱਠ