ਹੁਸ਼ਿਆਰਪੁਰ(ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਰਜਿਸਟਰਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿਚ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਪੱਸ਼ਟ ਆਦੇਸ਼ ਹਨ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਆਪਣਾ ਕੰਮਕਾਰ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਨਾਲ ਸਬੰਧਤ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦਾ ਲਗਾਤਾਰ ਨਿਰੀਖਣ ਕਰਨ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ। ਇਸੇ ਤਰ੍ਹਾਂ ਉਨ੍ਹਾਂ ਆਰ.ਟੀ.ਓ ਦਫਤਰ ਅਤੇ ਸੇਵਾ ਕੇਂਦਰ ਹੁਸ਼ਿਆਰਪੁਰ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੀ ਚੈਕਿੰਗ ਨਿਰੰਤਰ ਜਾਰੀ ਰੱਖੀ ਜਾਵੇਗੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਕੰਮਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly