*ਅਧਿਕਾਰੀਆਂ ਨੂੰ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਲਾਭ ਦੇਣ ਦੇ ਦਿੱਤੇ ਨਿਰਦੇਸ਼*
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਦੀ ਪ੍ਰਗਤੀ ਦੀ ਸਮੀਖਿਆ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਤੋਂ ਸਕੀਮ ਦੇ ਤਹਿਤ ਪ੍ਰਾਪਤ ਹੋਈਆਂ ਅਰਜ਼ੀਆਂ, ਮਨਜ਼ੂਰ ਕੀਤੇ ਗਏ ਕੇਸਾਂ ਅਤੇ ਵਿੱਤੀ ਸਹਾਇਤਾ ਦੀ ਵੰਡ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਲਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਮਾਵਾਂ ਅਤੇ ਧੀਆਂ ਦੇ ਸਨਮਾਨ ਅਤੇ ਸਸ਼ਕਤੀਕਰਨ ਲਈ ਇੱਕ ਅਹਿਮ ਕਦਮ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੀਮ ਦੇ ਤਹਿਤ ਆਉਣ ਵਾਲੀਆਂ ਸਾਰੀਆਂ ਅਰਜ਼ੀਆਂ ਦੀ ਪੜਤਾਲ ਸਮੇਂ ਸਿਰ ਕੀਤੀ ਜਾਵੇ ਅਤੇ ਕੋਈ ਵੀ ਯੋਗ ਲਾਭਪਾਤਰੀ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਜਿਲ਼੍ਹੇ ਅਧੀਨ ਕੁੱਲ 168334 ਔਰਤਾਂ ਦੀ ਰਜਿਸਟਰੇਸ਼ਨ ਹੁਣ ਤੱਕ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਅਧੀਨ ਮੀਟਿੰਗ ਦੌਰਾਨ ਪੈਡਿੰਗ ਕੇਸਾਂ ਨੂੰ ਤੁਰੰਤ ਕਲੀਅਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਔਰਤਾਂ ਨੂੰ ਸਕੀਮ ਦਾ ਲਾਭ ਜਲਦ ਤੋਂ ਜਲਦ ਮਿਲ ਸਕੇ। ਉਨ੍ਹਾਂ ਕਿਹਾ ਕਿ ਪਿੰਡ ਅਤੇ ਵਾਰਡ ਪੱਧਰ ‘ਤੇ ਲੋਕਾਂ ਨੂੰ ਇਸ ਸਕੀਮ ਬਾਰੇ ਵਿਆਪਕ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਯੋਗ ਮਹਿਲਾਵਾਂ ਇਸ ਦਾ ਫਾਇਦਾ ਲੈ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly






