ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹੇ ਦੀਆਂ 13 ਤੋਂ ਵੱਧ ਮੰਡੀਆਂ ਵਿੱਚ ਅੱਜ ਤੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਾਲ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦੀ ਪ੍ਰਕਿਰਿਆ ਦਾ ਸ਼ੁਭਾਰੰਭ ਕੀਤਾ ਅਤੇ ਸਾਰੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਮੰਗਲਵਾਰ ਤੋਂ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖ਼ਰੀਦ ਸ਼ੁਰੂ ਹੋ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਕੁੱਲ 65 ਮੰਡੀਆਂ ਵਿੱਚੋਂ ਹੁਸ਼ਿਆਰਪੁਰ, ਨਸਰਾਲਾ, ਫੁਗਲਾਨਾ, ਮਾਹਿਲਪੁਰ, ਪੱਦੀ ਸੂਰਾਂ ਸਿੰਘ, ਭੰਗਾਲਾ, ਹਰਸਾ ਮਾਨਸਰ, ਕੌਲਪੁਰ, ਮੁਕੇਰਿਆਂ, ਪੰਡੋਰੀ, ਦਸੂਹਾ, ਨੌਸ਼ਹਿਰਾ, ਪੰਜਧੇਰਕਲਾਂ ਅਤੇ ਹੋਰ ਮਹੱਤਵਪੂਰਨ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀਆਂ ਵਿੱਚ ਖ਼ਰੀਦ ਪ੍ਰਬੰਧ ਦੇ ਇਲਾਵਾ, ਡਿਪਟੀ ਕਮਿਸ਼ਨਰ ਨੇ ਇਹ ਵੀ ਯਕੀਨੀ ਬਣਾਇਆ ਹੈ ਕਿ ਸਾਰੀਆਂ ਸਹੂਲਤਾਂ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਚੱਲਦੀਆਂ ਰਹਿਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਨਮੀ ਵਾਲਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਕੰਬਾਇਨ ਨਾਲ ਵਾਡੀ ਦਾ ਕੰਮ ਨਿਸ਼ਚਿਤ ਸਮੇਂ ਦੇ ਅੰਦਰ ਹੀ ਪੂਰਾ ਕਰਨ। ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਲਈ ਪਹਿਲਾਂ ਜਾਰੀ ਕੀਤੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਦੱਸਿਆ ਕਿ ਰਾਤ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨ ਮਸ਼ੀਨਾਂ ਨਾਲ ਕਟਾਈ ‘ਤੇ ਪੂਰਨ ਤੌਰ ‘ਤੇ ਰੋਕ ਲਗਾਈ ਗਈ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly