ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮਹੀਨਾਵਾਰ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲੈਦਿੰਆਂ ਵਿਭਾਗ ਦੇ ਨਿਰਧਾਰਿਤ ਟੀਚਿਆਂ ਅਤੇ ਪ੍ਰਾਪਤ ਟੀਚੇ ਬਾਰੇ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪ੍ਰੋਗਰਾਮਾਂ ਅਧਿਕਾਰੀਆ ਵੱਲੋਂ ਚੱਲ ਰਹੇ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾ ਦੇ ਟੀਚੇ ਨੂੰ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਵੱਲੋਂ ਵੈਕਟਰ ਬੋਰਨ ਅਤੇ ਵਾਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਟੀਕਾਰਨ ਅਫ਼ਸਰ ਡਾ. ਸੀਮਾ ਗਰਗ ਵੱਲੋਂ ਯੂ.ਵਿਨ ਪੋਰਟਲ ਅਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਟੀਕਾਰਨ ਸਬੰਧੀ ਜਾਣਕਾਰੀ ਸਮੇਂ ਸਿਰ ਅਪਡੇਟ ਕਰਨ ਲਈ ਸੂਬੇ ਭਰ ਵਿਚ ਜ਼ਿਲ੍ਹੇ ਦੇ ਪਹਿਲੇ ਸਥਾਨ ‘ਤੇ ਆਉਣ ਦੀ ਜਾਣਕਾਰੀ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸਿਹਤ ਅਧਿਕਾਰੀਆਂ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਗਈ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਹਦਾਇਤ ਕੀਤੀ ਕਿ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਬੰਧਤ ਯੋਜਨਾਵਾਂ ਦੇ ਬਾਰੇ ਵਿਚ ਜਨਤਾ ਨੂੰ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਜਾਗਰੂਕਤਾ ਨਾਲ ਹੀ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਦੀ ਡਿਲੀਵਰੀ ਵੱਧ ਤੋਂ ਵੱਧ ਸਰਕਾਰੀ ਹਸਪਤਾਲਾਂ ਵਿਚ ਕਰਵਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਡਿਲੀਵਰੀ ਦੌਰਾਨ ਬੀ.ਪੀ.ਐਲ ਪਰਿਵਾਰਾਂ ਨਾਲ ਸਬੰਧਤ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾਂ ਵੀ ਸੁਚਾਰੂ ਢੰਗ ਨਾਲ ਦਿੱਤੀ ਜਾਵੇ। ਉਨ੍ਹਾਂ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬੇਨਿਯਮੀਆਂ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟੀ.ਬੀ ਦੀ ਬਿਮਾਰੀ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕਤਾ ਫ਼ੈਲਾਈ ਜਾਵੇ ਅਤੇ ਇਸ ਤਰ੍ਹਾਂ ਦੇ ਮਰੀਜ਼ ਸਾਹਮਣੇ ਆਉਣ ‘ਤੇ ਉਨ੍ਹਾਂ ਦਾ ਫੌਰੀ ਇਲਾਜ ਕੀਤਾ ਜਾਵੇ।
ਕੋਮਲ ਮਿੱਤਲ ਨੇ ਇਸ ਤੋਂ ਪਹਿਲਾਂ ਰੋਡ ਸੇਫਟੀ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਚਿਨ੍ਹਿਤ ਕੀਤੇ ਗਏ ਬਲਾਈਂਡ ਸਥਾਨਾਂ ‘ਤੇ ਕੰਮ ਕੀਤਾ ਜਾਵੇ ਅਤੇ ਉਥੇ ਟ੍ਰੈਫਿਕ ਲਾਈਟਾਂ ਤੋਂ ਇਲਾਵਾ ਹਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਇਆ ਜਾਵੇ, ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲੇ ਮਦਦਗਾਰ ਵਿਅਕਤੀਆਂ ਨੂੰ 5-5 ਹਜ਼ਾਰ ਰੁਪਏ ਪੁਰਸਕਾਰ ਰਾਸ਼ੀ ਦੇ ਤੌਰ ‘ਤੇ ਦਿੱਤੇ ਜਾਣਗੇ। ਇਸ ਦੌਰਾਨ ਉਨ੍ਹਾਂ ਜਿਥੇ ਸੇਫ ਸਕੂਲ ਵਾਹਨ ਸਕੀਮ ਦੀ ਸਮੀਖਿਆ ਕੀਤੀ ਉਥੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਜ਼ਿਲ੍ਹੇ ਦੇ ਕਿਸੇ ਵੀ ਬੱਸ ਸਟੈਂਡ ਦੇ ਬਾਹਰ ਵਾਹਨ ਨਾ ਖੜ੍ਹੇ ਹੋਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous article“ਸਰਾਭਾ ਪੰਥਕ ਮੋਰਚੇ” ਵੱਲੋਂ ਸ: ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ
Next articleਦੁਨੀਆਂ ਦਾ ਸਭ ਤੋਂ ਵੱਡਾ ਟੂਰਨਾਮੈਂਟ ਅਤੇ ਭਾਰਤ ਦੀ ਸਥਿਤੀ