ਪੂਰੇ ਜ਼ਿਲ੍ਹੇ ਨੂੰ ਮਿਲ ਰਿਹਾ ਹੈ ਸੀ.ਐਮ ਦੀ ਯੋਗਸ਼ਾਲਾ ਦਾ ਲਾਭ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਮੁਫ਼ਤ ਯੋਗਾ ਕਲਾਸਾਂ ’ਚ ਸ਼ਾਮਲ ਹੋਣ ਦੀ ਕੀਤੀ ਅਪੀਲ

ਹੁਸ਼ਿਆਰਪੁਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਅਧੀਨ ਜ਼ਿਲ੍ਹੇ ਵਿੱਚ 48 ਟ੍ਰੇਨਰਾਂ ਵੱਲੋਂ ਲਗਭਗ 267 ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ ਜਿਸ ਵਿੱਚ ਰੋਜ਼ਾਨਾ 9 ਹਜ਼ਾਰ ਦੇ ਕਰੀਬ ਲੋਕ ਯੋਗ ਅਭਿਆਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੀ.ਐਮ ਦੀ ਯੋਗਸ਼ਾਲਾ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ ਸਾਰੇ 10 ਬਲਾਕਾਂ ਨੂੰ ਕਵਰ ਕੀਤਾ ਗਿਆ ਹੈ ਅਤੇ ਲੋਕਾਂ ਵਿੱਚ ਯੋਗਾ ਪ੍ਰਤੀ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਪੰਜਾਬ ਸਰਕਾਰ ਵੱਲੋਂ ਰਾਜ ਦੇ ਨਾਗਰਿਕਾਂ ਨੂੰ ਮੁਫਤ ਯੋਗਾ ਸਿੱਖਿਆ ਪ੍ਰਦਾਨ ਕਰਨ ਲਈ ਇੱਕ ਪਹਿਲ ਹੈ। ਇਸ ਸਕੀਮ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗਾ ਅਧਿਆਪਕਾਂ ਦੀ ਟੀਮ ਬਣਾਈ ਗਈ ਹੈ ਤਾਂ ਜੋ ਯੋਗਾ ਨੂੰ ਹਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਲੋਕਾਂ ਨੂੰ ਯੋਗਾ ਅਧਿਆਪਕਾਂ ਦੀ ਸਹੂਲਤ ਮੁਹੱਈਆ ਕਰਵਾ ਕੇ ਇਸ ਨੂੰ ਲੋਕ ਲਹਿਰ ਵਿੱਚ ਬਦਲਿਆ ਜਾ ਸਕੇ। ਇਸ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਧਿਆਨ ਅਤੇ ਯੋਗਾ ਦੀ ਮਹੱਤਤਾ ਨੂੰ ਉਜਾਗਰ ਕਰਨਾ ਹੈ। ਇੱਕ ਪ੍ਰਾਚੀਨ ਅਭਿਆਸ ਵਜੋਂ, ਯੋਗਾ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਸਾਬਤ ਹੋਇਆ ਹੈ। ਰੋਜ਼ਾਨਾ ਅਭਿਆਸ ਨਾਲ ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਣ ਨਾਲ ਵਧੇਰੇ ਅਨੁਕੂਲ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਸਕੀਮ ਸੂਬੇ ਵਿੱਚ ਪਿਛਲੇ ਸਾਲ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਵੱਖ-ਵੱਖ ਅਧਿਐਨਾਂ ਵਿੱਚ ਸ਼ਾਮਲ ਕੀਤਾ ਗਿਆ ਹੈ।

ਸੀ.ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਮਾਧਵੀ ਸਿੰਘ ਨੇ ਦੱਸਿਆ ਕਿ ਸੂਬਾ ਸਲਾਹਕਾਰ ਅਮਰੇਸ਼ ਝਾਅ ਅਤੇ ਕਮਲੇਸ਼ ਮਿਸ਼ਰਾ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਯੋਗਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਉਨ੍ਹਾਂ ਦੀ ਪਸੰਦ ਦੇ ਸਥਾਨ ਜਿਵੇਂ ਪਾਰਕ, ਜਨਤਕ ਸਥਾਨਾਂ ‘ਤੇ ਮੁਫਤ ਯੋਗਾ ਦੀ ਸਿੱਖਿਆ ਦਿੱਤੀ ਜਾ ਰਹੀ ਹੈ। ਮਾਧਵੀ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਯੋਗਾ ਕਲਾਸ ਕਰਨ ਲਈ ਜਗ੍ਹਾ ਉਪਲਬੱਧ ਹੈ ਅਤੇ ਘੱਟੋ-ਘੱਟ 25 ਵਿਅਕਤੀਆਂ ਦਾ ਗਰੁੱਪ ਹੈ ਤਾਂ ਪੰਜਾਬ ਸਰਕਾਰ ਘਰ-ਘਰ ਯੋਗਾ ਸਿਖਲਾਈ ਪ੍ਰਾਪਤ ਇੰਸਟ੍ਰਕਟਰ ਭੇਜੇਗੀ। ਜੇਕਰ ਉਹ ਚਾਹੁਣ ਤਾਂ ਲੋਕ ਆਪਣੇ ਲਈ ਜਾਂ ਇੱਕ ਵਿਅਕਤੀ ਲਈ ਵੀ ਰਜਿਸਟਰ ਕਰ ਸਕਦੇ ਹਨ। ਜਿਹੜੇ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਟੋਲ ਫਰੀ ਨੰਬਰ 7669400500 ‘ਤੇ ਮਿਸ ਕਾਲ ਦੇ ਸਕਦੇ ਹਨ ਜਾਂ ਸੀ.ਐਮ. ਕੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹੇ ਵਿਚ ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ
Next articleਸਿਵਲ ਹਸਪਤਾਲ ਬੰਗਾ ਵਿਖੇ ਡੇਗੂ ਐਕਟੀਵਿਟੀ ਕੀਤੀ ਗਈ।