ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਮ ਕਰਦੀਆਂ ਔਰਤਾਂ ਦੇ ਛੋਟੇ ਬੱਚਿਆਂ ਦੀ ਸਾਂਭ-ਸੰਭਾਲ ਲਈ ਅੱਜ ਕਰੈਚ ਦੀ ਸ਼ੁਰੂਆਤ ਕੀਤੀ ਗਈ। ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਬਣਾਏ ਇਸ ਕਰੈਚ ਦਾ ਉਦਘਾਟਨ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਇਸ ਕਰੈਚ ਦੀ ਸ਼ੁਰੂਆਤ ਨਾਲ ਇਥੇ ਕੰਮ ਕਰਦੀਆਂ ਔਰਤਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਉਹ ਆਪਣੇ ਬੱਚਿਆਂ ਦੀ ਸਾਂਭ ਸੰਭਾਲ ਦੀ ਚਿੰਤਾ ਛੱਡ ਕੇ ਸਹੀ ਤਰ੍ਹਾਂ ਨਾਲ ਕੰਮ ਕਰ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਥੇ ਬੱਚਿਆਂ ਦੇ ਖੇਡਣ ਲਈ ਖਿਡੌਣਿਆਂ, ਆਰਾਮ ਕਰਨ ਲਈ ਗੱਦਿਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਤੋਂ ਇਲਾਵਾ ਉਨ੍ਹਾਂ ਦੀ ਦੇਖਭਾਲ ਲਈ ਸਟਾਫ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਇਸ ਮੌਕੇ ਕਿਹਾ ਕਿ ਇਹ ਕਰੈਚ ਸਹੀ ਮਾਅਨਿਆਂ ਵਿਚ ਔਰਤਾਂ ਦੇ ਸਸ਼ਕਤੀਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਉਹ ਘਰ ਦਾ ਫ਼ਿਕਰ ਤਿਆਗ ਕੇ ਸਮਾਜ ਵਿਚ ਆਪਣਾ ਯੋਗਦਾਨ ਪਾ ਸਕਣਗੀਆਂ। ਇਸ ਮੌਕੇ ਹਾਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਮ ਕਰਦੀਆਂ ਔਰਤਾਂ ਨੇ ਕਿਹਾ ਕਿ ਇਸ ਕਰੈਚ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ, ਕਿਉਂਕਿ ਉਨਾਂ ਦਾ ਧਿਆਨ ਹਮੇਸ਼ਾ ਪਿੱਛੇ ਆਪਣੇ ਛੋਟੇ ਬੱਚਿਆਂ ਵੱਲ ਹੀ ਰਹਿੰਦਾ ਸੀ। ਪਰੰਤੂ ਹੁਣ ਉਹ ਬਗੈਰ ਕਿਸੇ ਚਿੰਤਾ ਤੋਂ ਵਧੀਆ ਢੰਗ ਨਾਲ ਕੰਮ ਕਰ ਸਕਣਗੀਆਂ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨਿਧੀ ਸਿਨਹਾ, ਪੀ.ਏ-ਟੂ-ਡੀ.ਸੀ ਜਸਬੀਰ ਸਿੰਘ, ਜ਼ਿਲ੍ਹਾ ਨਾਜ਼ਰ ਹਰਪਾਲ ਸਿੰਘ ਅਤੇ ਹੋਰ ਹਾਜ਼ਰ ਸਨ।
https://play.google.com/store/apps/details?id=in.yourhost.samaj