ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ, ਪੁਲਿਸ ਲਾਈਨ ਵਿਖੇ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) 76ਵੇਂ ਗਣਤੰਤਰਤਾ ਦਿਵਸ ਦੇ ਮੌਕੇ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਲਪੈਕਸ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਰੱਖੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆ ਅਤੇ ਸਬੰਧਤ ਅਮਲੇ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਠੰਡ ਦੇ ਮੌਸਮ ਦੇ ਮੱਦੇਨਜ਼ਰ ਢੁਕਵੇਂ ਇੰਤਜ਼ਾਮ ਅਮਲ ਵਿਚ ਲਿਆਂਦੇ ਜਾਣ ਤਾਂ ਜੋ ਸਕੂਲੀ ਵਿਦਿਆਰਥੀਆਂ ਆਦਿ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੇ ਸੜਕਾਂ ਅਤੇ ਪੁਲਿਸ ਲਾਈਨ ਵਿਖੇ ਵੀ ਸਫਾਈ ਅਤੇ ਸਜਾਵਟ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਪੇਸ਼ ਕਰਦੀਆਂ ਵੱਖ-ਵੱਖ ਝਾਕੀਆਂ ਤਿਆਰ ਕਰਨ ਲਈ ਵੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਆਉਂਦੇ ਦਿਨਾਂ ਵਿਚ ਰਿਹਰਸਲ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਉਪਰੰਤ 24 ਜਨਵਰੀ ਨੂੰ ਫੁਲ ਡਰੈਸ ਰਿਹਰਸਲ ਤੈਅ ਕੀਤੀ ਗਈ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਸਮਾਗਮ ਵਾਲੀ ਥਾਂ ’ਤੇ ਸਿਹਤ ਸੇਵਾਵਾਂ, ਫਾਇਰ ਬ੍ਰਿਗੇਡ, ਪੀਣ ਵਾਲੇ ਪਾਣੀ ਦੀ ਵਿਵਸਥਾ ਆਦਿ ਵੀ ਸੁਚੱਜੇ ਢੰਗ ਨਾਲ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਪਰੇਡ ਵਿਚ ਸ਼ਾਮਲ ਪੰਜਾਬ ਪੁਲਿਸ, ਐਨ.ਸੀ.ਸੀ., ਪੀ.ਆਰ.ਟੀ.ਸੀ., ਸਿਹਤ ਵਿਭਾਗ, ਸਿੱਖਿਆ, ਨਗਰ ਨਿਗਮ, ਖੇਤੀਬਾੜੀ ਵਿਭਾਗ, ਮਾਰਕਫੈਡ ਆਦਿ ਦੀਆ ਝਾਕੀਆਂ ਸ਼ਾਮਲ ਹੋਣਗੀਆਂ ਜਿਨ੍ਹਾਂ ਲਈ ਸਬੰਧਤ ਵਿਭਾਗ ਸਮੇਂ ਸਿਰ ਪ੍ਰਬੰਧਾਂ ਨੂੰ ਮੁਕੰਮਲ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ  ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous article9 ਜਨਵਰੀ ਨੂੰ ਮੋਗਾ ਵਿਖੇ ਹੋ ਰਹੀ ਕਿਸਾਨ ਮਹਾਂਪੰਚਾਇਤ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਕੀਤੀ
Next articleਨਸ਼ਿਆਂ ਦੇ ਖਾਤਮੇ ਲਈ ਮਿਸ਼ਨ ’ਹੁਸ਼ਿਆਰ’ ਦੀ ਸ਼ੁਰੂਆਤ, ਔਰਤਾਂ ਦੀ ਸ਼ਮੂਲੀਅਤ ਨਾਲ ਨਸ਼ਿਆਂ ਨੂੰ ਜੜੋਂ ਖਤਮ ਕੀਤਾ ਜਾ ਸਕਦੈ – ਡਿਪਟੀ ਕਮਿਸ਼ਨਰ