ਸ੍ਰੀ ਕੀਰਤਪੁਰ ਸਾਹਿਬ (ਸਮਾਜ ਵੀਕਲੀ): ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਹਿਊਸਟਨ ਦੀ ਸਭ ਤੋਂ ਵੱਡੀ ਕਾਊਂਟੀ ਵਿੱਚ ਡਿਪਟੀ ਸ਼ੈਰਿਫ ਵਜੋਂ ਸੇਵਾ ਨਿਭਾਉਣ ਵਾਲੇ ਪਹਿਲੇ ਦਸਤਾਰਧਾਰੀ ਸਿੱਖ ਨੌਜਵਾਨ ਸੰਦੀਪ ਸਿੰਘ ਧਾਲੀਵਾਲ ਦਾ 27 ਸਤੰਬਰ, 2019 ਨੂੰ ਅਮਰੀਕਾ ਵਿੱਚ ਨਸਲੀ ਵਿਤਕਰੇ ਤਹਿਤ ਉੱਥੋਂ ਦੇ ਇੱਕ ਵਿਅਕਤੀ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਨੇੜੇ ਸਤਲੁਜ ਦਰਿਆ ’ਤੇ ਬਣੇ ਅਸਥਘਾਟ ਵਿਖੇ ਉਨ੍ਹਾਂ ਦੀਆਂ ਅਸਥੀਆਂ ਜਲ-ਪ੍ਰਵਾਹ ਕੀਤੀਆਂ।
ਅਸਥੀਆਂ ਜਲ-ਪ੍ਰਵਾਹ ਕਰਨ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸੰਦੀਪ ਸਿੰਘ ਧਾਲੀਵਾਲ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਹਾਜ਼ਰ ਸਨ। ਇਸ ਮੌਕੇ ਸੰਦੀਪ ਸਿੰਘ ਧਾਲੀਵਾਲ ਦੇ ਪਿਤਾ ਪਿਆਰਾ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੇ ਅਮਰੀਕਾ ਵਿੱਚ ਰਹਿੰਦਿਆਂ ਸਿੱਖੀ ਤੇ ਆਪਣੇ ਲੋਕਾਂ ਦੀ ਸੇਵਾ ਲਈ ਵੱਡੇ ਕੰਮ ਕੀਤੇ। ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੰਦੀਪ ਸਿੰਘ ਧਾਲੀਵਾਲ ਤੋਂ ਨੌਜਵਾਨਾਂ ਨੂੰ ਸੇਧ ਲੈਣੀ ਚਾਹੀਦੀ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਇਸ ਸ਼ਹਾਦਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਇਸ ਮੌਕੇ ਸੰਦੀਪ ਸਿੰਘ ਦੀਆਂ ਭੈਣਾਂ ਹਰਪ੍ਰੀਤ ਕੌਰ ਤੇ ਰਣਜੀਤ ਕੌਰ, ਜੀਜਾ ਦੀਪਕ ਸਿੰਘ, ਚਚੇਰਾ ਭਰਾ ਪਵਨਪ੍ਰੀਤ ਸਿੰਘ, ਰੁਪਿੰਦਰਜੀਤ ਕੌਰ, ਸੰਦੀਪ ਸਿੰਘ, ਕੁਲਦੀਪ ਸਿੰਘ, ਰਛਪਾਲ ਕੌਰ ਆਦਿ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly