ਗੜ੍ਹਸ਼ੰਕਰ /ਹੁਸ਼ਿਆਰਪੁਰ (ਸਮਾਜ ਵੀਕਲੀ) ( ਬਲਵੀਰ ਚੌਪੜਾ ) ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਆਪਣੇ ਜੱਦੀ ਪਿੰਡ ਰੌੜੀ ਵਿਖੇ ਕਰਵਾਏ ਗਏ ਸ਼ਾਨਦਾਰ ਵਾਲੀਵਾਲ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ, ਜਿਸ ਦਾ ਹਾਜ਼ਰ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਆਪਣੇ ਜੱਦੀ ਪਿੰਡ ਰੌੜੀ ਦੇ ਵਿਕਾਸ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਪਿੰਡ ਵਾਸੀਆਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਐਲਾਨੀ ਗਈ 10 ਲੱਖ ਰੁਪਏ ਦੀ ਗ੍ਰਾਂਟ ਨਾਲ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਬਲ ਮਿਲੇਗਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਉਪਲਬਧ ਹੋਣਗੀਆਂ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਟੂਰਨਾਮੈਂਟ ਦੇ ਜੇਤੂ ਅਤੇ ਉਪ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਖੇਡਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਉਹ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੇ ਰਹਿਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


