ਗੜ੍ਹਸ਼ੰਕਰ, (ਸਮਾਜ ਵੀਕਲੀ) ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸ਼ਹੀਦੇ ਏ ਆਜਮ ਸਰਦਾਰ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮੰਗਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਪਿੰਡ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦਿੰਦਿਆਂ 33 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ। ਸੰਬੋਧਨ ਕਰਦਿਆਂ ਸ. ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਿੱਖਿਆ, ਸਿਹਤ ਅਤੇ ਖੇਡਾਂ ਸਮੇਤ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਆਪਣੇ ਪਿੰਡਾਂ ਵਿੱਚ ਹੀ ਉੱਚ ਪੱਧਰੀ ਬੁਨਿਆਦੀ ਸਹੂਲਤਾਂ ਪ੍ਰਾਪਤ ਹੋ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਉਦੇਸ਼ ਨਾਲ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਅਪਣਾਉਣ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਸੜਕਾਂ, ਪਾਣੀ ਦੀ ਨਿਕਾਸੀ, ਬਿਜਲੀ, ਸਫ਼ਾਈ ਅਤੇ ਹੋਰ ਵਿਕਾਸ ਕਾਰਜਾਂ ਸਬੰਧੀ ਆਪਣੀਆਂ ਮੰਗਾਂ ਡਿਪਟੀ ਸਪੀਕਰ ਦੇ ਧਿਆਨ ਵਿੱਚ ਲਿਆਂਦੀਆਂ। ਡਿਪਟੀ ਸਪੀਕਰ ਰੌੜੀ ਨੇ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡ ਵਾਸੀਆਂ ਨੇ ਖੇਡ ਮੈਦਾਨ ਦੇ ਨਵੀਨੀਕਰਨ ਲਈ 33 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕਰਨ ’ਤੇ ਡਿਪਟੀ ਸਪੀਕਰ ਰੌੜੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਖੇਡ ਸਹੂਲਤਾਂ ਉਪਲਬਧ ਹੋਣਗੀਆਂ ਅਤੇ ਖੇਡਾਂ ਦਾ ਮਾਹੌਲ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤ ਮੈਂਬਰ, ਸਮਾਜ ਸੇਵੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly






