ਪੰਜਾਬ ’ਚ ਕਿਸਾਨਾਂ ਵੱਲੋਂ ਟੈਨੀ ਦੀ ਬਰਖ਼ਾਤਗੀ ਦੀ ਮੰਗ ਨੂੰ ਲੈ ਕੇ ਧਰਨੇ

ਚੰਡੀਗੜ੍ਹ (ਸਮਾਜ ਵੀਕਲੀ):  ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਮੋਰਚੇ ਦੇ 11 ਮਹੀਨੇ ਮੁਕੰਮਲ ਹੋਣ ’ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਅਤੇ ਐੱਸਡੀਐੱਮ ਦਫ਼ਤਰਾਂ ਅੱਗੇ ਧਰਨੇ ਦਿੱਤੇ ਗਏ ਜਿਸ ’ਚ ਵੱਡੀ ਗਿਣਤੀ ’ਚ ਨੌਜਵਾਨ, ਬਜ਼ੁਰਗ, ਔਰਤਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਲ ਹੋਏ। ਕਿਸਾਨਾਂ ਨੇ ਲਖੀਮਪੁਰ ਖੀਰੀ ਘਟਨਾ ਦੇ ਕਥਿਤ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਬਰਖਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਇਸ ਸਬੰਧੀ ਕਿਸਾਨ ਜਥੇਬੰਦੀਆਂ ਨੇ ਰਾਸ਼ਟਰਪਤੀ ਦੇ ਨਾਂ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ। ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ, ਹਰਮੀਤ ਸਿੰਘ ਕਾਦੀਆਂ, ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਜੰਗਬੀਰ ਸਿੰਘ ਚੌਹਾਨ ਸਣੇ ਹੋਰਨਾਂ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਲਖੀਮਪੁਰ ਖੀਰੀ ’ਚ ਭਾਜਪਾ ਆਗੂ ਦੀ ਸ਼ਹਿ ’ਤੇ 4 ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ ਤੇ ਮਾਮਲੇ ਦੀ ਨਿਰਪੱਖ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖਾਸਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਅੰਦੋਲਨ ਜਾਰੀ ਰਹੇਗਾ।

ਸੂਬੇ ’ਚ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਗੁਲਾਬੀ ਸੁੰਡੀ ਨੇ ਪੂਰੀ ਫ਼ਸਲ ਬਰਬਾਦ ਕਰ ਦਿੱਤੀ ਹੈ। ਇਸ ਲਈ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕੀਤਾ ਜਾਣਾ ਚਾਹੀਦਾ ਹੈ। ਬੇਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਮੌਸਮ ’ਚ ਅਚਾਨਕ ਤਬਦੀਲੀ ਆ ਗਈ ਹੈ ਜਿਸ ਲਈ ਝੋਨਾ-ਖ਼ਰੀਦ ਦੇ ਮਾਪਦੰਡ ਨਰਮ ਕੀਤੇ ਜਾਣ। ਆਗੂਆਂ ਨੇ ਕਿਹਾ ਕਿ 11 ਮਹੀਨਿਆਂ ਦੌਰਾਨ 750 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਥਾਂ ਖੇਤੀ ਕਾਨੂੰਨਾਂ ਦੇ ਗੁਣ ਗਾ ਰਹੀ ਹੈ। ਦੂਜੇ ਪਾਸੇ ਦਿੱਲੀ ਬਾਰਡਰ ’ਤੇ ਚੱਲ ਰਹੇ ਕਿਸਾਨ ਧਰਨਿਆਂ ਦੀ ਮਜ਼ਬੂਤੀ ਲਈ ਸੂਬੇ ਵਿੱਚੋਂ ਵੱਡੀ ਗਿਣਤੀ ’ਚ ਕਾਫ਼ਲੇ ਦਿੱਲੀ ਲਈ ਰਵਾਨਾ ਹੋਏ।

ਹਰਿਆਣਾ ’ਚ ਕਿਸਾਨਾਂ ਡੀਸੀ ਦਫ਼ਤਰ ਘੇਰੇ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਵੀ ਸੂਬੇ ’ਚ ਡਿਪਟੀ ਕਮਿਸ਼ਨਰ ਅਤੇ ਐੱਸਡੀਐੱਮ ਦਫ਼ਤਰਾਂ ਦਾ ਘਿਰਾਓ ਕੀਤਾ। ਕਿਸਾਨ ਆਗੂਆਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਬਰਖ਼ਾਸਤਗੀ ਕਰ ਕੇ ਗ੍ਰਿਫ਼ਤਾਰੀ ਕਰਨ ਅਤੇ ਮਾਮਲੇ ਦੀ ਸੁਪਰੀਮ ਕੋਰਟ ਦੀ ਦੇਖ-ਰੇਖ ਹੇਠ ਜਾਂਚ ਕਰਵਾਉਣ ਲਈ ਮੰਗ ਪੱਤਰ ਦਿੱਤੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੰਗਾਂ ਮੰਨੇ ਜਾਣ ਤੱਕ ਅੰਦੋਲਨ ਜਾਰੀ ਰਹੇਗਾ: ਟਿਕੈਤ
Next articleਨਸ਼ਾ ਤਸਕਰੀ ਿਵੱਚ ਵੀ ਸ਼ਾਮਲ ਸੀ ਆਰੀਅਨ: ਐੱਨਸੀਬੀ