- ‘ਆਪ’ ਸੁਪਰੀਮੋ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ’ਚ ਸਿਸੋਦੀਆ, ਵਿੱਤ ਮੰਤਰੀ ਚੀਮਾ ਤੇ ਉੱਚ ਅਧਿਕਾਰੀ ਰਹੇ ਮੌਜੂਦ
- ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਜਲਦੀ ਖ਼ੁਸ਼ਖਬਰੀ ਦੇਣ ਦਾ ਐਲਾਨ
ਨਵੀਂ ਦਿੱਲੀ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਆਪਣੇ ਹਮਰੁਤਬਾ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਇਹ ਮੀਟਿੰਗ ਢਾਈ ਘੰਟੇ ਦੇ ਕਰੀਬ ਚੱਲੀ। ਮਾਨ ਨੇ ਮਗਰੋਂ ਟਵੀਟ ਕਰਕੇ ਕੇਜਰੀਵਾਲ ਨਾਲ ਹੋਈ ਮੀਟਿੰਗ ਨੂੰ ਸਫਲ ਦੱਸਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੇ ਲੋਕਾਂ ਨੂੰ ਜਲਦੀ ਹੀ ਖ਼ੁਸ਼ਖਬਰੀ ਮਿਲੇਗੀ। ਮੀਟਿੰਗ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ। ਕਾਿਬਲੇਗੌਰ ਹੈ ਕਿ ਿਦੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਸੋਮਵਾਰ ਨੂੰ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਵੱਖਰੇ ਤੌਰ ’ਤੇ ਮੁਲਾਕਾਤ ਕੀਤੀ ਸੀ, ਜਿਸ ਮਗਰੋਂ ਪੰਜਾਬ ’ਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, ‘‘ਸਾਡੇ ਲੀਡਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨਾਲ ਬਹੁਤ ਵਧੀਆ ਮੀਟਿੰਗ ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖ਼ਬਰ ਦੇਵਾਂਗਾ।’’ ਉਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਨ ਦੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ, ‘‘ਅਸੀਂ ਮਿਲ ਕੇ ਦਿੱਲੀ, ਪੰਜਾਬ ਅਤੇ ਪੂਰੇ ਦੇਸ਼ ਨੂੰ ਬਦਲ ਦੇਵਾਂਗੇ। ਲੋਕ ਸਿਆਸੀ ਪਾਰਟੀਆਂ ਦੇ ਗੰਦੇ ਅਤੇ ਭ੍ਰਿਸ਼ਟ ਤਰੀਕਿਆਂ ਤੋਂ ਬਹੁਤ ਪ੍ਰੇਸ਼ਾਨ ਹਨ। ਸਾਨੂੰ ਲੋਕਾਂ ਲਈ ਦਿਨ-ਰਾਤ ਕੰਮ ਕਰਨਾ ਪਵੇਗਾ।’’ ਸੂਤਰਾਂ ਮੁਤਾਬਕ ਦੋਵਾਂ ਆਗੂਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਅਹਿਮ ਵਾਅਦਿਆਂ, ਜਿਨ੍ਹਾਂ ਵਿੱਚ 300 ਯੂਨਿਟ ਬਿਜਲੀ ਮੁਫ਼ਤ ਕਰਨ ਤੇ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਸ਼ਾਮਲ ਸੀ, ਬਾਰੇ ਚਰਚਾ ਕੀਤੀ।
ਇਨ੍ਹਾਂ ਵਾਅਦਿਆਂ ਨਾਲ ਪੰਜਾਬ ਦੇ ਖ਼ਜ਼ਾਨੇ ਉਪਰ ਪੈਣ ਵਾਲੇ ਬੋਝ ਅਤੇ ਉਸ ਦੀ ਭਰਪਾਈ ਲਈ ਤੌਰ-ਤਰੀਕਿਆਂ ਬਾਰੇ ਵੀ ਬੈਠਕ ਵਿੱਚ ਚਰਚਾ ਕੀਤੀ ਗਈ। ਹਰ ਘਰ ਨੂੰ 300 ਯੂਨਿਟ ਤੱਕ ਮੁਫਤ ਬਿਜਲੀ ਮੁਹੱਈਆ ਕਰਵਾਉਣਾ, ਬੇਰੁਜ਼ਗਾਰੀ ਘਟਾਉਣਾ ਅਤੇ ਹਰ ਔਰਤ ਲਈ 1,000 ਰੁਪਏ ਦੀ ਵਿੱਤੀ ਸਹਾਇਤਾ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਵੱਲੋਂ ਕੀਤੇ ਗਏ ਕੁਝ ਵੱਡੇ ਵਾਅਦੇ ਹਨ। ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਵਿੱਚ ਪੰਜਾਬ ਦੇ ਕਈ ਉੱਚ ਅਧਿਕਾਰੀ ਦੀ ਮੌਜੂਦਗੀ ਨੇ ‘ਆਪ’ ਨੂੰ ਕਸੂਤੀ ਸਥਿਤੀ ਵਿੱਚ ਫਸਾ ਦਿੱਤਾ ਹੈ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਪੰਜਾਬ ਰਾਜ ਬਿਜਲੀ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਸਿਖਰਲੇ ਅਧਿਕਾਰੀ ਸ਼ਾਮਲ ਸਨ, ਜਿਨ੍ਹਾਂ ਨਾਲ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਕੀਤੇ ਜਾਣ ਕਰਕੇ ਆਉਣ ਵਾਲੀਆਂ ਪੇਚੀਦਗੀਆਂ ’ਤੇ ਚਰਚਾ ਕੀਤੀ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly