ਜਲੰਧਰ (ਸਮਾਜ ਵੀਕਲੀ): ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿਸ ਢੰਗ ਨਾਲ ਜਲੰਧਰ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਾਗਮ ਵਿਚੋਂ ਗੈਰ ਹਾਜ਼ਰ ਰਹੇ, ਉਹ ਟਕਸਾਲੀ ਕਾਂਗਰਸੀਆਂ ਨੂੰ ਰੜਕ ਰਿਹਾ ਹੈ। ਜਲੰਧਰ ਵਿਚ ਕੀਤੇ ਜਾਣ ਵਾਲੇ ਸਮਾਗਮ ਵਿੱਚ ਨਵਜੋਤ ਸਿੰਘ ਸਿੱਧੂ ਦੇ ਹਾਜ਼ਰ ਹੋਣ ਬਾਰੇ ਉਨ੍ਹਾਂ ਦੇ ਪਰਮ-ਮਿੱਤਰ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਵੀ ਉਚੇਚਾ ਜ਼ਿਕਰ ਕੀਤਾ ਸੀ। ਪੰਡਾਲ ਦੀ ਮੁੱਖ ਸਟੇਜ ’ਤੇ ਲੱਗੇ ਸਭ ਤੋਂ ਵੱਡੇ ਹੋਰਡਿੰਗ ਉੱਤੇ ਪਹਿਲੀ ਤਸਵੀਰ ਨਵਜੋਤ ਸਿੰਘ ਸਿੱਧੂ ਦੀ ਸੀ ਤੇ ਉਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸੀ ਪਰ ਸਿੱਧੂ ਇਸ ਸਮਾਗਮ ’ਚ ਨਹੀਂ ਪੁੱਜੇ।
ਟਕਸਾਲੀ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਭਾਵੇਂ ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੱਧੂ ਨੂੰ ਪ੍ਰਧਾਨਗੀ ਦੀ ਜ਼ਿੰਮੇਵਾਰੀ ਦੇ ਦਿੱਤੀ ਹੈ ਪਰ ਉਹ ਇਸ ਨੂੰ ਕਾਂਗਰਸ ਦੀਆਂ ਨੀਤੀਆਂ ਤੇ ਕਾਰਜਸ਼ੈਲੀ ਅਨੁਸਾਰ ਨਹੀਂ ਚਲਾ ਰਹੇ। ਇਨ੍ਹਾਂ ਕਾਂਗਰਸੀ ਆਗੂਆਂ ਨੂੰ ਉਦੋਂ ਹੈਰਾਨੀ ਹੋਈ ਜਦੋਂ ਨਵਜੋਤ ਸਿੰਘ ਸਿੱਧੂ ਸੁਲਤਾਨਪੁਰ ਲੋਧੀ ਵਿਚ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਰੈਲੀ ਵਿਚ ਉਚੇਚੇ ਤੌਰ ’ਤੇ ਪਹੁੰਚੇ। ਕਾਂਗਰਸ ਆਗੂਆਂ ਨੇ ਕਿਹਾ ਨਵਤੇਜ ਸਿੰਘ ਚੀਮਾ ਦੇ ਹੱਕ ’ਚ ਜਿੰਨਾ ਡੱਟ ਕੇ ਨਵਜੋਤ ਸਿੱਧੂ ਖੜ੍ਹੇ ਹਨ ਉਸ ਨੂੰ ਰਾਣਾ ਗੁਰਜੀਤ ਸਿੰਘ ਵਿਰੁੱਧ ਖੜ੍ਹੇ ਹੋਣ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਤੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਵੀ ਟਿਕਟ ਦੇ ਚਾਹਵਾਨ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly