ਬਕਾਇਆ ਕੇਸਾਂ ਦੇ ਨਿਪਟਾਰੇ ਅਤੇ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ – ਰਾਜੇਸ਼ ਧੀਮਾਨ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਉਨਾਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਜਲਦ ਨਿਪਟਾਰਾ ਕਰਨ ਅਤੇ ਫੁੱਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮ ਲਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਬਕਾਇਆ ਕੋਰਟ ਕੇਸਾਂ ਦੀ ਰਿਪੋਰਟ ਤਿਆਰ ਕਰਕੇ ਆਪਸੀ ਤਾਲਮੇਲ ਨਾਲ ਇਨ੍ਹਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਅਤੇ ਸਵਾਮਿਤਵਾ ਸਕੀਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਖਾਨਗੀ ਤਕਸੀਮ ਪੋਰਟਲ ਰਾਹੀਂ ਕਰਨ ਅਤੇ ਧਿਰਾਂ ਦੀ ਰਜ਼ਾਮੰਦੀ ਹੋਣ ‘ਤੇ ਤਕਸੀਮ ਮੌਕੇ ਉੱਤੇ ਕਰਨ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਤਹਿਸੀਲ ਦਫਤਰਾਂ ਵਿਚ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਦੌਰਾਨ ਉਨ੍ਹਾਂ ਹੋਰਨਾਂ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਵੀ ਜਾਇਜ਼ਾ ਲਿਆ ਅਤੇ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਵਿਕਾਸ ਕਾਰਜਾਂ ਦੀ ਗੁਣਵੱਤਾ ਦਾ ਰੱਖਿਆ ਜਾਵੇ ਖਾਸ ਧਿਆਨ – ਅਵਨੀਤ ਕੌਰ
Next articleਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਅੰਡਰ ਟ੍ਰਾਇਲ ਰੀਵਿਊ ਕਮੇਟੀ ਦੀ ਮੀਟਿੰਗ