ਬੇਅਦਬੀ: ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਰੋਸ ਦਿਵਸ ਸਮਾਗਮ

ਅੰਮ੍ਰਿਤਸਰ (ਸਮਾਜ ਵੀਕਲੀ):  ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਸਿੱਖ ਪੰਥ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਬੇਅਦਬੀ ਘਟਨਾ ਦੇ ਰੂਪ ਵਿੱਚ ਹਮਲੇ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਸਾਹਮਣਾ ਕਰਨ ਲਈ ਸਮੁੱਚੇ ਪੰਥ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਉਹ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵਲੋਂ ਰੋਸ ਦਿਵਸ ਸਮਾਗਮ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ ਵੱਖ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਅਤੇ ਅਕਾਲੀ ਕਾਰਕੁਨ ਸ਼ਾਮਲ ਹੋਏ।

ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ 18 ਦਸੰਬਰ ਨੂੰ ਵਾਪਰੀ ਬੇਅਦਬੀ ਦੀ ਕੋਸ਼ਿਸ਼ ਦਾ ਮੰਤਵ ਸ੍ਰੀ ਹਰਿਮੰਦਰ ਸਾਹਿਬ ਵਿਚ ਚੱਲ ਰਹੀ ਨਿੱਤ ਦੀ ਮਰਿਆਦਾ ਨੂੰ ਖੰਡਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਜੇਕਰ ਉਹ ਵਿਅਕਤੀ ਇਸ ਵਿਚ ਸਫਲ ਹੋ ਜਾਂਦਾ ਤਾਂ ਪੰਥ ਵਿਰੋਧੀਆਂ ਵੱਲੋਂ ਨਾਕਸ ਪ੍ਰਬੰਧਾਂ ਦੇ ਨਾਂ ਹੇਠ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ। ਉਨ੍ਹਾਂ ਕਿਹਾ ਕਿ ਉਸ ਵਿਅਕਤੀ ਨੂੰ ਸਿਰਫ 12 ਸਕਿੰਟ ’ਚ ਹੀ ਕਾਬੂ ਕਰਕੇ ਜੰਗਲੇ ਤੋਂ ਬਾਹਰ ਸੁੱਟ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਤਾਕਤਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਅਜਿਹੇ ਹਮਲੇ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿਚ ਸਿੱਖਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਹਿੰਦੂ ਰਾਸ਼ਟਰ ਦੇ ਪ੍ਰਚਾਰ ਕਰਨ ’ਤੇ ਕੋਈ ਮਨਾਹੀ ਨਹੀਂ ਪਰ ਸਿੱਖ ਰਾਸ਼ਟਰ ਦਾ ਪ੍ਰਚਾਰ ਕਰਨਾ ਦੇਸ਼ ਧਰੋਹ ਕਰਾਰ ਦਿੱਤਾ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਨੂੰ ਸਿੱਖਾਂ ਦੀ ਰਾਜਸੀ ਜਮਾਤ ਦਸਦਿਆਂ ਉਨ੍ਹਾਂ ਕਿਹਾ ਕਿ ਉਸ ਵੱਲੋਂ ਭਾਜਪਾ ਨਾਲ ਕੀਤੇ ਸਮਝੌਤੇ ’ਤੇ ਸਵਾਲ ਉਠਾਏ ਜਾ ਰਹੇ ਹਨ ਜਦਕਿ 18ਵੀਂ ਸਦੀ ਵਿਚ ਪੰਥ ਨੇ ਜ਼ਕਰੀਆ ਖਾਨ ਨਾਲ ਵੀ ਸਮਝੌਤਾ ਕੀਤਾ ਸੀ ਪਰ ਕਦੇ ਗੁਰਧਾਮਾਂ ਦੇ ਪ੍ਰਬੰਧ ਵਿੱਚ ਦਖਲ ਬਰਦਾਸ਼ਤ ਨਹੀਂ ਕੀਤਾ। ਉਨ੍ਹਾਂ ਸੁਖਦੇਵ ਸਿੰਘ ਢੀਂਡਸਾ ਤੇ ਹੋਰਨਾਂ ਦਾ ਨਾਂ ਲਏ ਬਿਨਾਂ ਕਿਹਾ ਕਿ ਸਿਆਸੀ ਧਿਰਾਂ ਵਿੱਚ ਆਪਸੀ ਮਤਭੇਦ ਹੋ ਸਕਦੇ ਹਨ ਪਰ ਇਨ੍ਹਾਂ ਮਤਭੇਦਾਂ ਕਾਰਨ ਘਰ ਛੱਡਣਾ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਆਦੇਸ਼ ਕੀਤਾ ਕਿ ਉਹ ਦੇਸ਼ ਵਿਚ ਕਿਸੇ ਵੀ ਧਰਮ ਦੇ ਲੋਕਾਂ ’ਤੇ ਜ਼ੁਲਮ ਹੁੰਦਾ ਹੈ ਤਾਂ ਉਸ ਖ਼ਿਲਾਫ਼ ਆਵਾਜ਼ ਬੁਲੰਦ ਕਰੇ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਕੁਝ ਤਾਕਤਾਂ ਵੱਲੋਂ ਸੂਬੇ ਦੀ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੇ ਹਾਲਾਤ ਪੈਦਾ ਕਰਕੇ ਸਿਆਸੀ ਲਾਹਾ ਲਿਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਾਲ ਸਬੰਧਤ ਦੋਸ਼ੀਆਂ ਦਾ ਪਤਾ ਲਾਉਣ ਵਿਚ ਸਰਕਾਰ ਅਸਫਲ ਸਾਬਤ ਹੋਈ ਹੈ। ਮਾਰੇ ਗਏ ਦੋਸ਼ੀ ਦਾ ਕਾਹਲੀ ’ਚ ਸਸਕਾਰ ਕਰਕੇ ਰਹਿੰਦੇ ਸਬੂਤ ਮਿਟਾ ਦਿੱਤੇ ਗਏ ਹਨ। ਉਨ੍ਹਾਂ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ’ਤੇ ਟਿੱਪਣੀ ਕਰਦਿਆਂ ਆਖਿਆ ਕਿ ਉਸ ਵਾਂਗ ਹੋਰ ਵੀ ਕਈ ਭਾਜਪਾ ਨਾਲ ਰਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਮੌਕਾਪ੍ਰਸਤ ਹਨ। ਉਨ੍ਹਾਂ ਇਸ ਮਾਮਲੇ ਵਿੱਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਆਖਿਆ ਕਿ ਉਹ ਹੁਣ ਭਾਜਪਾ ਨਾਲ ਘਿਉ-ਖਿਚੜੀ ਹੋ ਰਹੇ ਹਨ, ਜੋ ਪਹਿਲਾਂ ਇਸੇ ਕਾਰਨ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਰਹੇ ਹਨ।

ਇਸ ਮੌਕੇ ਇਕ ਮਤਾ ਪਾਸ ਕਰਕੇ ਸ੍ਰੀ ਹਰਿਮੰਦਰ ਸਾਹਿਬ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਾਉਣ ਦੀ ਮੰਗ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਪੰਥ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਅਤੇ ਦੋਸ਼ ਲਾਇਆ ਕਿ ਸਰਕਾਰਾਂ ਸਿੱਖ ਧਰਮ ’ਚ ਦਖਲ ਦੇ ਰਹੀਆਂ ਹਨ। ਇਸ ਮੌਕੇ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਰਣਜੀਤ ਸਿੰਘ ਬ੍ਰਹਮਪੁਰਾ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੋਗੀ ਸਰਕਾਰ ਅਪਰਾਧੀਆਂ ਨਾਲ ਖੇਡ ਰਹੀ ਹੈ ਜੇਲ੍ਹ-ਜੇਲ੍ਹ: ਮੋਦੀ
Next articleਉਗਰਾਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੀਜੀ ਵਾਰ ਮੁਲਤਵੀ