ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਹੁਸ਼ਿਆਰਪੁਰ ਸ਼ਹੀਰ ਵਿਚ ਖਾਣ-ਪੀਣ ਵਾਲੀਆਂ ਵਸਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਦੀ ਟੀਮ ਨੇ ਪਿਛਲੇ ਦਿਨੀਂ ਇੱਕ ਪੇਠਾ ਬਣਾਉਣ ਵਾਲੀ ਫੈਕਟਰੀ ਦੀ ਜਾਂਚ ਕੀਤੀ। ਇਸ ਅਭਿਆਨ ਤਹਿਤ ਫੈਕਟਰੀ ਵਿਖੇ ਬਣ ਰਹੇ ਪੇਠੇ ਦੇ ਨਮੂਨੇ ਲਏ ਗਏ ਅਤੇ ਖਰਾਬ ਅਤੇ ਉੱਲੀ ਲੱਗੇ ਪੇਠੇ ਨੂੰ ਮੌਕੇ ’ਤੇ ਨਸ਼ਟ ਕਰਵਾਇਆ ਗਿਆ।
ਟੀਮ ਵਲੋਂ ਲਏ ਗਏ ਪੇਠੇ ਦੇ ਨਮੂਨੇ ਅੱਗੇ ਦੀ ਜਾਂਚ ਲਈ ਫੂਡ ਲੈਬ, ਖਰੜ ਭੇਜੇ ਗਏ ਹਨ। ਜਾਂਚ ਰਿਪੋਰਟ ਦੇ ਆਧਾਰ ’ਤੇ ਸਬੰਧਤ ਫੈਕਟਰੀ ਖਿਲਾਫ਼ ਫੂਡ ਸੇਫਟੀ ਐਂਡ ਸਟੈਂਡਰਡ ਐਕਟ, 2006 ਤਹਿਤ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਜਾਂਚ ਦੌਰਾਨ ਪਾਇਆ ਗਿਆ ਫੈਕਟਰੀ ਵਿਚ ਸਫ਼ਾਈ ਦੇ ਪ੍ਰਬੰਧ ਉਚਿਤ ਨਹੀਂ ਸਨ, ਜਿਸ ਤਹਿਤ ਫੈਕਟਰੀ ਪ੍ਰਬੰਧਨ ਨੂੰ ਸੁਧਾਰ ਨੋਟਿਸ ਜਾਰੀ ਕੀਤਾ ਗਿਆ। ਫੈਕਟਰੀ ਨੂੰ ਨਿਰਦੇਸ਼ ਦਿੱਤੇ ਗਏ ਕਿ ਸਫ਼ਾਈ ਵਿਚ ਸੁਧਾਰ ਉਪਰੰਤ ਸਬੰਧਤ ਵਿਭਾਗ ਨੂੰ ਸੂਚਿਤ ਕਰੇ। ਇਸ ਤੋਂ ਇਲਾਵਾ ਖੁੱਲ੍ਹੇ ਪਏ ਸਮਾਨ ਨੂੰ ਢੱਕ ਕੇ ਰੱਖਣ ਦੇ ਸਖਤ ਨਿਰਦੇਸ਼ ਦਿੱਤੇ ਗਏ।
ਸੁਰੱਖਿਆ ਅਤੇ ਸਵੱਛਤਾ ਨੂੰ ਧਿਆਨ ਵਿਚ ਰੱਖਦੇ ਹੋਏ ਫੈਕਟਰੀ ਦੇ ਕਰਮਚਾਰੀਆਂ ਨੂੰ ਕੰਮ ਦੌਰਾਨ ਟੋਪੀ, ਮਾਸਕ ਅਤੇ ਦਸਤਾਨੇ ਪਹਿਨਣ ਦੇ ਨਿਰਦੇਸ਼ ਦਿੱਤੇ ਗਏ। ਟੀਮ ਨੇ ਫੈਕਟਰੀ ਪ੍ਰਬੰਧਨ ਨੂੰ ਇਨ੍ਹਾਂ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਭਵਿੱਖ ਵਿਚ ਕਿਸੇ ਵੀ ਪ੍ਰਕਾਰ ਦੀ ਸਿਹਤ ਸਮੱਸਿਆ ਤੋਂ ਬਚਿਆ ਜਾ ਸਕੇ। ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਨੇ ਦੱਸਿਆ ਕਿ ਵਿਭਾਗ ਵਲੋਂ ਇਸ ਤਰ੍ਹਾਂ ਦੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ, ਤਾਂ ਜੋ ਸ਼ਹਿਰ ਵਿਚ ਖਾਣ-ਪੀਣ ਵਾਲੇ ਪਦਾਰਥਾਂ ਦੀ ਗੁਣਵੱਤਾ ਅਤੇ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly