ਆਪਸੀ ਸਾਂਝ ਨੂੰ ਮਜ਼ਬੂਤ ਕਰਦਿਆਂ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇ – ਡਾ. ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਜ਼ਿਲ੍ਹੇ ਦੀਆਂ 1403 ਪੰਚਾਇਤਾਂ ਦੇ 9314 ਪੰਚਾਂ ਤੇ ਸਰਪੰਚਾਂ ਨੂੰ ਉਨ੍ਹਾਂ ਦੇ ਅਹੁਦੇ ਦਾ ਹਲਫ਼ ਦਿਵਾਉਂਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਪੰਚਾਇਤਾਂ ਸਮਾਜਿਕ ਬੁਰਾਈਆ ਦੇ ਖਾਤਮੇ ਲਈ ਵੀ ਅੱਗੇ ਆ ਕੇ ਸਰਗਰਮ ਭੂਮਿਕਾ ਨਿਭਾਉਣ। ਸਥਾਨਕ ਲਾਜਵੰਤੀ ਸਟੇਡੀਅਮ ਵਿਖੇ ਕਰਵਾਏ ਗਏ ਸਹੁੰ ਚੁੱਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚ 273 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆ ਗਈਆਂ ਹਨ ਜੋ ਪਿੰਡਾਂ ਵਿਚ ਆਪਸੀ ਭਾਈਚਾਰੇ ਦਾ ਸਬੂਤ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਪੰਚਾਇਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਸੱਦਾ ਦਿੱਤਾ ਕਿ ਲੋਕਾਂ ਵਲੋਂ ਉਨ੍ਹਾਂ ਦੇ ਮੋਢਿਆਂ ’ਤੇ ਪਾਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਂਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਕਦਮ ਚੁੱਕਣ। ਉਨ੍ਹਾਂ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਹੁਣ ਤੋਂ ਹੀ ਜੁੱਟ ਜਾਣ ਤਾਂ ਜੋ ਸਰਕਾਰ ਵਲੋਂ ਚਲਾਈਆ ਜਾਂਦੀਆਂ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਲੋਕਾਂ ਤੱਕ ਜਲਦ ਤੋਂ ਜਲਦ ਪੁੱਜਦਾ ਹੋ ਸਕੇ।ਉਨ੍ਹਾਂ ਕਿਹਾ ਕਿ ਪੰਚਾਇਤਾਂ ਵਲੋਂ ਸਬੰਧਤ ਵਿਭਾਗਾਂ ਨਾਲ ਸਮੇਂ ਸਿਰ ਤਾਲਮੇਲ ਸਥਾਪਿਤ ਕਰਕੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਉਣਾ ਚਾਹੀਦਾ ਹੈ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੇ ਨਵੇਂ ਚੁਣੇ ਸਰਪੰਚਾਂ/ਪੰਚਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਪਿੰਡਾਂ ਵਿਚ ਸਮਾਜਿਕ ਅਲਾਮਤਾਂ ਦੇ ਮੁਕੰਮਲ ਸਫ਼ਾਏ ਲਈ ਪੰਚਾਇਤਾਂ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪੰਚਾਇਤਾਂ ਨੂੰ ਤਾਕੀਦ ਕੀਤੀ ਕਿ ਉਹ ਪਿੰਡਾਂ ਵਿਚ ਆਪਸੀ ਸਾਂਝ ਨੂੰ ਮਜ਼ਬੂਤ ਕਰਦਿਆਂ ਬਿਨਾ ਕਿਸੇ ਭੇਦਭਾਵ ਤੋਂ ਹਰ ਪੱਖੋਂ ਵਿਕਾਸ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਚਾਇਤਾਂ ਸਰਕਾਰ ਅਤੇ ਪਿੰਡਾਂ ਵਿਚ ਅਹਿਮ ਕੜੀ ਹਨ ਅਤੇ ਵਿਕਾਸ ਕਾਰਜਾਂ ਲਈ ਇਨ੍ਹਾਂ ਦੀ ਭੂਮਿਕਾ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly