ਨੌਜਵਾਨਾਂ ਨੂੰ ਵਧ ਚੜ੍ਹ ਕੇ ਖੇਡ ਮੁਕਾਬਲਿਆਂ ’ਚ ਹਿੱਸਾ ਲੈਣ ਦੀ ਕੀਤੀ ਅਪੀਲ
ਖੇਡ ਮੁਕਾਬਲਿਆਂ ’ਚ ਹਿੱਸਾ ਲੈਣ ਦੇ ਚਾਹਵਾਨ 28 ਅਗਸਤ ਤੱਕ ਪੋਰਟਲ ’ਤੇ ਕਰਵਾ ਸਕਦੇ ਹਨ ਰਜਿਸਟਰੇਸ਼ਨ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿਚ 3 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਚੱਲਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ-2024’ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਸਾਰਿਆਂ ਨੂੰ ਖੇਡ ਆਯੋਜਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਗੇਤੇ ਤੌਰ ’ਤੇ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਐਸ.ਪੀ (ਹੈਡਕੁਆਰਟਰ) ਮਨੋਜ ਠਾਕੁਰ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਦਸੂਹਾ ਪ੍ਰਦੀਪ ਬੈਂਸ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ ਅਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ’ਤੇ ਸੰਗਰੂਰ ਵਿਚ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ੇ ਵਰਗੀਆਂ ਬੁਰਾਈਆਂ ਤੋਂ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡ ਮੁਕਾਬਲਿਆਂ ਵਿਚ ਰਜਿਸਟਰੇਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪੋਰਟਲ 5services.punjab.gov.in ਸਥਾਪਿਤ ਕੀਤਾ ਗਿਆ ਹੈ, ਜਿੱਥੇ ਖਿਡਾਰੀ 28 ਅਗਸਤ ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਵੱਖ-ਵੱਖ ਬਲਾਕ ਪੱਧਰ ’ਤੇ ਖੇਡ ਮੁਕਾਬਲੇ ਹੋਣਗੇ, ਜਿਸ ਤੋਂ ਬਾਅਦ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਅੰਡਰ 14, 17, 21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21-30, 31-40, 41-50, 51-60 ਤੇ 61-70 ਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ।
ਕੋਮਲ ਮਿੱਤਲ ਨੇ ਦੱਸਿਆ ਕਿ ਪਹਿਲੇ ਪੜਾਅ ਵਿਚ 3 ਸਤੰਬਰ ਤੋਂ 5 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਬਲਾਕ ਤਲਵਾੜਾ ਵਿਚ ਭਵਨੌਰ, ਬਲਾਕ ਮੁਕੇਰੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਰਾਮ ਸਹਾਏ ਅਤੇ ਕੈਂਪ ਗਰਾਊਂਡ ਮੁਕੇਰੀਆਂ, ਬਲਾਕ ਟਾਂਡਾ ਵਿਚ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਕਾਲਜ ਟਾਂਡਾ, ਬਲਾਕ ਹੁਸ਼ਿਆਰਪੁਰ-2 ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਅਤੇ ਬਲਾਕ ਗੜ੍ਹਸ਼ੰਕਰ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਚ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ ਦੂਸਰੇ ਪੜਾਅ ਵਿਚ 6 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਬਲਾਕ ਭੂੰਗਾ ਵਿਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਅਤੇ ਖਾਲਸਾ ਕਾਲਜ ਗੜ੍ਹਦੀਵਾਲਾ, ਬਲਾਕ ਹਾਜੀਪੁਰ ਵਿਚ ਪਿੰਡ ਰੈਲੀ ਅਤੇ ਪਿੰਡ ਨੰਗਲ ਬਿਹਾਲਾ, ਬਲਾਕ ਦਸੂਹਾ ਵਿਚ ਕੈਂਪ ਗਰਾਊਂਡ ਦਸੂਹਾ, ਬਲਾਕ ਹੁਸ਼ਿਆਰਪੁਰ-1 ਵਿਚ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਅਤੇ ਬਲਾਕ ਮਾਹਿਲਪੁਰ ਵਿਚ ਸਕਰਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਹਿਲਪੁਰ ਅਤੇ ਸ੍ਰੀ ਗੁਰੂ ਗੋਬਿੰਦ ਖਾਲਸਾ ਕਾਲਜ ਮਾਹਿਲਪੁਰ ਵਿਚ ਕਰਵਾਏ ਜਾਣਗੇ। ਇਨ੍ਹਾਂ ਦੋਵਾਂ ਪੜਾਵਾਂ ਵਿਚ ਐਥਲੈਟਿਕਸ, ਖੋ-ਖੋ, ਕਬੱਡੀ (ਸਰਕਲ ਸਟਾਈ ਅਤੇ ਨੈਸ਼ਨਲ ਸਟਾਈਲ), ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਅਤੇ ਫੁੱਟਬਾਲ ਦੇ ਮੁਕਾਬਲੇ ਹੋਣਗੇ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸਿਰਫ ਖੋ-ਖੋ, ਕਬੱਡੀ ਅਤੇ ਫੁੱਟਬਾਲ ਅਤੇ ਫੁੱਟਬਾਲ ਖੇਡ ਲਈ ਅੰਡਰ-14 ਤੋਂ ਅੰਡਰ-40 ਤੱਕ ਦੇ ਖਿਡਾਰੀ ਵੀ ਭਾਗ ਲੈ ਸਕਦੇ ਹਨ, ਜਦਕਿ ਐਥਲੈਟਿਕਸ ਤੋਂ ਵਾਲੀਬਾਲ ਵਿਚ ਅੰਡਰ-14 ਤੋਂ 70 ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਟੋਰਚ ਰਿਲੇਅ ਰੈਲੀ 23 ਅਗਸਤ ਸ਼ਾਮ ਨੂੰ ਹੁਸ਼ਿਆਰਪੁਰ ਪਹੁੰਚੇਗੀ ਅਤੇ 24 ਸਵੇਰੇ 7 ਵਜੇ ਜ਼ਿਲ੍ਹੇ ਦੇ ਖਿਡਾਰੀਆਂ ਵੱਲੋਂ ਵੱਖ-ਵੱਖ ਸਥਾਨਾਂ ਤੋਂ ਮਸ਼ਾਲ ਰਿਲੇਅ ਰੈਲੀ ਕੱਢਦੇ ਹੋਏ ਜਲੰਧਰ ਲਈ ਰਵਾਨਾ ਕਰ ਦਿੱਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly