ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਠੀਡਾਂ ਪਿੰਡ ਵਿੱਚ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ

ਮਾਹਿਲਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿੱਚ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀਐਲਐਸਏ) ਦੇ ਸਕੱਤਰ ਰਾਜ ਪਾਲ ਰਾਵਲ ਵਲੋਂ ਪਿੰਡ ਠੀਡਾਂ, ਕੋਟ ਫਤੂਹੀ, ਗੜ੍ਹਸ਼ੰਕਰ ਵਿੱਚ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਨੇ ਪਿੰਡ ਵਾਸੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸਪ੍ਰੀਮ ਕੋਰਟ, ਪੰਜਾਬ ਅਤੇ ਹਰਿਆਣਾ ਕਾਨੂੰਨੀ ਸੇਵਾਵਾਂ ਕਮੇਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਸ਼੍ਰੇਣੀਆਂ ਦੇ ਯੋਗ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ। ਜਿਨ੍ਹਾਂ ਵਿਅਕਤੀਆਂ ਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੈ, ਉਹਨਾਂ ਨੂੰ ਅਨੁਸੂਚਿਤ ਜਾਤੀ, ਮਹਿਲਾਵਾਂ, ਹਵਾਲਾਤੀਆਂ, ਬੱਚਿਆਂ, ਬਜ਼ੁਰਗਾਂ, ਅਪੰਗਾਂ ਜਾਂ ਮਾਨਸਿਕ ਰੋਗੀਆਂ ਦੀ ਯੋਗਤਾ ਦੇ ਅਧਾਰ ‘ਤੇ ਇਸ ਯੋਜਨਾ ਦੇ ਤਹਿਤ ਸਹਾਇਤਾ ਪ੍ਰਾਪਤ ਹੋ ਸਕਦੀ ਹੈ। ਇਸ ਤੋਂ ਇਲਾਵਾ, ਹਰ ਕੋਈ ਵਿਅਕਤੀ ਕਾਨੂੰਨੀ ਸਲਾਹ ਵੀ ਲੈ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਸਮਾਜਿਕ ਕਲਿਆਣ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਨ੍ਹਾਂ ਵਿੱਚ ਬੁਢਾਪਾ ਪੈਨਸ਼ਨ ਯੋਜਨਾ, ਵਿਧਵਾ ਅਤੇ ਨਿਰਭਰ ਮਹਿਲਾਵਾਂ ਲਈ ਵਿੱਤੀ ਸਹਾਇਤਾ ਯੋਜਨਾ, ਬੱਚਿਆਂ ਅਤੇ ਅਪੰਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਯੋਜਨਾ ਅਤੇ ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ ਦੀਆਂ ਯੋਜਨਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਈਮਰੀ ਸਕੂਲ ਠੀਡਾਂ ਵਿੱਚ ਪੌਦੇ ਵੀ ਲਗਾਏ ਗਏ। ਰਾਜ ਪਾਲ ਰਾਵਲ ਨੇ ਇਸ ਮੌਕੇ ਕਿਹਾ ਕਿ ਰੁੱਖ ਕੁਦਰਤ ਦੀ ਬਹੁਮੂਲ ਦੇਣ ਹਨ, ਜੋ ਸਿਰਫ ਜੀਵਨ ਦੇ ਸਰੋਤ ਨਹੀਂ ਹਨ, ਸਗੋਂ ਵਾਤਾਵਰਣ ਸੰਰੱਖਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਭ ਨੂੰ ਅਪਣੇ ਘਰਾਂ ਅਤੇ ਆਲੇ-ਦੁਆਲੇ ਰੁੱਖ ਲਗਾਉਣ ਦਾ ਅਹਵਾਨ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਦੀਆਂ ਮੰਗਾਂ ਲਈ ਐਸਡੀਐਮ ਗੜਸ਼ੰਕਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ
Next articleਸਿਵਲ ਸਰਜਨ ਨੇ ਪੀ.ਸੀ.ਪੀ.ਐਨ.ਡੀ.ਟੀ. ਸੰਬੰਧੀ ਜਿਲ੍ਹਾ ਸਲਾਹਕਾਰ ਕਮੇਟੀ ਨਾਲ ਕੀਤੀ ਮੀਟਿੰਗ