ਪੁਲਿਸ, ਫ਼ੌਜ, ਪੀ.ਸੀ.ਐਸ, ਐਸ.ਆਈ ਆਦਿ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਸਿਖਲਾਈ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹੇ ਦੇ ਨੌਜਵਾਨਾਂ ਦੇ ਸਸ਼ਕਤੀਕਰਨ ਵੱਲ ਇਕ ਅਹਿਮ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਮੁਫ਼ਤ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਵਿਚ ਇਕ ਸਿਹਤਮੰਦ ਅਤੇ ਲਾਭਕਾਰੀ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਦਿਆਂ ਪੁਲਿਸ ਭਰਤੀ, ਪੀ.ਸੀ.ਐਸ, ਐਸ.ਆਈ, ਅਗਨੀਵੀਰ ਅਤੇ ਫ਼ੌਜ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਚਾਹਵਾਨ ਉਮੀਦਵਾਰਾਂ ਨੂੰ ਸਿਖਲਾਈ ਦੇਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਹ ਸਿਖਲਾਈ ਕੈਂਪ ਆਈ.ਟੀ.ਆਈ. ਗਰਾਊਂਡ, ਨਵਾਂਸ਼ਹਿਰ ਵਿਖੇ 18 ਤੋਂ 28 ਸਾਲ ਦੀ ਉਮਰ ਦੇ ਨੌਜਵਾਨਾਂ ਲਈ ਖੁੱਲ੍ਹਾ ਹੈ। ਉਨ੍ਹਾਂ ਦੱਸਿਆ ਕਿ ਭਾਗੀਦਾਰਾਂ ਨੂੰ ਕਿਤਾਬਾਂ, ਸਿਖਲਾਈ ਸਮੱਗਰੀ, ਬੂਟ ਅਤੇ ਇਨ੍ਹਾਂ ਪ੍ਰੀਖਿਆਵਾਂ ਲਈ ਜ਼ਰੂਰੀ ਸਰੀਰਕ ਮਾਪਦੰਡਾਂ ਬਾਰੇ ਵਿਸਥਾਰਤ ਜਾਣਕਾਰੀ ਸਮੇਤ ਵਿਆਪਕ ਮਾਰਗਦਰਸ਼ਨ ਪ੍ਰਦਾਨ ਕੀਤਾ ਜਾਵੇਗਾ। ਪ੍ਰੋਗਰਾਮ ਦਾ ਮੁੱਖ ਉਦੇਸ਼ ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਕਰੀਅਰ ਆਧਾਰਿਤ ਵਿਕਾਸ ‘ਤੇ ਜ਼ੋਰ ਦਿੰਦਿਆਂ ਨੌਜਵਾਨਾਂ ਨੂੰ ਅਰਥਪੂਰਨ ਅਤੇ ਉਤਪਾਦਕ ਗਤੀਵਿਧੀਆਂ ਵਿਚ ਸ਼ਾਮਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਦੋਵਾਂ ‘ਤੇ ਧਿਆਨ ਕੇਂਦ੍ਰਿਤ ਕਰਕੇ ਇਕ ਅਜਿਹੀ ਪੀੜ੍ਹੀ ਦਾ ਨਿਰਮਾਣ ਕਰਨ ਦੀ ਕੋਸ਼ਿਸ਼ ਕਰਨਾ ਹੈ, ਜੋ ਸਮਾਜ ਵਿਚ ਸਕਾਰਾਤਮਕ ਯੋਗਦਾਨ ਪਾਉਣ ਲਈ ਸਿਹਤਮੰਦ, ਵਧੇਰੇ ਸਵੈ-ਨਿਰਭਰ ਅਤੇ ਬਿਹਤਰ ਢੰਗ ਨਾਲ ਲੈਸ ਹੋਵੇ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ “ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਵਿਚ ਕੋਈ ਵੀ ਚਾਹਵਾਨ ਉਮੀਦਵਾਰ ਸਾਧਨਾਂ ਜਾਂ ਮਾਰਗਦਰਸ਼ਨ ਦੀ ਘਾਟ ਕਾਰਨ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਮੌਕੇ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸਿਰਫ਼ ਪ੍ਰੀਖਿਆ ਦੀ ਤਿਆਰੀ ਬਾਰੇ ਹੀ ਨਹੀਂ ਹੈ, ਸਗੋਂ ਨੌਜਵਾਨਾਂ ਵਿਚ ਤੰਦਰੁਸਤੀ ਅਤੇ ਸਵੈ-ਅਨੁਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਵੀ ਹੈ। ਉਨ੍ਹਾਂ ਕਿਹਾ ਕਿ ਇਹ ਮੁਫ਼ਤ ਸਿਖਲਾਈ ਉਮੀਦਵਾਰਾਂ ਲਈ ਤਜ਼ਰਬੇਕਾਰ ਟ੍ਰੇਨਰਾਂ ਦੀ ਨਿਗਰਾਨੀ ਹੇਠ ਆਪਣੀ ਤਿਆਰੀ ਨੂੰ ਵਧਾਉਣ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਇਨ੍ਹਾਂ ਪ੍ਰੀਖਿਆਵਾਂ ਵਿਚ ਸਫਲਤਾ ਲਈ ਲੋੜੀਂਦੇ ਅਕਾਦਮਿਕ ਅਤੇ ਸਰੀਰਕ ਤੰਦਰੁਸਤੀ ਦੇ ਪਹਿਲੂਆਂ ‘ਤੇ ਧਿਆਨ ਕੇਂਦਰਿਤ ਕਰੇਗਾ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਸੈਸ਼ਨ ਦਾ ਸਮਾਂ ਸਵੇਰੇ 9 ਤੋਂ 11 ਵਜੇ ਤੱਕ ਅਤੇ ਸ਼ਾਮ 4 ਤੋਂ 6 ਵਜੇ ਤੱਕ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਵਧੇਰੇ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly