ਡਾ. ਹਮਦਰਦ ਵਲੋਂ ‘ਜੰਗ-ਏ-ਆਜ਼ਾਦੀ’ ਦੇ ਅਹੁਦਿਆਂ ਤੋਂ ਅਸਤੀਫਾ

ਜਲੰਧਰ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ) : ਜੰਗ-ਏ-ਆਜ਼ਾਦੀ ਯਾਦਗਾਰ ਫਾਊਂਡੇਸ਼ਨ ਦੇ ਮੈਂਬਰ-ਸਕੱਤਰ ਅਤੇ ਯਾਦਗਾਰ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਬਰਜਿੰਦਰ ਸਿੰਘ ਹਮਦਰਦ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਜੰਗ-ਏ-ਆਜ਼ਾਦੀ ਯਾਦਗਾਰ ਪ੍ਰਤੀ ਮਾੜੇ ਵਿਹਾਰ ਅਤੇ ਅਖੌਤੀ ਜਾਂਚ ਦੇ ਨਾਂਅ ‘ਤੇ ਵਾਰ-ਵਾਰ ਪੁਲਿਸ ਭੇਜ ਕੇ ਪੰਜਾਬ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਜਿਨ੍ਹਾਂ ਦੀ ਯਾਦ ਵਿਚ ਇਹ ਯਾਦਗਾਰ ਉਸਾਰੀ ਗਈ ਹੈ, ਦਾ ਅਪਮਾਨ ਕਰਨ ਵਿਰੁੱਧ ਸਖ਼ਤ ਰੋਸ ਪ੍ਰਗਟ ਕਰਦਿਆਂ ਆਪਣੇ ਉਪਰੋਕਤ ਦੋਵਾਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਇਥੇ ਵਰਣਨ ਯੋਗ ਹੈ ਕਿ 2012 ਵਿਚ ਉਸ ਸਮੇਂ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਡਾ. ਬਰਜਿੰਦਰ ਸਿੰਘ ਹਮਦਰਦ ‘ਤੇ ਜ਼ੋਰ ਦੇ ਕੇ ਇਸ ਯਾਦਗਾਰ ਦੀ ਉਸਾਰੀ ਦੀ ਜ਼ਿੰਮੇਵਾਰੀ ਸੰਭਾਲਣ ਲਈ ਕਿਹਾ ਸੀ। ਇਸ ਤੋਂ ਬਾਅਦ ਡਾ. ਬਰਜਿੰਦਰ ਸਿੰਘ ਹਮਦਰਦ ਨੇ ਆਪਣੇ ਰੁਝੇਵਿਆਂ ਭਰੀ ਜ਼ਿੰਦਗੀ ਵਿਚੋਂ ਲਗਭਗ 10 ਸਾਲ ਦਾ ਸਮਾਂ ਇਸ ਯਾਦਗਾਰ ਦੀ ਉਸਾਰੀ ਲਈ ਲਗਾਇਆ। ਇਸ ਮਕਸਦ ਲਈ ਪਹਿਲਾਂ ਪੰਜਾਬ ਦੇ ਉੱਘੇ ਇਤਿਹਾਸਕਾਰਾਂ ਦੀ ਇਕ ਸੰਕਲਪ ਕਮੇਟੀ ਬਣਾਈ ਗਈ ਸੀ ਤੇ ਇਸ ਤੋਂ ਬਾਅਦ ਇਸ ਸੰਕਲਪ ਪੇਪਰ ਦੇ ਆਧਾਰ ‘ਤੇ ਜੰਗ-ਏ-ਆਜ਼ਾਦੀ ਯਾਦਗਾਰ ਵਿਚ ਪੰਜਾਬ ਵਿਚ ਆਜ਼ਾਦੀ ਸੰਘਰਸ਼ ਦੇ ਦੌਰਾਨ ਚੱਲੀਆਂ ਵੱਖ-ਵੱਖ ਲਹਿਰਾਂ ਨੂੰ ਸਮਰਪਿਤ ਗੈਲਰੀਆਂ ਉਸਾਰੀਆਂ ਗਈਆਂ ਸਨ।

ਇਸ ਦੀ ਉਸਾਰੀ ਦਾ ਨੀਂਹ ਪੱਥਰ ਉਸ ਸਮੇਂ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ 19 ਅਕਤੂਬਰ, 2014 ਨੂੰ ਰੱਖਿਆ ਗਿਆ ਸੀ ਅਤੇ ਇਸ ਦੇ ਪਹਿਲੇ ਪੜਾਅ ਦੀ ਉਸਾਰੀ 6 ਨਵੰਬਰ 2016 ਨੂੰ ਮੁਕੰਮਲ ਹੋਈ ਸੀ। ਇਸ ਮਕਸਦ ਲਈ ਫਾਊਂਡੇਸ਼ਨ ਦੇ ਮੈਂਬਰਾਂ ਅਤੇ ਸਰਕਾਰੀ ਅਧਿਕਾਰੀਆਂ ਨੇ ਬੇਹੱਦ ਦਿਲਚਸਪੀ ਲੈ ਕੇ ਬੜੀ ਲਗਨ ਨਾਲ ਦਿਨ-ਰਾਤ ਕੰਮ ਕੀਤਾ। ਜੰਗ-ਏ-ਆਜ਼ਾਦੀ ਯਾਦਗਾਰ ਦੇ ਦੂਜੇ ਪੜਾਅ ਦਾ ਉਦਘਾਟਨ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 6 ਮਾਰਚ, 2018 ਨੂੰ ਕੀਤਾ ਗਿਆ ਸੀ। ਇਸ ਦੇ ਤੀਜੇ ਪੜਾਅ ਦਾ ਉਦਘਾਟਨ ਵੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੀ ਕੀਤਾ ਗਿਆ ਸੀ। ਸਮੇਂ ਦੀਆਂ ਸਾਰੀਆਂ ਸਰਕਾਰਾਂ ਨੇ ਅਤੇ ਸਾਰੇ ਮੁੱਖ ਮੰਤਰੀਆਂ ਨੇ ਇਸ ਯਾਦਗਾਰ ਦੀ ਉਸਾਰੀ ਲਈ ਵਧ ਚੜ੍ਹ ਕੇ ਸਹਿਯੋਗ ਦਿੱਤਾ ਸੀ।

ਯਾਦਗਾਰ ਦੇ ਲਗਭਗ ਪੂਰੀ ਹੋ ਜਾਣ ਤੋਂ ਬਾਅਦ ਡਾ. ਹਮਦਰਦ ਨੇ ਰੁਝੇਵਿਆਂ ਕਾਰਨ ਆਪਣੇ ਅਹੁਦਿਆਂ ਤੋਂ ਅਸਤੀਫਾ ਵੀ ਦੇ ਦਿੱਤਾ ਸੀ ਪਰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਜੁਲਾਈ, 2020 ਦੇ ਆਪਣੇ ਪੱਤਰ ਰਾਹੀਂ ਉਨ੍ਹਾਂ ਦਾ ਅਸਤੀਫ਼ਾ ਰੱਦ ਕਰ ਕੇ ਉਨ੍ਹਾਂ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦਾ ਕੰਮਕਾਜ ਸੰਭਾਲੀ ਰੱਖਣ ਅਤੇ ਇਸ ਨੂੰ ਹੋਰ ਬਿਹਤਰ ਬਣਾਉਣ ਲਈ ਯਤਨ ਜਾਰੀ ਰੱਖਣ ਲਈ ਆਖਿਆ ਸੀ। ਇਸ ਦੇ ਨਾਲ ਹੀ ਕੈਪਟਨ ਸਾਹਿਬ ਨੇ ਡਾ. ਬਰਜਿੰਦਰ ਸਿੰਘ ਹਮਦਰਦ ਦੀ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਵਿਚ ਪਾਏ ਗਏ ਯੋਗਦਾਨ ਦੀ ਪ੍ਰਸ਼ੰਸਾ ਵੀ ਕੀਤੀ ਸੀ। ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਇਸ ਯਾਦਗਾਰ ਦੀ ਵਿਸ਼ੇਸ਼ ਤੌਰ ‘ਤੇ ਚਰਚਾ ਹੋਈ ਹੈ। 26 ਜਨਵਰੀ, 2022 ਨੂੰ ਪੰਜਾਬ ਦੀ ਗਣਤੰਤਰ ਦਿਵਸ ‘ਤੇ ਦਿਖਾਈ ਜਾਣ ਵਾਲੀ ਝਾਕੀ ਵੀ ਇਸ ਯਾਦਗਾਰ ਦੇ ਆਧਾਰ ‘ਤੇ ਬਣਾਈ ਗਈ ਸੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੁੰਜਾਂ ਦੀਆਂ ਡਾਰਾਂ
Next articleਖਰਾਬ ਹੋਈਆਂ ਫ਼ਸਲਾਂ ਦਾ ਜਲਦ ਮੁਆਵਜ਼ਾ ਦਿੱਤਾ ਜਾਵੇ-ਦਿਲਬਰ ਸਿੰਘ ਚੰਦੀ