
ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਾ ਕੀਤਾ ਵਿਸ਼ੇਸ਼ ਧੰਨਵਾਦ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਅੰਦਰ ਕਿਸਾਨਾਂ ਦੀਆਂ ਸੈਂਕੜੇ ਏਕੜ ਜ਼ਮੀਨਾਂ ਐਕਸਪ੍ਰੈਸ ਵੇਅ ਲਈ ਐਕਵਾਇਰ ਕਰਕੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਰੋਡ ਸੰਘਰਸ਼ ਕਮੇਟੀ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਟਿੱਬਾ ਵਿਖੇ ਸੜਕਾਂ ਦੇ ਕੰਮ ਰੋਕ ਕੇ ਅਣਮਿੱਥੇ ਸਮੇਂ ਲਈ ਦਿੱਤਾ ਜਾ ਰਿਹਾ ਧਰਨਾ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵੱਲੋਂ ਬੀਤੇ ਦਿਨ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨਾਲ਼ ਕਰਵਾਈ ਮੀਟਿੰਗ ਤੋਂ ਬਾਅਦ ਮੰਗਾਂ ਨੂੰ ਜ਼ਲਦੀ ਹੱਲ ਕਰਨ ਦੇ ਦਿੱਤੇ ਵਿਸ਼ਵਾਸ ਤੋਂ ਬਾਅਦ ਅੱਜ ਇਲਾਕੇ ਦੇ ਕਿਸਾਨਾਂ ਨੇ ਆਪਸੀ ਸਲਾਹ ਮਸ਼ਵਰੇ ਤੋਂ ਬਾਅਦ ਆਰਜ਼ੀ ਤੌਰ ਤੇ ਮੁਲਤਵੀ ਕਰ ਦਿੱਤਾ। ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ, ਸੀਨੀਅਰ ਮੀਤ ਪ੍ਰਧਾਨ ਬਖਸ਼ੀਸ਼ ਸਿੰਘ ਤਲਵੰਡੀ ਚੌਧਰੀਆਂ,ਕੁਲ ਹਿੰਦ ਕਿਸਾਨ ਸਭਾ ਦੇ ਆਗੂ ਅਮਰਜੀਤ ਸਿੰਘ ਟਿੱਬਾ, ਇੰਦਰਜੀਤ ਸਿੰਘ ਲਿਫਟਰ, ਬੀਬੀ ਜਸਵਿੰਦਰ ਕੌਰ ਟਿੱਬਾ, ਜਸਵਿੰਦਰ ਸਿੰਘ ਬਈ, ਹਰਿੰਦਰ ਸਿੰਘ, ਤਰਸੇਮ ਸਿੰਘ, ਰਣਜੀਤ ਸਿੰਘ ਰਾਣਾ ਟਾਇਲਾਂ ਵਾਲੇ ਆਦਿ ਨੇ ਇਲਾਕੇ ਦੇ ਕਿਸਾਨਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਜੇ ਨੈਸ਼ਨਲ ਹਾਈਵੇ ਅਥਾਰਟੀ ਅਤੇ ਪ੍ਰਸ਼ਾਸਨ ਉਨ੍ਹਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹੱਟਿਆ ਤਾਂ ਮੁੜ ਵੱਡੇ ਪੱਧਰ ਤੇ ਕੰਮ ਰੋਕ ਕੇ ਧਰਨਾ ਲਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਉਸਾਰੂ ਭੂਮਿਕਾ ਨਿਭਾਉਂਦਿਆਂ ਪੂਰੀ ਜ਼ਿੰਮੇਵਾਰੀ ਨਾਲ ਸਾਰੇ ਹੀ ਅਧਿਕਾਰੀਆਂ ਨੂੰ ਮੰਗਾਂ ਦੇ ਨਿਪਟਾਰੇ ਲਈ ਸਮਾਂਬੱਧ ਕੀਤਾ ਹੈ ਅਤੇ 15 ਦਿਨ ਬਾਅਦ ਮੰਗਾਂ ਦੇ ਹੱਲ ਲਈ ਰਿਵਿਊ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਜ਼ਿੰਮੇਵਾਰੀ ਲੈਂਦਿਆਂ ਇਸ ਮੀਟਿੰਗ ਵਿੱਚ ਰੋਡ ਸੰਘਰਸ਼ ਕਮੇਟੀ ਦੀਆਂ ਮੰਗਾਂ ਧਿਆਨ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ,ਉਸ ਤੋਂ ਲੱਗਦਾ ਹੈ ਕਿ ਚਿਰਾਂ ਤੋਂ ਲਟਕਦੀਆਂ ਮੰਗਾਂ ਜਲਦ ਹੱਲ ਹੋ ਜਾਣਗੀਆਂ। ਉਨ੍ਹਾਂ ਨੇ ਕਿਹਾ ਨੈਸ਼ਨਲ ਹਾਈਵੇ ਅਥਾਰਟੀ ਅਤੇ ਪ੍ਰਸ਼ਾਸਨ ਵਿੱਚ ਆਪਸੀ ਤਾਲਮੇਲ ਨਾ ਹੋਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ ਹੈ।ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਨੇ ਐਲਾਨ ਕੀਤਾ ਕਿ ਇਹ ਅਣਮਿੱਥੇ ਸਮੇਂ ਦਾ ਧਰਨਾ ਆਰਜ਼ੀ ਤੌਰ ਤੇ ਹੀ ਮੁਲਤਵੀ ਕੀਤਾ ਗਿਆ ਹੈ ਜੇਕਰ ਨੈਸ਼ਨਲ ਹਾਈਵੇ ਅਥਾਰਟੀ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਆਪਣੇ ਵਾਅਦੇ ਮੁਤਾਬਿਕ ਖਰੇ ਨਾ ਉੱਤਰੇ ਤਾਂ ਮੁੜ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਜਾਵੇਗਾ।ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਨੇ ਧਰਨੇ ਦੌਰਾਨ ਸਹਿਯੋਗ ਦੇਣ ਵਾਲੀਆਂ ਕਿਸਾਨ ਅਤੇ ਅਧਿਆਪਕ ਜਥੇਬੰਦੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਆਪ ਆਗੂ ਅਮਰੀਕ ਸਿੰਘ ਟਿੱਬਾ, ਜਸਵਿੰਦਰ ਸਿੰਘ ਟਿੱਬਾ, ਬਲਬੀਰ ਸਿੰਘ ਭਗਤ, ਬਿੱਟੂ ਕਾਲੇਵਾਲ,ਸੀਤਲ ਸਿੰਘ ਮੌਲੂ, ਦਲਵਿੰਦਰ ਸਿੰਘ ਮਿੰਟੂ, ਜਗਮੋਹਣ ਸਿੰਘ, ਮਲਕੀਤ ਸਿੰਘ ਕਾਲਰੂ, ਕੁਲਵਿੰਦਰ ਸਿੰਘ ਟਿੱਬਾ, ਜਗਦੀਪ ਸਿੰਘ ਗਾਂਧਾ ਸਿੰਘ ਵਾਲਾ, ਭਜਨ ਸਿੰਘ ਟਿੱਬਾ ਅਤੇ ਹੋਰ ਇਲਾਕ਼ਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


