ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ)-ਨੌਜਵਾਨਾਂ ਵਿਚ ਨਸ਼ਿਆਂ ਦੇ ਸੇਵਨ ਦਾ ਵੱਧ ਰਿਹਾ ਰੁਝਾਨ ਸਮਾਜ ਲਈ ਬਹੁਤ ਘਾਤਕ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਿੰਸੀਪਲ ਸੁਰਜੀਤ ਸਿੰਘ ਬੱਧਣ ਨੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਗਾਲ ਕੇ ਰੱਖ ਦਿੱਤਾ ਹੈ। ਇਹੋ ਕਾਰਨ ਹੈ ਕਿ ਅੱਜ ਤੋਂ 20-25 ਸਾਲ ਪਹਿਲਾਂ ਹਰ ਪਿੰਡ ਵਿਚ ਕਬੱਡੀ ਦੀਆਂ ਦੋ-ਦੋ ਤਿੰਨ-ਤਿੰਨ ਟੀਮਾਂ ਹੁੰਦੀਆਂ ਸਨ, ਪਰੰਤੂ ਅੱਜ 10 ਪਿੰਡਾਂ ਨੂੰ ਰਲਾ ਕੇ ਵੀ ਇੱਕ ਟੀਮ ਨਹੀਂ ਬਣਦੀ। ਯੁਵਕਾਂ ਵਿੱਚ ਨਸ਼ਿਆਂ ਦੇ ਸੇਵਨ ਦੀ ਰੁਚੀ ਦਿਨੋ-ਦਿਨ ਵੱਧ ਰਹੀ ਹੈ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ । ਉਨ੍ਹਾਂ ਕਿਹਾ ਕਿ ਨਸ਼ੇ ਮਨੁੱਖ ਦੇ ਚਰਿੱਤਰ, ਨੈਤਿਕਤਾ ਤੇ ਸਿਹਤ ਦਾ ਸਤਿਆਨਾਸ ਕਰ ਦਿੰਦੇ ਹਨ। ਜਿਹੜਾ ਇਕ ਵਾਰੀ ਇਸ ਦਾ ਸ਼ਿਕਾਰ ਹੋ ਜਾਂਦਾ ਹੈ, ਉਸ ਦਾ ਇਸ ਵਿਚੋਂ ਨਿਕਲਣਾ ਮੁਸ਼ਕਿਲ ਹੋ ਜਾਂਦਾ ਹੈ ਤੇ ਦੋ-ਤਿੰਨ ਸਾਲਾਂ ਵਿਚ ਹੀ ਉਹ ਸਿਵਿਆਂ ਵਿੱਚ ਪੁੱਜ ਜਾਂਦਾ ਹੈ। ਉਹਨਾਂ ਦੱਸਿਆ ਕਿ ਨਸ਼ਿਆਂ ਵਿਚ ਗਲਤਾਨ ਮਨੁੱਖ ਸਮਾਜਿਕ ਤੇ ਨੈਤਿਕ ਕਦਰਾਂ-ਕੀਮਤਾਂ ਭੁੱਲ ਜਾਂਦੇ ਹਨ। ਉਹ ਚੋਰੀਆਂ ਕਰਦੇ, ਜੂਆ ਖੇਡਦੇ ਅਤੇ ਕਈ ਵਾਰ ਘਰਦਿਆਂ ਤੋਂ ਪੈਸੇ ਨਾ ਮਿਲਣ ਦੀ ਸੂਰਤ ਵਿਚ ਮਾਂ-ਪਿਓ ਦਾ ਕਤਲ ਵੀ ਕਰ ਦਿੰਦੇ ਹਨ। ਮਾਂ-ਪਿਓ ਤੇ ਘਰ ਦੇ ਹੋਰ ਮੈਂਬਰ ਆਪਣੇ ਆਪ ਨੂੰ ਉਨ੍ਹਾਂ ਦੀਆਂ ਹਰਕਤਾਂ ਸਾਹਮਣੇ ਬੇਵੱਸ ਮਹਿਸੂਸ ਕਰਦੇ ਹਨ। ਕਈ ਵਾਰੀ ਉਹ ਲੋਕ-ਲਾਜ ਤੇ ਸ਼ਰਮ ਦੇ ਮਾਰੇ ਕਿਸੇ ਨੂੰ ਦੱਸਦੇ ਵੀ ਨਹੀਂ ਤੇ ਕਈ ਵਾਰੀ ਉਨ੍ਹਾਂ ਨੂੰ ਹਸਪਤਾਲਾਂ ਵਿਚ ਧੱਕੇ ਖਾਣੇ ਪੈਂਦੇ ਹਨ। ਉਹਨਾਂ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਰਹੀ ਹੈ। ਸਮਾਜਿਕ ਜਥੇਬੰਦੀਆਂ ਨੂੰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਜ਼ੋਰਦਾਰ ਕਦਮ ਚੁੱਕਣੇ ਚਾਹੀਦੇ ਹਨ। ਇਸ ਮੰਤਵ ਲਈ ਇਨ੍ਹਾਂ ਦੇ ਨੈੱਟਵਰਕ ਨੂੰ ਤੋੜਨਾ ਤੇ ਨਸ਼ੇ ਦੀ ਸਮਗਲਿੰਗ ਦੇ ਰਸਤਿਆਂ ਨੂੰ ਬੰਦ ਕਰਨਾ ਬਹੁਤ ਜ਼ਰੂਰੀ ਹੈ। ਪਿੰਡਾਂ ਵਿਚ ਪੰਚਾਇਤਾਂ ਨੂੰ ਹਰ ਨੌਜਵਾਨ ਮੁੰਡੇ-ਕੁੜੀ ਉੱਤੇ ਨਜ਼ਰ ਰੱਖਣੀ ਚਾਹੀਦੀ ਹੈ ਅਤੇ ਪਿੰਡਾਂ ਵਿਚ ਨਸ਼ੇਬਾਜ਼ਾਂ ਦੇ ਕਿਸੇ ਏਜੰਟ ਜਾਂ ਕਿਸੇ ਦੇ ਨਸ਼ੇਬਾਜ਼ ਰਿਸ਼ਤੇਦਾਰ ਨੂੰ ਵੜਨ ਨਹੀਂ ਦੇਣਾ ਚਾਹੀਦਾ। ਨੌਜਵਾਨਾਂ ਵਿਚ ਖੇਡਾਂ ਤੋਂ ਇਲਾਵਾ ਹੋਰਨਾਂ ਮੁਕਾਬਲਿਆਂ ਨੂੰ ਉਤਸ਼ਾਹਿਤ ਕਰ ਕੇ ਉਨ੍ਹਾਂ ਵਿਚ ਨਵੀਆਂ ਪ੍ਰੇਰਨਾਵਾਂ ਪੈਦਾ ਕਰਨੀਆਂ ਚਾਹੀਦੀਆਂ ਹਨ। ਪ੍ਰਿੰਸੀਪਲ ਸੁਰਜੀਤ ਸਿੰਘ ਬੱਧਣ ਨੇ ਕਿਹਾ ਕਿ ਇਸ ਦੇ ਨਾਲ ਹੀ ਮਾਪਿਆਂ ਦਾ ਵੀ ਫ਼ਰਜ਼ ਹੈ ਕਿ ਉਹ ਆਪਣੇ ਬੱਚਿਆਂ ਦੀਆ ਆਦਤਾਂ ਉੱਤੇ ਨਜ਼ਰ ਰੱਖਣ ਤੇ ਉਨ੍ਹਾਂ ਨੂੰ ਭਟਕਣ ਨਾ ਦੇਣ।
ਨੌਜਵਾਨਾਂ ਵਿੱਚ ਨਸ਼ਿਆਂ ਦੇ ਸੇਵਨ ਦਾ ਵੱਧ ਰਿਹਾ ਰੁਝਾਨ, ਸਮਾਜ ਲਈ ਬਹੁਤ ਘਾਤਕ – ਪ੍ਰਿੰਸੀਪਲ ਸੁਰਜੀਤ ਸਿੰਘ ਬੱਧਣ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



