ਕਾਸੋ ਆਪ੍ਰੇਸ਼ਨ ਤਹਿਤ ਭੰਗੀ ਚੋਅ ਦੇ ਇਲਾਕੇ ‘ਚ ਕੀਤੀ ਗਸ਼ਤ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਪੁਲਿਸ ਦੇ ਕਾਸੋ ਆਪ੍ਰੇਸ਼ਨ ਤਹਿਤ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਅੱਜ ਭੰਗੀ ਚੋਅ ਨੇੜੇ ਪੁਲਿਸ ਅਧਿਕਾਰੀਆਂ ਸਮੇਤ ਗਸ਼ਤ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਬਾਰੇ ਪੁਲਿਸ ਨੂੰ ਲਾਜ਼ਮੀ ਸੂਚਿਤ ਕੀਤਾ ਜਾਵੇ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਕਾਰਗਰ ਢੰਗ ਨਾਲ ਖਤਮ ਕੀਤਾ ਜਾ ਸਕੇ। ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਤਹਿਤ ਅਜਿਹੇ ਇਲਾਕਿਆਂ ਵਿਚ ਗਸ਼ਤ ਨੂੰ ਵਧਾਇਆ ਜਾ ਰਿਹਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਜਾਂ ਨਸ਼ਿਆਂ ਸਬੰਧੀ ਕਾਰਵਾਈ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਤਹਿਤ ਨਸ਼ਾ ਸਮੱਗਲਰਾਂ ਬਾਰੇ ਜਾਣਕਾਰੀ ਜ਼ਿਲ੍ਹਾ ਪੁਲਿਸ ਨੂੰ ਦਿੱਤੀ ਜਾਵੇ ਜਿਸ ਨੂੰ ਪੂਰੀ ਤਰ੍ਹਾਂ ਗੁਪਤ ਰੱਖਦਿਆਂ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪਿਛਲੇ ਦਿਨਾਂ ਵਿਚ 200 ਤੋਂ ਵੱਧ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਇਹ ਜੰਗ ਅਧੂਰੀ ਹੈ ਜਿਸ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਲੋਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਜ਼ਿਲ੍ਹਾ ਪੁਲਿਸ ਵਲੋਂ ਸ਼ੁਰੂ ਕੀਤੇ ਸੰਪਰਕ ਪ੍ਰੋਗਰਾਮ ਦੀ ਗੱਲ ਕਰਦਿਆਂ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕੇ ਵਿਅਕਤੀਆਂ ਦੇ ਸੁਚੱਜੇ ਇਲਾਜ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਮਹੀਨੇ ਦੌਰਾਨ 20 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਇਆ ਹੈ ਤਾਂ ਜੋ ਉਹ ਨਸ਼ਾ ਛੱਡ ਕੇ ਸਿਹਤਮੰਦ ਜੀਵਨ ਅਪਣਾ ਸਕਣ। ਉਨ੍ਹਾਂ ਕਿਹਾ ਕਿ ਸੰਪਰਕ ਪ੍ਰੋਗਰਾਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਪੁਲਿਸ ਵਲੋਂ ਲੋਕਾਂ ਨਾਲ ਰਾਬਤਾ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਵਿਚ ਲੋਕਾਂ ਨੂੰ ਪੂਰਨ ਸਹਿਯੋਗ ਕਰਨਾ ਚਾਹੀਦਾ ਹੈ।
https://play.google.com/store/apps/details?id=in.yourhost.samaj