ਸੰਗਤ ਮੰਡੀ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜ ਵਿੱਚ ਨਸ਼ੇ ਅਤੇ ਗੈਂਗਸਟਰ ਵਧੇ ਹਨ ਜਦੋਂਕਿ ਪੰਜਾਬ ਵਿੱਚ ਸਭ ਤੋਂ ਵੱਧ ਵਿਕਾਸ ਸ਼੍ਰੋਮਣੀ ਅਕਾਲੀ ਦਲ ਸਮੇਂ ਹੀ ਹੋਇਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਝੂਠੀ ਸਹੁੰ ਖਾ ਕੇ ਲੋਕਾਂ ਨਾਲ ਵਾਅਦੇ ਕੀਤੇ ਜੋ ਪੂਰੇ ਨਹੀਂ ਹੋਏ। ਕਾਂਗਰਸ ਨੇ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ। ਇਸ ਸਮੇਂ ਪੰਜਾਬ ਵਿੱਚ ਨਸ਼ਿਆਂ ਦੇ ਵਪਾਰੀਆਂ ਦਾ ਬੋਲਬਾਲਾ ਹੈ। ਉਨ੍ਹਾਂ ਕਾਂਗਰਸੀ ਵਿਧਾਇਕ ’ਤੇ ਵਰ੍ਹਦਿਆਂ ਕਿਹਾ ਕਿ ਉਸ ਨੇ ਹਲਕੇ ਵਿੱਚ ਵੱਡੇ ਪੱਧਰ ’ਤੇ ਨਸ਼ੇ ਵਿਕਵਾਏ ਹਨ।
ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜ ਸਾਲ ਦੇ ਰਾਜਕਾਲ ਦੌਰਾਨ ਸਿੱਧੂ ਜਾਂ ਚੰਨੀ ਵਰਗਿਆਂ ਨੇ ਹਲਕੇ ਵਿੱਚ ਕਦੇ ਪੈਰ ਨਹੀਂ ਧਰਿਆ, ਜਦੋਂ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਟਿੱਬਿਆਂ ਵਾਲੇ ਇਸ ਹਲਕੇ ਨੂੰ ਹਰਿਆਲਾ ਬਣਾ ਦਿੱਤਾ ਹੈ। ਉਨ੍ਹਾਂ ਕੇਜਰੀਵਾਲ ’ਤੇ ਝੂਠ ਬੋਲਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਵਿੱਚ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇਣ ਦੇ ਵਾਅਦੇ ਕਰਕੇ ਸੱਤਾ ਹਥਿਆਉਣਾ ਚਾਹੁੰਦਾ ਹੈ। ਉਨ੍ਹਾਂ ਆਪਣੇ ਨਾਨਕਿਆਂ ਦੇ ਹਲਕੇ ਦਾ ਵਾਸਤਾ ਪਾ ਕੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ। ਸੁਖਬੀਰ ਬਾਦਲ ਨੇ ਲੋਕਾਂ ਨਾਲ ਵੱਡੇੇ ਵੱਡੇ ਵਾਅਦੇ ਵੀ ਕੀਤੇ।
ਝੂਠੇ ਪਰਚੇ ਦਰਜ ਕਰਨ ਵਾਲਿਆਂ ਨੂੰ ਚਿਤਾਵਨੀ
ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦਰਜ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਅਤੇ ਪਰਚੇ ਕਰਵਾਉਣ ਵਾਲੇ ਕਾਂਗਰਸੀ ਆਗੂਆਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬਠਿੰਡਾ ਦਿਹਾਤੀ ਤੋਂ ਅਕਾਲੀ-ਬਸਪਾ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਿਰਫ ਪੰਜਾਬ ਦਾ ਨੁਕਸਾਨ ਹੀ ਕੀਤਾ ਹੈ। ਇਸ ਮੌਕੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸੁਸ਼ੀਲ ਕੁਮਾਰ ਗੋਲਡੀ ਸੰਗਤ, ਸਰਪੰਚ ਗੁਰਜੰਟ ਸਿੰਘ ਨਰੂਆਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly