ਨਸ਼ਾ ਤਸਕਰੀ ਮਾਮਲਾ: ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ, ਗ੍ਰਿਫ਼ਤਾਰੀ ਲਈ ਯਤਨ ਤੇਜ਼

ਐੱਸ.ਏ.ਐੱਸ. ਨਗਰ (ਮੁਹਾਲੀ) (ਸਮਾਜ ਵੀਕਲੀ):  ਪੰਜਾਬ ਵਿਧਾਨ ਸਭਾ ਚੋਣਾਂ ਦੇ ਐਨ ਨੇੜੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਸ਼ਕਲਾਂ ਵੱਧ ਗਈਆਂ ਹਨ। ਅਕਾਲੀ ਆਗੂ ਖ਼ਿਲਾਫ਼ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਬਿਊਰੋ ਦੇ ਥਾਣੇ ਵਿੱਚ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਇੱਕ ਸੀਨੀਅਰ ਅਧਿਕਾਰੀ ਨੇ ਕੀਤੀ ਹੈ। ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਮਜੀਠੀਆ ’ਤੇ ਕਥਿਤ ਦੋਸ਼ ਲੱਗਦੇ ਆ ਰਹੇ ਹਨ ਅਤੇ ਉਹ ਸ਼ੁਰੂ ਤੋਂ ਹੀ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਹਨ। ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਸਰਕਾਰ ’ਤੇ ਲਗਾਤਾਰ ਦਬਾਅ ਵੱਧ ਰਿਹਾ ਸੀ।

ਤਾਜ਼ਾ ਐੱਫਆਈਆਰ ਵਿੱਚ ਐੱਸਟੀਐੱਫ ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਫਰਵਰੀ 2018 ਨੂੰ ਹਾਈ ਕੋਰਟ ਵਿੱਚ ਦਾਖ਼ਲ ਕੀਤੀ ਸਟੇਟਸ ਰਿਪੋਰਟ ਦਾ ਵੀ ਹਵਾਲਾ ਦਿੱਤਾ ਗਿਆ ਹੈ। ਡੀਜੀਪੀ ਦੇ ਹੁਕਮਾਂ ਅਨੁਸਾਰ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਤੋਂ ਪਹਿਲਾਂ ਪੂਰੀ ਫਾਈਲ ਕਾਨੂੰਨੀ ਸਲਾਹ-ਮਸ਼ਵਰੇ ਲਈ ਬੀਤੀ ਪਹਿਲੀ ਦਸੰਬਰ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਕੋਲ ਭੇਜੀ ਗਈ ਸੀ ਅਤੇ ਕਾਨੂੰਨੀ ਰਾਇ ਮਗਰੋਂ ਹੀ ਅਕਾਲੀ ਆਗੂ ਖ਼ਿਲਾਫ਼ 48 ਪੰਨਿਆਂ ਦੀ ਲੰਮੀ ਚੌੜੀ ਐੱਫਆਈਆਰ ਦਰਜ ਕੀਤੀ ਗਈ ਹੈ। ਇਸ ਵਿੱਚ ਬਹੁ-ਚਰਚਿਤ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਸਟੇਟਸ ਰਿਪੋਰਟ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਨਸ਼ਾ ਤਸਕਰੀ ਮਾਮਲੇ ਵਿੱਚ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਪੰਜਾਬ ਪੁਲੀਸ ਦੇ ਬਰਖ਼ਾਸਤ ਡੀਐੱਸਪੀ ਅਤੇ ਕੌਮਾਂਤਰੀ ਪਹਿਲਵਾਨ ਜਗਦੀਸ਼ ਭੋਲਾ ਨੇ ਵੀ ਕੇਸ ਦੀ ਸੁਣਵਾਈ ਦੌਰਾਨ ਕਈ ਸਿਆਸੀ ਆਗੂਆਂ ਦੇ ਨਾਵਾਂ ਦਾ ਜ਼ਿਕਰ ਕੀਤਾ ਸੀ ਅਤੇ ਨਸ਼ਿਆਂ ਖ਼ਿਲਾਫ਼ ਬਣੀ ਸਿੱਟ ਦੇ ਇੱਕ ਸੀਨੀਅਰ ਮੈਂਬਰ ਨੇ ਵੀ ਆਪਣੀ ਰਿਪੋਰਟ ਵਿੱਚ ਸਿਆਸੀ ਆਗੂ ਦਾ ਵੇਰਵਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂ ਕਾਫ਼ੀ ਸਮੇਂ ਤੋਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦੇ ਆ ਰਹੇ ਹਨ। ਹਾਲ ਹੀ ਵਿੱਚ ਪੰਜਾਬ ਦੇ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਲਾਂਭੇ ਕਰਕੇ ਸੀਨੀਅਰ ਆਈਪੀਐੱਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਚੰਨੀ ਸਰਕਾਰ ਦੀ ਨਸ਼ਿਆਂ ਦੇ ਮਾਮਲੇ ਵਿੱਚ ਸਿਆਸੀ ਆਗੂਆਂ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਉਧਰ, ਇਸ ਮਾਮਲੇ ਵਿੱਚ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਜੇਕਰ ਪਹਿਲਾਂ ਹੀ ਕਿਸੇ ਇਮਾਨਦਾਰ ਅਫ਼ਸਰ ਨੂੰ ਲਗਾਇਆ ਹੁੰਦਾ ਤਾਂ ਇਹ ਕਾਰਵਾਈ ਕਦੋਂ ਦੀ ਹੋ ਜਾਣੀ ਸੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੋ ਗੱਲਾਂ ਪਿਆਰੇ ਬੱਚਿਆਂ ਨਾਲ ….
Next articleਸਜ਼ਾ ਮਿਲਣ ਤੱਕ ਲੜਾਈ ਜਾਰੀ ਰਹੇਗੀ: ਸਿੱਧੂ