ਨਸ਼ਾ ਤਸਕਰੀ ਕੇਸ: ਮਜੀਠੀਆ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

Former Minister Bikram Singh Majithia

ਮੁਹਾਲੀ, (ਸਮਾਜ ਵੀਕਲੀ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਉੱਚ ਅਦਾਲਤ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ, ਉੱਥੇ ਹੀ ਹੁਕਮਰਾਨ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦਿੰਦਿਆਂ ਜਾਂਚ ਵਿੱਚ ਸ਼ਾਮਲ ਹੋਣ ਲਈ ਵੀ ਕਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਸਨ। ਪੰਜਾਬ ਸਰਕਾਰ ਅਤੇ ਪੁਲੀਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਅਕਾਲੀ ਆਗੂ ਖ਼ਿਲਾਫ਼ ਲੁੱਕ-ਆਊਟ ਨੋਟਿਸ ਜਾਰੀ ਕੀਤਾ ਸੀ ਪਰ ਹੁਣ ਤੱਕ ਮਜੀਠੀਆ ਪੁਲੀਸ ਦੇ ਹੱਥ ਨਹੀਂ ਸੀ ਲੱਗੇ। ਗ੍ਰਿਫ਼ਤਾਰੀ ਤੋਂ ਬਚਣ ਲਈ ਮਜੀਠੀਆ ਨੇ ਪਹਿਲਾਂ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।

ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ। ਉਸ ਮਗਰੋਂ ਮਜੀਠੀਆ ਨੇ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੰਦਿਆਂ ਅਗਾਊਂ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ। ਅਕਾਲੀ ਆਗੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਵਿਰੁੱਧ ਗੈਰਕਾਨੂੰਨੀ ਤਰੀਕੇ ਨਾਲ ਇਹ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤਕਰਤਾ ਨਹੀਂ ਹੈ। ਨਸ਼ਾ ਤਸਕਰੀ ਮਾਮਲੇ ਵਿੱਚ ਪੁਲੀਸ ਪਹਿਲਾਂ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜੋ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾ ਭੁਗਤ ਰਹੇ ਹਨ। ਅਕਾਲੀ ਆਗੂ ਦਾ ਕਹਿਣਾ ਸੀ ਕਿ ਹੁਣ ਵਿਧਾਨ ਸਭਾ ਚੋਣਾਂ ਐਨ ਨੇੜੇ ਆਉਣ ਕਾਰਨ ਅਤੇ ਸੱਤਾਧਾਰੀ ਧਿਰ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਦੀ ਮਨਸ਼ਾ ਨਾਲ ਉਨ੍ਹਾਂ ਨੂੰ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸਾਂ ਵਿੱਚ ਉਲਝਾ ਕੇ ਰੱਖਣਾ ਚਾਹੁੰਦੀ ਹੈ।

ਇਸ ਸਬੰਧੀ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 8 ਜਨਵਰੀ ਤੱਕ ਜਵਾਬ ਦੇਣ ਲਈ ਕਿਹਾ ਗਿਆ ਸੀ। ਸਰਕਾਰ ਨੇ ਹਾਈ ਕੋਰਟ ਵਿੱਚ ਜਵਾਬ ਦਾਖ਼ਲ ਕਰ ਦਿੱਤਾ ਹੈ। ਸਰਕਾਰੀ ਵਕੀਲ ਦਾ ਕਹਿਣਾ ਸੀ ਕਿ ਮਜੀਠੀਆ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਦੀ ਦੇਖਰੇਖ ਹੇਠ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਸਬੰਧੀ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਰਿਪੋਰਟ ਅਤੇ ਕਾਨੂੰਨੀ ਰਾਇ ਲੈਣ ਮਗਰੋਂ ਹੀ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਤੈਅ ਤੱਕ ਜਾਣ ਲਈ ਮਜੀਠੀਆ ਨੂੰ ਪੁਲੀਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨੀ ਬਹੁਤ ਜ਼ਰੂਰੀ ਹੈ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ। ਉਂਜ ਅਦਾਲਤ ਨੇ ਅਕਾਲੀ ਆਗੂ ਨੂੰ ਪੁਲੀਸ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਵੀ ਦਿੱਤੇ ਹਨ। ਬਚਾਅ ਪੱਖ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਦੱਸਿਆ ਕਿ ਬੁੱਧਵਾਰ ਨੂੰ ਮਜੀਠੀਆ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਜਾਂਚ ’ਚ ਸ਼ਾਮਲ ਹੋਣ ਪਹੁੰਚ ਸਕਦੇ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਵਿਤਾ
Next articleਕੋਵਿਡ-19: ਭਾਰਤ ਵਿਚ 1,79,723 ਨਵੇਂ ਕੇਸ, 146 ਮਰੀਜ਼ਾਂ ਦੀ ਮੌਤ