ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ। ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਹਾਈ ਕੋਰਟ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ, ਉੱਥੇ ਹੁਕਮਰਾਨ ਕਾਂਗਰਸ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਅਦਾਲਤ ਨੇ ਮਜੀਠੀਆ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਬਚਾਅ ਪੱਖ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ, ਰਾਜਿੰਦਰ ਸਿੰਘ ਚੀਮਾ, ਦਮਨਬੀਰ ਸਿੰਘ ਸੋਬਤੀ ਅਤੇ ਅਰਸ਼ਦੀਪ ਸਿੰਘ ਚੀਮਾ ਪੇਸ਼ ਹੋਏ।
ਮਜੀਠੀਆ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਬੁੱਧਵਾਰ ਨੂੰ ਆ ਸਕਦੇ ਹਨ। ਪਿਛਲੇ ਸਾਲ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਿਆ ਸੀ। ਪੰਜਾਬ ਸਰਕਾਰ ਅਤੇ ਪੁਲੀਸ ਨੇ ਅਕਾਲੀ ਆਗੂ ਖ਼ਿਲਾਫ਼ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਸੀ। ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮਜੀਠੀਆ ਨੇ ਪਹਿਲਾਂ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਜੋ ਖਾਰਜ ਹੋ ਗਈ ਸੀ। ਇਸ ਮਗਰੋਂ ਮਜੀਠੀਆ ਨੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 8 ਜਨਵਰੀ ਤੱਕ ਜਵਾਬ ਦੇਣ ਲਈ ਕਿਹਾ ਗਿਆ ਸੀ। ਸਰਕਾਰ ਨੇ ਹਾਈ ਕੋਰਟ ਵਿੱਚ ਜਵਾਬ ਦਾਖ਼ਲ ਕਰ ਦਿੱਤਾ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੀ ਦੇਖ-ਰੇਖ ਹੇਠ ਨਸ਼ਿਆਂ ਦੀ ਤਸਕਰੀ ਮਾਮਲੇ ਸਬੰਧੀ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਦੀ ਰਿਪੋਰਟ ਅਤੇ ਕਾਨੂੰਨੀ ਰਾਇ ਲੈਣ ਮਗਰੋਂ ਹੀ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਸਰਕਾਰ ਨੇ ਕਿਹਾ ਸੀ ਕਿ ਮਾਮਲੇ ਦੀ ਤਹਿ ਤੱਕ ਜਾਣ ਲਈ ਮਜੀਠੀਆ ਨੂੰ ਪੁਲੀਸ ਹਿਰਾਸਤ ਵਿੱਚ ਲੈ ਕੇ ਪੁੱਛ-ਗਿੱਛ ਕਰਨੀ ਬਹੁਤ ਜ਼ਰੂਰੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly