ਮੁਹਾਲੀ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਰਾਹਤ ਲੈਣ ਲਈ ਵੀਰਵਾਰ ਨੂੰ ਅਦਾਲਤ ਦਾ ਬੂਹਾ ਖੜਕਾਇਆ ਹੈ। ਮਜੀਠੀਆ ਨੇ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ, ਐੱਚਐੱਸ ਧਨੋਆ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਗਈ। ਦੁਪਹਿਰ ਵੇਲੇ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਸੁਣਵਾਈ ਹੋਈ।
ਇਸ ਦੌਰਾਨ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿੱਚ ਜ਼ਬਰਦਸਤ ਜਿਰ੍ਹਾ ਹੋਈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਲੰਚ ਬਰੇਕ ਤੋਂ ਬਾਅਦ ਜਾਂ ਸ਼ਾਮ ਤੱਕ ਅਦਾਲਤ ਵੱਲੋਂ ਆਪਣਾ ਫੈਸਲਾ ਸੁਣਾਇਆ ਜਾ ਸਕਦਾ ਹੈ। ਮਜੀਠੀਆ ਖ਼ਿਲਾਫ਼ ਬੀਤੇ ਦਿਨੀਂ ਇੱਥੋਂ ਦੇ ਫੇਜ-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਹਨ। ਪੰਜਾਬ ਸਰਕਾਰ ਅਤੇ ਪੁਲੀਸ ਨੂੰ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖਦਸ਼ਾ ਹੈ। ਇਸ ਸਬੰਧੀ ਪੰਜਾਬ ਪੁਲੀਸ ਨੇ ਅਕਾਲੀ ਆਗੂ ਦੇ ਖ਼ਿਲਾਫ਼ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly