ਵਿਸ਼ਵ ਸੁਣਨ ਸ਼ਕਤੀ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸਮੱਗਰੀ ਜਾਰੀ
ਹੁਸ਼ਿਆਰਪੁਰ, (ਸਮਾਜ ਵੀਕਲੀ) ( ਤਰਸੇਮ ਦੀਵਾਨਾ ) – ਵਿਸ਼ਵ ਸੁਣਨ ਸ਼ਕਤੀ ਦਿਵਸ ਦੇ ਮੌਕੇ ’ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸੁਣਨ ਸ਼ਕਤੀ ਸੰਬੰਧੀ ਬਿਮਾਰੀਆਂ ਤੋਂ ਬਚਾਅ ਅਤੇ ਸਮੇਂ ਸਿਰ ਇਲਾਜ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਚਾਰ ਪ੍ਰਕਾਰ ਦੇ ਜਾਗਰੂਕਤਾ ਪੈਫਲਿਟ ਜਾਰੀ ਕੀਤੇ ਗਏ। ਇਸ ਮੌਕੇ , ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ, ਈਐਨਟੀ ਮਾਹਰ ਡਾ. ਰਾਜਵੰਤ ਕੌਰ, ਡਾ. ਗਗਨਦੀਪ ਕੌਰ, ਔਡੀਓਲੋਜਿਸਟ ਡਾ. ਮਨੂ, ਜ਼ਿਲ੍ਹਾ ਮਾਸ ਮੀਡੀਆ ਅਫਸਰ ਤਰਸੇਮ ਲਾਲ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਜੱਸਲ ਅਤੇ ਬੀ.ਈ.ਈ. ਰੋਹਿਤ ਸ਼ਰਮਾ ਵੀ ਹਾਜ਼ਰ ਸਨ। ਇਸ ਉਪਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਡਾ. ਨਵਜੋਤ ਸਿੰਘ, ਸੀਨੀਅਰ ਮੈਡੀਕਲ ਅਫਸਰ ਇੰਚਾਰਜ, ਅਤੇ ਡਾ. ਨੇਹਾ ਪਾਲ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਈਐਨਟੀ ਮਾਹਰ ਡਾ. ਰਾਜਵੰਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੰਨ ਸਾਡੇ ਸਰੀਰ ਦਾ ਬਹੁਤ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਅੰਗ ਹਨ। ਉਨ੍ਹਾਂ ਨੇ ਕਿਹਾ ਕਿ ਅਣਦੇਖੀ ਅਤੇ ਗਲਤ ਆਦਤਾਂ ਕਾਰਨ ਬਹੁਤ ਸਾਰੇ ਲੋਕ ਸੁਣਨ ਦੀ ਸਮੱਸਿਆ ਜਾਂ ਬੋਲੇਪਣ ਦਾ ਸ਼ਿਕਾਰ ਹੋ ਰਹੇ ਹਨ। ਇਸ ਲਈ ਲੋੜ ਹੈ ਕਿ ਲੋਕ ਆਪਣੇ ਕੰਨਾਂ ਦੀ ਸੰਭਾਲ ਪ੍ਰਤੀ ਜਾਗਰੂਕ ਹੋਣ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ’ਤੇ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕਰਨ। ਉਨ੍ਹਾਂ ਨੇ ਦੱਸਿਆ ਕਿ ਕੰਨਾਂ ਵਿੱਚ ਪਾਣੀ ਜਾਂ ਕਿਸੇ ਵੀ ਤਰਲ ਪਦਾਰਥ ਨੂੰ ਜਾਣ ਤੋਂ ਰੋਕਣਾ ਚਾਹੀਦਾ ਹੈ ਅਤੇ ਕੰਨਾਂ ਦੀ ਸਫਾਈ ਹਮੇਸ਼ਾਂ ਸਾਫ਼ ਅਤੇ ਨਰਮ ਕੱਪੜੇ ਨਾਲ ਹੀ ਕਰਨੀ ਚਾਹੀਦੀ ਹੈ। ਕੰਨਾਂ ਵਿੱਚ ਖਾਰਿਸ਼ ਹੋਣ ਦੀ ਸੂਰਤ ਵਿੱਚ ਨੁਕੀਲੀ ਚੀਜ਼ਾਂ ਜਿਵੇਂ ਕਿ ਸੂਈ, ਪਿੰਨ ਜਾਂ ਮੈਚਸਟਿਕ ਆਦਿ ਵਰਤਣ ਤੋਂ ਗੁਰੇਜ਼ ਕੀਤਾ ਜਾਵੇ। ਇਸ ਨਾਲ ਕੰਨ ਦੇ ਪਰਦੇ ਨੂੰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੰਨਾਂ ਵਿੱਚੋਂ ਪੀਕ ਆਉਣਾ, ਬਦਬੂ ਆਉਣਾ ਜਾਂ ਖੂਨ ਆਉਣਾ ਗੰਭੀਰ ਬਿਮਾਰੀ ਦੇ ਲੱਛਣ ਹੋ ਸਕਦੇ ਹਨ ਅਤੇ ਅਜਿਹੀ ਸਥਿਤੀ ਵਿੱਚ ਦੇਰੀ ਨਾ ਕਰਦੇ ਹੋਏ ਤੁਰੰਤ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਤੇਜ਼ ਆਵਾਜ਼ਾਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਉੱਚੀ ਧੁਨੀ ਲੰਬੇ ਸਮੇਂ ਤੱਕ ਸੁਣਨ ਨਾਲ ਸੁਣਨ ਸ਼ਕਤੀ ਪ੍ਰਭਾਵਿਤ ਹੋ ਸਕਦੀ ਹੈ। ਕਿਸੇ ਵੀ ਬੱਚੇ ਜਾਂ ਵੱਡੇ ਦੇ ਕੰਨ ’ਤੇ ਮਾਰਨਾ ਗੰਭੀਰ ਨੁਕਸਾਨ ਦਾ ਕਾਰਨ ਬਣ ਸਕਦਾ ਹੈ, ਇਸ ਲਈ ਇਸ ਤਰ੍ਹਾਂ ਦੀ ਹਰਕਤ ਤੋਂ ਸਖ਼ਤ ਪਰਹੇਜ਼ ਕੀਤਾ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫਸਰ ਤਰਸੇਮ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਪੱਧਰ ’ਤੇ ਜਿੱਥੇ ਜਣੇਪੇ ਸਮੇਂ ਮਾਹਿਰ ਡਾਕਟਰ ਉਪਲਬਧ ਨਹੀਂ ਹੁੰਦਾ, ਉੱਥੇ ਨਵਜਾਤ ਬੱਚੇ ਦੀ ਸੁਣਨ ਸਮਰੱਥਾ ਦੀ ਪ੍ਰਾਰੰਭਿਕ ਜਾਂਚ ਕੌਲੀ ਜਾਂ ਚਮਚ ਖੜਕਾ ਕੇ ਕੀਤੀ ਜਾ ਸਕਦੀ ਹੈ। ਜੇਕਰ ਬੱਚਾ ਆਵਾਜ਼ ’ਤੇ ਅੱਖਾਂ ਝਪਕਦਾ ਹੈ ਜਾਂ ਕਿਸੇ ਤਰ੍ਹਾਂ ਦੀ ਹਰਕਤ ਕਰਦਾ ਹੈ ਤਾਂ ਇਹ ਸੁਣਨ ਦੀ ਨਿਸ਼ਾਨੀ ਹੈ। ਜੇਕਰ ਕੋਈ ਪ੍ਰਤੀਕ੍ਰਿਆ ਨਾ ਮਿਲੇ ਤਾਂ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਲਾਜ਼ਮੀ ਹੈ, ਤਾਂ ਜੋ ਸਮੇਂ ਸਿਰ ਇਲਾਜ ਸੰਭਵ ਹੋ ਸਕੇ। ਅੰਤ ਵਿੱਚ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਮੁਫ਼ਤ ਜਾਂਚ ਅਤੇ ਇਲਾਜ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਨਾਲ ਨਾਲ ਆਪਣੇ ਪਰਿਵਾਰ ਦੀ ਸੁਣਨ ਸਿਹਤ ਪ੍ਰਤੀ ਵੀ ਜਾਗਰੂਕ ਰਹਿਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


