ਮੁੰਬਈ— ਮਹਾਰਾਸ਼ਟਰ ‘ਚ ਇਕ ਵਾਰ ਫਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਮਹਾਗਠਜੋੜ ਸਰਕਾਰ ਬਣਨ ਜਾ ਰਹੀ ਹੈ, ਜੋ ਕਿ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਰੁਝਾਨਾਂ ਤੋਂ ਸਪੱਸ਼ਟ ਹੋ ਰਿਹਾ ਹੈ। ਮਹਾਯੁਤੀ ਗਠਜੋੜ ਨੂੰ ਭਾਰੀ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ, ਜਦਕਿ ਮਹਾ ਵਿਕਾਸ ਅਗਾੜੀ (ਐੱਮ.ਵੀ.ਏ.) ਗਠਜੋੜ ਨੂੰ ਵੱਡਾ ਝਟਕਾ ਲੱਗਾ ਹੈ, ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਇਸ ਜਿੱਤ ਨੂੰ ਇਤਿਹਾਸਕ ਕਰਾਰ ਦਿੰਦੇ ਹੋਏ ਮਹਾਰਾਸ਼ਟਰ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਯੁਤੀ ਨੂੰ ਬੰਪਰ ਵੋਟਾਂ ਮਿਲੀਆਂ ਹਨ ਅਤੇ ਅਸੀਂ ਇਸ ਜਿੱਤ ਲਈ ਮਹਾਰਾਸ਼ਟਰ ਦੇ ਲੋਕਾਂ ਦੇ ਧੰਨਵਾਦੀ ਹਾਂ। ਮੁੱਖ ਮੰਤਰੀ ਦੇ ਅਹੁਦੇ ਬਾਰੇ ਪੁੱਛੇ ਜਾਣ ‘ਤੇ ਸ਼ਿੰਦੇ ਨੇ ਕਿਹਾ ਕਿ ਅਜੇ ਤੱਕ ਇਸ ‘ਤੇ ਕੋਈ ਚਰਚਾ ਨਹੀਂ ਹੋਈ ਹੈ। ਅੰਤਿਮ ਚੋਣ ਅੰਕੜੇ ਆਉਣ ਤੋਂ ਬਾਅਦ ਤਿੰਨੋਂ ਪਾਰਟੀਆਂ ਮਿਲ ਕੇ ਇਸ ‘ਤੇ ਫੈਸਲਾ ਲੈਣਗੀਆਂ, ਸੂਤਰਾਂ ਮੁਤਾਬਕ ਮੁੱਖ ਮੰਤਰੀ ਅਹੁਦੇ ਦੀ ਦੌੜ ‘ਚ ਭਾਜਪਾ ਨੇਤਾ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਸਭ ਤੋਂ ਅੱਗੇ ਹਨ। ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ 26 ਨਵੰਬਰ ਨੂੰ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਦੀ ਚੋਣ ਲਈ 25 ਨਵੰਬਰ ਨੂੰ ਵਿਧਾਇਕ ਦਲ ਦੀ ਬੈਠਕ ਬੁਲਾਏ ਜਾਣ ਦੀ ਵੀ ਖ਼ਬਰ ਹੈ, ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ ਮਹਾਯੁਤੀ ਗਠਜੋੜ ਨੂੰ 218 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਇਸ ਦੇ ਨਾਲ ਹੀ ਐਮਵੀਏ ਗਠਜੋੜ 52 ਸੀਟਾਂ ਤੱਕ ਸੀਮਤ ਨਜ਼ਰ ਆ ਰਿਹਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ 125, ਸ਼ਿਵ ਸੈਨਾ ਨੂੰ 55 ਅਤੇ ਅਜੀਤ ਪਵਾਰ ਦੀ ਐਨਸੀਪੀ ਨੂੰ 38 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਇਸ ਦੇ ਨਾਲ ਹੀ ਕਾਂਗਰਸ ਨੂੰ 20, ਐਨਸੀਪੀ (ਸ਼ਰਦ ਪਵਾਰ) ਨੂੰ 13 ਅਤੇ ਸ਼ਿਵ ਸੈਨਾ (ਯੂਬੀਟੀ) ਨੂੰ 19 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਇਸ ਤੋਂ ਇਲਾਵਾ 18 ਸੀਟਾਂ ਹੋਰਨਾਂ ਦੇ ਖਾਤੇ ‘ਚ ਜਾਂਦੀਆਂ ਨਜ਼ਰ ਆ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ 288 ਮੈਂਬਰੀ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਬਹੁਮਤ ਦਾ ਅੰਕੜਾ 145 ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly