ਨਵਾਂਸ਼ਹਿਰ /ਕਾਠਗੜ੍ਹ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ)– ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਠਗੜ੍ਹ ਦੇ ਨੇੜਲੇ ਪਿੰਡ ਰੈਲਮਾਜਰਾ ਵਿਖੇ ਵੋਟਾਂ ਦੀ ਸੁਧਾਈ (ਐਸ.ਆਈ.ਆਰ.) ਸਬੰਧੀ ਬੂਥ ਨੰਬਰ 192 ਦੇ ਬੀ.ਐਲ.ਓ. (ਬੂਥ ਲੈਵਲ ਅਫ਼ਸਰ) ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਬੀ.ਐਲ.ਏਜ਼ (ਬੂਥ ਲੈਵਲ ਏਜੰਟਾਂ) ਵਿਚਕਾਰ ਇੱਕ ਅਹਿਮ ਮੀਟਿੰਗ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਬੂਥ ਨੰਬਰ 192 ਦੀ ਬੀ.ਐਲ.ਓ. ਸੀਮਾ ਵੱਲੋਂ ਕੀਤੀ ਗਈ, ਜਿਸ ਵਿੱਚ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਹਾਜ਼ਰ ਨੁਮਾਇੰਦਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਵਿਸ਼ੇਸ਼ ਮੀਟਿੰਗ ਵਿੱਚ ਲੋਕਤੰਤਰਿਕ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਅਤੇ ਵੋਟਰ ਸੂਚੀਆਂ ਨੂੰ ਦਰੁਸਤ ਕਰਨ ਦੇ ਮਕਸਦ ਨਾਲ ਸਮੂਹ ਰਾਜਨੀਤਿਕ ਪਾਰਟੀਆਂ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਪਿੰਡ ਰੈਲਮਾਜਰਾ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਰਪੰਚ ਸਿਕੰਦਰ ਸਿੰਘ ਲਾਂਦੀ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਸ਼ਮਸ਼ੇਰ ਸਿੰਘ ਸ਼ੇਰਾ , ਕਾਂਗਰਸ ਪਾਰਟੀ ਦੇ ਨੁਮਾਇੰਦੇ ਰਾਜਕੁਮਾਰ, ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਸੰਦੀਪ ਕੁਮਾਰ ਰਾਣਾ ਅਤੇ ਬਹੁਜਨ ਸਮਾਜ ਪਾਰਟੀ (ਬੀਐਸਪੀ) ਦੇ ਜਸਕਰਨ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਸਾਰੇ ਆਗੂਆਂ ਨੇ ਆਪਸੀ ਤਾਲਮੇਲ ਨਾਲ ਵੋਟਰ ਸੂਚੀ ਨੂੰ ਪਾਰਦਰਸ਼ੀ ਅਤੇ ਤਰੁਟੀ-ਮੁਕਤ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀ ਇਸ ਮੁਹਿੰਮ ਤਹਿਤ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਯੋਗ ਨੌਜਵਾਨਾਂ ਦੀਆਂ ਵੋਟਾਂ ਬਣਾਉਣ, ਪਿੰਡ ਛੱਡ ਚੁੱਕੇ ਜਾਂ ਸਵਰਗਵਾਸ ਹੋ ਚੁੱਕੇ ਵੋਟਰਾਂ ਦੇ ਨਾਮ ਨਿਯਮਾਂ ਅਨੁਸਾਰ ਸੂਚੀ ਵਿੱਚੋਂ ਕੱਟਣ ਅਤੇ ਵੋਟਰ ਕਾਰਡਾਂ ਵਿੱਚ ਮੌਜੂਦ ਕਿਸੇ ਵੀ ਤਰ੍ਹਾਂ ਦੀਆਂ ਗਲਤੀਆਂ ਨੂੰ ਸੁਧਾਰਨ ਸਬੰਧੀ ਰਣਨੀਤੀ ਉੱਤੇ ਚਰਚਾ ਕੀਤੀ ਗਈ। ਬੀ.ਐਲ.ਓ. ਸੀਮਾ ਨੇ ਸਮੂਹ ਪਾਰਟੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੇ ਘਰ-ਘਰ ਤੱਕ ਪਹੁੰਚ ਕਰਕੇ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹਿਣ ਦੇਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਮੌਕੇ ਹਾਜ਼ਰ ਸਮੂਹ ਪਾਰਟੀਆਂ ਦੇ ਆਗੂਆਂ ਨੇ ਭਰੋਸਾ ਦਿਵਾਇਆ ਕਿ ਉਹ ਵੋਟਰ ਸੂਚੀ ਦੀ ਸੁਧਾਈ ਦੇ ਇਸ ਅਹਿਮ ਕਾਰਜ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਪੂਰਨ ਪਾਲਣ ਕਰਦੇ ਹੋਏ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






