ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਨਿਯੁਕਤ ਅਬਜ਼ਰਵਰ ਆਈ.ਏ.ਐਸ ਅਧਿਕਾਰੀ ਵਿਸ਼ੇਸ਼ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਪਨੀਤ ਰਿਆਤ ਅੱਜ ਹੁਸ਼ਿਆਰਪੁਰ ਪੁਜੇ। ਉਨ੍ਹਾਂ ਇਸ ਦੌਰਾਨ ਆਗਾਮੀ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਅਪਨੀਤ ਰਿਆਤ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੀਟਿੰਗ ਕੀਤੀ ਅਤੇ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਹ ਤਹਿਸੀਲ ਕੰਪਲੈਕਸ ਵਿੱਚ ਪੁੱਜੇ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਪ੍ਰਕਿਰਿਆ ਦਾ ਨਿਰੀਖਣ ਕੀਤਾ।
ਸ੍ਰੀਮਤੀ ਰਿਆਤ ਨੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਪ੍ਰਕਿਰਿਆ ’ਤੇ ਤਸੱਲੀ ਪ੍ਰਗਟਾਈ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਵਿੱਚ ਕੋਈ ਤਰੁੱਟੀ ਨਹੀਂ ਹੋਣੀ ਚਾਹੀਦੀ ਅਤੇ ਹਰੇਕ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਕਿਸਮ ਦਾ ਕੋਈ ਵਿਵਾਦ ਪੈਦਾ ਨਾ ਹੋਵੇ।
ਉਨ੍ਹਾਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕੇ ਜਾਣ |
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਚੋਣ ਅਬਜ਼ਰਵਰ ਨੂੰ ਦੱਸਿਆ ਕਿ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੋਣ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਚੋਣ ਪ੍ਰਕਿਰਿਆ ਨਿਰਪੱਖਤਾ, ਪਾਰਦਰਸ਼ਤਾ ਅਤੇ ਸ਼ਾਂਤੀ ਨਾਲ ਕਰਵਾਈ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ, ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਸ਼ਰਮਾ, ਰਿਟਰਨਿੰਗ ਅਫ਼ਸਰ ਕੁਲਵੰਤ ਸਿੰਘ ਸਿੱਧੂ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly