ਲਖਨਊ (ਸਮਾਜ ਵੀਕਲੀ): ਮੁੱਖ ਚੋਣ ਕਮਿਸ਼ਨਰ (ਸੀਈਸੀ) ਸੁਸ਼ੀਲ ਚੰਦਰਾ ਨੇ ਅੱਜ ਕਿਹਾ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਚਾਹੁੰਦੀਆਂ ਹਨ ਕਿ ਵਿਧਾਨ ਸਭਾ ਚੋਣਾਂ ਕੋਵਿਡ-19 ਪ੍ਰੋਟੋਕੋਲ ਦਾ ਪਾਲਣ ਕਰਦੇ ਹੋਏ ਸਮੇਂ ਸਿਰ ਕਰਵਾਈਆਂ ਜਾਣ। ਇਹ ਇਸ ਗੱਲ ਦਾ ਸੰਕੇਤ ਹੈ ਕਿ ਯੂਪੀ ਅਤੇ ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਮੁਲਤਵੀ ਨਹੀਂ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਅਲਾਹਾਬਾਦ ਹਾਈ ਕੋਰਟ ਨੇ 23 ਦਸੰਬਰ ਨੂੰ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਸੀ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਓਮੀਕਰੋਨ ਦੇ ਵਧਦੇ ਸੰਭਾਵੀ ਖ਼ਤਰੇ ਨੂੰ ਦੇਖਦਿਆਂ ਮੁਲਤਵੀ ਕੀਤੀਆਂ ਜਾਣ।
ਸ੍ਰੀ ਚੰਦਰਾ ਨੇ ਕਿਹਾ ਸੀ ਕਿ ਉਹ ਉੱਤਰ ਪ੍ਰਦੇਸ਼ ਦਾ ਦੌਰਾ ਕਰਨ ਮਗਰੋਂ ਇਸ ਮੁੱਦੇ ’ਤੇ ਢੁੱਕਵਾਂ ਫ਼ੈਸਲਾ ਲੈਣਗੇ। ਸੀਈਸੀ ਮੁਤਾਬਕ ਕੁਝ ਪਾਰਟੀਆਂ ਨੇ ਕਰੋਨਾਵਾਇਰਸ ਪ੍ਰੋਟੋਕੋਲ ਦੀ ਪਾਲਣਾ ਤੋਂ ਬਿਨਾਂ ਚੋਣ ਰੈਲੀਆਂ ਕੀਤੇ ਜਾਣ ’ਤੇ ਚਿੰਤਾ ਪ੍ਰਗਟਾਈ ਹੈ। ਅਗਲੇ ਸਾਲ ਦੇ ਸ਼ੁਰੂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਲਖਨਊ ਪੁੱਜੇ ਚੰਦਰਾ ਨੇ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਦੇਸ਼ ਤੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨਾਲ ਵੀ ਬੈਠਕਾਂ ਕੀਤੀਆਂ। ਆਪਣੇ ਤਿੰਨ ਦਿਨਾਂ ਦੌਰੇ ਦੇ ਅੰਤ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਚੰਦਰਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਹੁਣ 52.08 ਲੱਖ ਨਵੇਂ ਵੋਟਰ ਹਨ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਹੱਕ ਦੀ ਵਰਤੋਂ ਕਰਨਗੇ।
ਉਨ੍ਹਾਂ ਕਿਹਾ ਕਿ ਵੋਟਰਾਂ ਦੀ ਗਿਣਤੀ ਵਧਣ ਅਤੇ ਮੌਜੂਦਾ ਮਹਾਮਾਰੀ ਦੇ ਮੱਦੇਨਜ਼ਰ 11,000 ਹੋਰ ਪੋਲਿੰਗ ਬੂਥ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭੀੜ ਨਾ ਹੋਵੇ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ’ਤੇ ਭੀੜ ਰੋਕਣ ਲਈ ਰਾਜ ਭਰ ਵਿੱਚ ਪੋਲਿੰਗ ਦਾ ਸਮਾਂ ਵੀ ਇੱਕ ਘੰਟਾ ਵਧਾਇਆ ਜਾ ਰਿਹਾ ਹੈ। ਮੁੱਖ ਚੋਣ ਕਮਿਸ਼ਨਰ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਿਹਾ ਹੈ ਕਿ ਉਹ ਕਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਦਾ ਕੰਮ ਹੋਰ ਤੇਜ਼ੀ ਨਾਲ ਕਰੇ। ਉਨ੍ਹਾਂ ਕਿਹਾ ਕਿ ਪੋਲਿੰਗ ਅਧਿਕਾਰੀਆਂ ਦਾ ਟੀਕਾਕਰਨ ਹੋਵੇਗਾ ਅਤੇ ਯੋਗ ਅਧਿਕਾਰੀਆਂ ਨੂੰ ਬੂਸਟਰ ਡੋਜ਼ ਵੀ ਦਿੱਤੀ ਜਾਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly